ਮੁਹਾਲੀ RPG ਹਮਲਾ :ਮੁੱਖ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ AK-56 ਸਣੇ ਦੋ ਮੁਲਜ਼ਮ ਗ੍ਰਿਫ਼ਤਾਰ

0
109

ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ’ਤੇ ਰਾਕੇਟ ਪ੍ਰੋਪੇਲਡ ਗ੍ਰਨੇਡ (ਆਰਪੀਜੀ) ਹਮਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੁਲਜ਼ਮ ਚੜ੍ਹਤ ਸਿੰਘ ਦੇ ਖੁਲਾਸਿਆਂ ਤੋਂ ਬਾਅਦ ਇੱਕ ਏਕੇ-56 ਅਸਾਲਟ ਰਾਈਫ਼ਲ ਬਰਾਮਦ ਕਰ ਕੇ ਉਸ ਦੇ ਦੋ ਸਹਿਯੋਗੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਇਹ ਦੋਵੇਂ ਮੁਲਜ਼ਮ ਚੜ੍ਹਤ ਸਿੰਘ ਨੂੰ ਪਨਾਹ ਦਿੰਦੇ ਸਨ। ਜ਼ਿਕਰਯੋਗ ਹੈ ਕਿ  9 ਮਈ, 2022 ਨੂੰ ਮੋਹਾਲੀ ਵਿੱਚ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਲਗਭਗ 19:45 ਵਜੇ ਇੱਕ ਆਰਪੀਜੀ ਹਮਲਾ ਕੀਤਾ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਇੱਕ ਏ.ਕੇ-56 ਸਣੇ 100 ਕਾਰਤੂਸ ਤੇ ਇੱਕ 30 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਈਦ ਮੁਹੰਮਦ ਤੌਸੀਫ ਚਿਸ਼ਤੀ ਉਰਫ਼ ਚਿੰਕੀ ਵਾਸੀ ਅਜਮੇਰ (ਰਾਜਸਥਾਨ) ਨੂੰ ਚੜ੍ਹਤ ਸਿੰਘ ਦੀ ਪੁੱਛ-ਪੜਤਾਲ ਤੋਂ ਬਾਅਦ ਹੀ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਡੀਜੀਪੀ ਨੇ ਕਿਹਾ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜਮ ਚਿੰਕੀ ਪਿਛਲੇ 5-7 ਸਾਲਾਂ ਤੋਂ ਲਖਬੀਰ ਲੰਡਾ ਦੇ ਸੰਪਰਕ ਵਿੱਚ ਸੀ ਅਤੇ ਲੰਡਾ ਦੇ ਨਿਰਦੇਸ਼ਾਂ ‘ਤੇ ਚਿੰਕੀ ਨੇ ਅਜਮੇਰ ਵਿੱਚ ਅਲ-ਖਾਦਿਮ ਨਾਮ ਦੇ ਇੱਕ ਗੈਸਟ ਹਾਊਸ ਵਿੱਚ ਚੜਤ ਲਈ ਠਹਿਰਨ ਦਾ ਪ੍ਰਬੰਧ ਕੀਤਾ ਸੀ। ਚੜਤ ਨੇ ਕਬੂਲਿਆ ਹੈ ਕਿ ਲੰਡਾ ਨੇ ਚਿੰਕੀ ਨੂੰ ਕਰੀਬ 3 ਤੋਂ 4 ਲੱਖ ਰੁਪਏ ਭੇਜੇ ਹਨ।

ਉਨਾਂ ਦੱਸਿਆ ਕਿ ਚੜਤ ਦੇ ਇੱਕ ਹੋਰ ਸਾਥੀ ਜਿਸਦੀ ਦੀ ਪਛਾਣ ਸੁਨੀਲ ਕੁਮਾਰ ਉਰਫ ਕਾਲਾ ਵਜੋਂ ਹੋਈ ਹੈ ਅਤੇ ਜਿਸ ਨੇ ਚੜਤ ਸਿੰਘ ਨੂੰ ਅਮਰੀਕਾ ਸਥਿਤ ਜਗਰੂਪ ਸਿੰਘ ਉਰਫ ਰੂਪ ਦੇ ਨਿਰਦੇਸ਼ਾਂ ‘ਤੇ ਛੁਪਣਗਾਹ ਮੁਹੱਈਆ ਕਰਵਾਈ ਸੀ, ਨੂੰ ਵੀ ਰੋਪੜ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸ੍ਰੀ ਆਨੰਦਪੁਰ ਸਾਹਿਬ ਦਾ ਰਹਿਣ ਵਾਲਾ ਜਗਰੂਪ ਰੂਪ ਲਖਬੀਰ ਲੰਡਾ ਦਾ ਕਰੀਬੀ ਮੰਨਿਆ ਜਾਂਦਾ ਹੈ।

LEAVE A REPLY

Please enter your comment!
Please enter your name here