ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਅੱਜ ਪੂਰੇ ਵਿਸ਼ਵ ਦੇ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਖ਼ੂਬਸੂਰਤ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ। ਦੇਸ਼ਾਂ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਦੇ ਵਿਚ ਸਿੱਖ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।
ਇੱਥੇ ਇਹ ਦੱਸਣਾ ਬਣਦਾ ਹੈ ਕਿ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰੂ ਸਾਹਿਬਾਨ, ਭਗਤ ਸਾਹਿਬਾਨ ਅਤੇ ਭੱਟਾਂ ਦੀ ਬਾਣੀ ਨੂੰ ਇਕੱਤਰ ਕਰਕੇ ਭਾਈ ਗੁਰਦਾਸ ਜੀ ਅਤੇ ਹੋਰ ਸਹਾਇਕ ਲਿਖਾਰੀਆਂ ਪਾਸੋਂ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਆਦਿ ਗ੍ਰੰਥ ਦੀ ਸੰਪਾਦਨਾ ਕੀਤੀ ਸੀ।
ਇਸ ਉਪਰੰਤ ਨਗਰ ਕੀਰਤਨ ਦੇ ਰੂਪ ਵਿੱਚ ਇਸ ਪਾਵਨ ਬੀੜ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਿੱਚ ਇਸ ਦਾ ਪਹਿਲਾ ਪ੍ਰਕਾਸ਼ ਕੀਤਾ ਸੀ। ਇਸ ਮੌਕੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਇੱਕ ਵਾਰ ਫਿਰ ਗੁਰਦੁਆਰਾ ਰਾਮਸਰ ਸਾਹਿਬ ਤੋਂ ਸ਼ੁਰੂ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲ ਨੂੰ ਨਗਰ ਕੀਰਤਨ ਦੇ ਰੂਪ ਵਿੱਚ ਰਵਾਨਾ ਹੋ ਰਿਹਾ ਹੈ।