ਫਸਲਾਂ ਦੇ ਨੁਕਸਾਨ ਦੇ ਮੁਲਾਂਕਣ ਲਈ 500 ਤੋਂ ਵਧ ਕਰਮਚਾਰੀ ਤਾਇਨਾਤ : ਖੁੱਡੀਆਂ

0
32
Gurmeet

ਚੰਡੀਗੜ੍ਹ, 8 ਅਪ੍ਰੈਲ 2026 : ਪੰਜਾਬ ਵਿਚ ਖਰਾਬ ਮੌਸਮ ਕਾਰਨ ਹੋਏ ਫਸਲਾਂ ਦੇ ਨੁਕਸਾਨ ਦੇ ਮੁਲਾਂਕਣ ਲਈ ਖੇਤੀਬਾੜੀ ਵਿਭਾਗ (Department of Agriculture) ਦੇ 500 ਤੋਂ ਵਧ ਕਰਮਚਾਰੀ ਤਾਇਨਾਤ ਕੀਤੇ ਜਾਣ ਦਾ ਸਮਾਚਾਰ ਹੈ ।

ਕੀ ਆਖਿਆ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khudiyan) ਨੇ ਅੱਜ ਐਲਾਨ ਕੀਤਾ ਕਿ ਹਾਲ ਹੀ ਵਿੱਚ ਆਏ ਖਰਾਬ ਮੌਸਮ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਪੰਜਾਬ ਸੂਬੇ ਦੇ ਸੱਤ ਜਿਲ੍ਹਿਆਂ ਦੇ ਪ੍ਰਭਾਵਿਤ ਖੇਤਰਾਂ ਵਿੱਚ ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਕਰਮਚਾਰੀ ਤਾਇਨਾਤ ਕੀਤੇ ਗਏ ਹਨ ।

ਗਰੁੱਪ-ਏ ਟੀਮ ਵਿਚ ਸ਼ਾਮਲ ਅਧਿਕਾਰੀ ਕਿਹੜੇ ਕਿਹੜੇ ਖੇਤਰ ਦਾ ਕਰਨਗੇ ਮੁਲਾਂਕਣ

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਕਰਮਚਾਰੀ, ਜਿਨ੍ਹਾਂ ਵਿੱਚ 145 ਗਰੁੱਪ ਏ ਅਧਿਕਾਰੀ ਸ਼ਾਮਲ ਹਨ, ਪ੍ਰਭਾਵਿਤ ਜਿਲ੍ਹਿਆਂ ਅੰਮ੍ਰਿਤਸਰ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ, ਮਾਨਸਾ, ਫਿਰੋਜ਼ਪੁਰ ਅਤੇ ਮੋਗਾ ਵਿੱਚ ਮੁਲਾਂਕਣ ਦੇ ਕੰਮ ਦੀ ਵਿਸ਼ੇਸ਼ ਤੌਰ ‘ਤੇ ਨਿਗਰਾਨੀ ਕਰ ਰਹੇ ਹਨ । ਇਨ੍ਹਾਂ ਟੀਮਾਂ ਨੂੰ ਮੁੱਖ ਮੰਤਰੀ (Chief Minister) ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਵੱਲੋਂ ਐਲਾਨੀ ਗਈ ‘ਵਿਸ਼ੇਸ਼ ਗਿਰਦਾਵਰੀ’ (ਫਸਲਾਂ ਦੇ ਨੁਕਸਾਨ ਦਾ ਮੁਲਾਂਕਣ) ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਮਾਲ ਵਿਭਾਗ ਨਾਲ ਤਾਲਮੇਲ ਵਿੱਚ ਕੰਮ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ।

7 ਜਿਲਿਆਂ ਵਿਚ ਕਿੰਨੀ ਫਸਲ ਹੋਈ ਹੈ ਪ੍ਰਭਾਵਿਤ

ਕੁਦਰਤੀ ਆਫ਼ਤ ਦੇ ਪ੍ਰਭਾਵ ਬਾਰੇ ਵਿਸਥਾਰ ਵਿੱਚ ਦੱਸਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਢਲੀਆਂ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਹਾਲ ਹੀ ਵਿੱਚ ਹੋਈ ਬਾਰਸ਼ ਅਤੇ ਗੜੇਮਾਰੀ ਕਾਰਨ ਸੱਤ ਜਿ਼ਲ੍ਹਿਆਂ ਵਿੱਚ 1.25 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਕਣਕ ਦੀ ਫ਼ਸਲ ਪ੍ਰਭਾਵਿਤ ਹੋਈ ਹੈ । ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ।

ਸਰਕਾਰ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਹੈ ਵਚਨਬੱਧ

ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਦੀ ਭਰਪਾਈ ਨਿਰਧਾਰਤ ਨਿਯਮਾਂ ਅਨੁਸਾਰ ਕੀਤੀ ਜਾਵੇਗੀ । ਡਿਪਟੀ ਕਮਿਸ਼ਨਰਾਂ ਵੱਲੋਂ ਅੰਤਿਮ ਰਿਪੋਰਟ ਪੇਸ਼ ਕਰਨ ਤੋਂ ਬਾਅਦ ਇਹ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿ ਹਰੇਕ ਪ੍ਰਭਾਵਿਤ ਕਿਸਾਨ ਨੂੰ ਉਸਦਾ ਬਣਦਾ ਹੱਕ ਮਿਲੇ ।

LEAVE A REPLY

Please enter your comment!
Please enter your name here