ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਭਾਰਤ ਭੂਸ਼ਣ ਆਸ਼ੂ ਨਾਲ ਜੁੜੀ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਦੇ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ ਕਿਉਂਕਿ ਵਿਜੀਲੈਂਸ ਬਿਊਰੋ ਨੇ 2000 ਕਰੋੜ ਰੁਪਏ ਦੇ ਅਨਾਜ ਦੀ ਢੋਆ-ਢੁਆਈ ਦੇ ਘੁਟਾਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨਾਲ ਦਸਤਾਵੇਜ਼ ਅਤੇ ਵੇਰਵੇ ਸਾਂਝੇ ਕੀਤੇ ਹਨ। ਈਡੀ ਨੇ ਆਪਣੇ ਪੱਧਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਹੁਣ ਸਾਬਕਾ ਮੰਤਰੀ ਤੇ ਨਜ਼ਦੀਕੀਆਂ ‘ਤੇ ਹੋਰ ਸਖ਼ਤੀ ਹੋ ਸਕਦੀ ਹੈ। ਇਸ ਦੇ ਨਾਲ ਹੀ ਫਰਾਰ ਹੋਏ ਦੋਸ਼ੀਆਂ ‘ਤੇ ਸ਼ਿਕੰਜਾ ਕੱਸਣ ਲਈ ਵਿਜੀਲੈਂਸ ਪੂਰੀ ਤਰ੍ਹਾਂ ਤਿਆਰ ਹੈ। ਵਿਜੀਲੈਂਸ ਬਿਊਰੋ ਵੱਲੋਂ ਇਸ ਮਾਮਲੇ ਵਿੱਚ ਸਾਬਕਾ ਮੰਤਰੀ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਈਡੀ ਨੇ ਵਿਜੀਲੈਂਸ ਬਿਊਰੋ ਨੂੰ ਦਸਤਾਵੇਜ਼ ਅਤੇ ਹੋਰ ਵੇਰਵੇ ਉਨ੍ਹਾਂ ਨੂੰ ਸੌਂਪਣ ਲਈ ਕਿਹਾ ਸੀ।

ਵਿਜੀਲੈਂਸ ਅਧਿਕਾਰੀਆਂ ਅਨੁਸਾਰ ਇਸ ਮਾਮਲੇ ਦੀ ਜਾਂਚ ਮੁੱਢਲੇ ਪੜਾਅ ‘ਤੇ ਹੋਣ ਕਾਰਨ ਉਨ੍ਹਾਂ ਨੇ ਉਸ ਸਮੇਂ ਕੋਈ ਵੇਰਵਾ ਨਹੀਂ ਦਿੱਤਾ ਸੀ ਪਰ ਹੁਣ ਵਿਜੀਲੈਂਸ ਨੇ ਇਸ ਮਾਮਲੇ ‘ਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ ਅਤੇ ਹੁਣ ਵਿਜੀਲੈਂਸ ਨੇ ਇਸ ਮਾਮਲੇ ਦਾ ਰਿਕਾਰਡ ਵੀ ਸੌਂਪ ਦਿੱਤਾ ਹੈ। ਈਡੀ ਦੇ ਅਧਿਕਾਰੀਆਂ ਨਾਲ ਰਿਕਾਰਡ ਸਾਂਝਾ ਕਰਨ ਤੋਂ ਬਾਅਦ ਹੁਣ ਈਡੀ ਆਪਣੇ ਪੱਧਰ ‘ਤੇ ਬੈਂਕਾਂ ਦੇ ਲੈਣ-ਦੇਣ ਅਤੇ ਜਾਇਦਾਦਾਂ ਆਦਿ ਦੀ ਜਾਂਚ ਕਰਨ ਜਾ ਰਹੀ ਹੈ। ਇਸ ਕਾਰਨ ਸਾਬਕਾ ਮੰਤਰੀ ਆਸ਼ੂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ।