ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹੇ ਦੀਆਂ ਮੰਡੀਆਂ ਦਾ ਦੌਰਾ
ਅੱਜ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਨੇ ਮੁੱਖ ਅਨਾਜ ਮੰਡੀ ਫਰੀਦਕੋਟ ਦਾ ਵੀ ਦੌਰਾ ਕੀਤਾ।
ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਮੰਡੀਆਂ ‘ਚ ਖ਼ਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਝੋਨੇ ਦੀ ਆਮਦ ਮੰਡੀਆਂ ਵਿੱਚ ਤੇਜ਼ੀ ਨਾਲ ਹੋਵੇਗੀ ਇਸ ਲਈ ਹੁਣ ਖ਼ਰੀਦ ਕੀਤੇ ਗਏ ਝੋਨੇ ਦੀ ਲਿਫ਼ਟਿੰਗ ਵੀ ਨਾਲੋਂ ਨਾਲ ਕੀਤੀ ਜਾਵੇ ਤਾਂ ਜੋ ਮੰਡੀਆਂ ‘ਚ ਕਿਸਾਨਾਂ ਨੂੰ ਜਗ੍ਹਾ ਦੀ ਸਮੱਸਿਆ ਦਾ ਸਾਹਮਣਾ ਵੀ ਨਾ ਕਰਨਾ ਪਵੇ।
ਕੁੱਲ 68 ਖਰੀਦ ਕੇਂਦਰ ਸਥਾਪਿਤ ਕੀਤੇ ਗਏ
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰੀਦਕੋਟ ਵਿਖੇ ਕੁੱਲ 68 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਆੜ੍ਹਤੀਆਂ ਹਦਾਇਤ ਕੀਤੀ ਕਿ ਮੰਡੀ ਵਿੱਚ ਆਏ ਝੋਨੇ ਦੀ ਨਾਲੋਂ ਨਾਲ ਖ਼ਰੀਦ ਕਰਨੀ ਯਕੀਨੀ ਬਣਾਈ ਜਾਵੇ ਤੇ ਮੰਡੀ ‘ਚ ਆਏ ਝੋਨੇ ਦੀ ਪੱਖਾ ਲਗਾਉਣ ਉਪਰੰਤ ਤੁਰੰਤ ਖ਼ਰੀਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਪੀਣ ਵਾਲੇ ਪਾਣੀ,ਛਾਂ ਆਦਿ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ।
‘ਉੱਨਤ ਕਿਸਾਨ‘ ਮੋਬਾਇਲ ਐਪ ਦੀ ਵਰਤੋਂ
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਤਕਨੀਕਾਂ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਕਿਸਾਨ ਨਵੀਨਤਮ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਆਸਾਨੀ ਨਾਲ ਖੇਤਾਂ ਵਿੱਚ ਹੀ ਮਿਲਾ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ‘ਉੱਨਤ ਕਿਸਾਨ‘ ਮੋਬਾਇਲ ਐਪ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਰਾਹੀਂ ਕਿਸਾਨ ਆਪਣੇ ਨੇੜੇ ਮੌਜੂਦ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਦੀ ਆਸਾਨੀ ਨਾਲ ਬੁਕਿੰਗ ਕਰਵਾ ਸਕਦੇ ਹਨ। ਉਨ੍ਹਾਂ ਕਿਸਾਨਾਂ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ ਤਾਂ ਜੋ ਉਸ ਦੀ ਖ਼ਰੀਦ ਤੁਰੰਤ ਕੀਤੀ ਜਾ ਸਕੇ
ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਮਾਰਕੀਟ ਕਮੇਟੀ ਅਮਨਦੀਪ ਸਿੰਘ ਬਾਬਾ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜਰ ਸਨ।