ਕਿਸਾਨ ਮਜ਼ਦੂਰ ਮੋਰਚਾ ਤੇ SKM ਦੇ ਸੱਦੇ ‘ਤੇ ਪੰਜਾਬ ਭਰ ‘ਚ BJP ਦੇ ਉਮੀਦਵਾਰਾਂ ਦੇ ਘਰਾਂ ਅੱਗੇ ਦਿੱਤੇ ਗਏ ਵਿਸ਼ਾਲ ਧਰਨੇ
ਕਿਸਾਨ ਅੰਦੋਲਨ ਦੀ ਅਗਵਾਹੀ ਕਰ ਰਹੇ ਦੋਨਾਂ ਫੋਰਮਾਂ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੱਦੇ ਤੇ ਭਾਜਪਾ ਉਮੀਦਵਾਰਾਂ ਦੇ ਘਰਾਂ ਅੱਗੇ ਧਰਨੇ ਦੇ ਪ੍ਰੋਗਰਾਮਾਂ ਤਹਿਤ ਅੱਜ ਅੱਜ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ, ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ, ਹੁਸ਼ਿਆਰਪੁਰ ਤੋਂ ਅਨੀਤਾ ਸੋਮ ਪ੍ਰਕਾਸ਼, ਜਲੰਧਰ ਤੋਂ ਸੁਸ਼ੀਲ ਰਿੰਕੂ, ਫਿਰੋਜ਼ਪੁਰ ਤੋਂ ਰਾਣਾ ਸੋਢੀ , ਭਾਜਪਾ ਪ੍ਰਧਾਨ ਸੁਨੀਲ ਜਾਖੜ , ਫਰੀਦਕੋਟ ਤੋਂ ਹੰਸ ਰਾਜ ਹੰਸ,ਬਠਿੰਡਾ ਤੋਂ ਪਰਮਪਾਲ ਕੌਰ ਮਲੂਕਾ, ਲੁਧਿਆਣਾ ਤੋਂ ਰਵਨੀਤ ਬਿੱਟੂ, ਪਟਿਆਲਾ ਤੋਂ ਪ੍ਰਨੀਤ ਕੌਰ ਅਤੇ ਸੰਗਰੂਰ ਤੋਂ ਅਰਵਿੰਦ ਖੰਨਾ ਦੇ ਘਰਾਂ ਅੱਗੇ ਵਿਸ਼ਾਲ ਧਰਨੇ ਦਿੱਤੇ ਗਏ ।
ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਜਦੋਂ ਕਿਸਾਨ ਮਜ਼ਦੂਰ ਮੋਰਚੇ ਦੇ 106 ਪੂਰੇ ਹੋ ਚੁੱਕੇ ਹਨ ਅਤੇ ਲੋਕ ਸਭਾ ਚੋਣਾਂ ਨੂੰ ਕੁਝ ਹੀ ਦਿਨ ਬਾਕੀ ਹਨ ਤਾਂ ਭਾਜਪਾ ਆਗੂਆਂ ਵੱਲੋਂ ਲਗਾਤਾਰ ਪੰਜਾਬ ਦੇ ਕਿਸਾਨਾਂ ਮਜਦੂਰਾਂ ਨੂੰ ਉਕਸਾਉਣ ਵਾਲੀ ਅਤੇ ਪਿੰਡਾਂ ਵਿੱਚ ਭਾਈਚਾਰਕ ਸਾਂਝ ਤੋੜਨ ਵਾਲੀ ਭਾਸ਼ਾ ਦੀ ਵਰਤੋਂ ਕੀਤੀ ਜਾ ਰਹੀ ਹੈ ਪਰ ਪੰਜਾਬ ਦੇ ਲੋਕ ਭਾਜਪਾ ਦੀ ਇਸ ਸਾਜ਼ਿਸ਼ਕਾਰੀ ਨੀਤੀ ਨੂੰ ਚੰਗੀਂ ਤਰ੍ਹਾਂ ਸਮਝਦੇ ਹਨ।
ਓਹਨਾ ਕਿਹਾ ਕਿ ਅਸੀਂ ਆਪਣੀਆਂ ਮੰਗਾ ਪ੍ਰਤੀ ਬਿਲਕੁਲ ਅਡੋਲ ਹਾਂ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਸਰਕਾਰ ਚਾਹੇ ਕਿਸੇ ਦੀ ਵੀ ਬਣੇ ਸਾਰੀਆਂ ਫ਼ਸਲਾਂ ਦੀ ਖਰੀਦ ਤੇ ਐਮ ਐੱਸ ਪੀ ਗਰੰਟੀ ਕਾਨੂੰਨ ਬਣਾਉਣ, ਕਿਸਾਨ ਮਜ਼ਦੂਰ ਦਾ ਸਮੁੱਚਾ ਕਰਜ਼ਾ ਖਤਮ ਕਰਵਾਉਣ, ਕਿਸਾਨ ਮਜਦੂਰ ਲਈ 58 ਸਾਲ ਦੀ ਉਮਰ ਤੋਂ ਬਾਅਦ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ, ਭੂੰਮੀ ਅਧਿਗ੍ਰਹਿਣ ਕਾਨੂੰਨ ਵਿੱਚ ਕੀਤੀਆਂ ਗਈਆਂ ਸੋਧਾਂ ਵਾਪਿਸ ਕਰਵਾਓਣ, ਮਜਦੂਰ ਲਈ ਮਨਰੇਗਾ ਅਧੀਨ 200 ਦਿਨ ਪ੍ਰਤੀ ਸਾਲ ਰੁਜਗਾਰ ਅਤੇ ਦਿਹਾੜੀ 700 ਰੁਪਏ ਕਰਵਾਓਣ ਸਮੇਤ ਸਾਰੀਆਂ ਮੰਗਾਂ ਮੰਨਣ ਤੱਕ ਸੰਘਰਸ਼ ਜਾਰੀਂ ਰਹੇਗਾ।
ਓਹਨਾ ਕਿਹਾ ਕਿ 30 ਤਰੀਕ ਨੂੰ ਪ੍ਰਧਾਨ ਮੰਤਰੀ ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਆਉਣ ਦੀਆਂ ਕਨਸੋਆ ਹਨ ਜਿਸ ਦੇ ਚਲਦੇ ਜਥੇਬੰਦੀਆਂ ਵੱਲੋਂ ਓਹਨਾ ਨੂੰ ਸਵਾਲ ਪੁੱਛਣ ਦੇ ਪ੍ਰੋਗਰਾਮ ਤਹਿਤ ਕਿਸਾਨ ਮਜ਼ਦੂਰ ਜਾਣਗੇ।









