ਪੰਜਾਬ ਦੀਆਂ ਜੇਲ੍ਹਾਂ ‘ਚ ਲਗਾਤਾਰ ਨਸ਼ੀਲੇ ਪਦਾਰਥ ਤੇ ਮੋਬਾਇਲ ਮਿਲਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਤੇ ਜੇਲ੍ਹਾਂ ਚੋਂ ਨਸ਼ਾ ਅਤੇ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲਾ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਤੋਂ ਸਾਹਮਣੇ ਆਇਆ ਹੈ ਜਿੱਥੋ ਲਾਵਾਰਿਸ ਹਾਲਤ ’ਚ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।
ਮਿਲੀ ਜਾਣਕਾਰੀ ਮੁਤਾਬਿਕ ਬੀਤੇ ਦਿਨ ਜੇਲ੍ਹ ਦੀ ਬੈਰਕ ਨੰਬਰ 8 ਦੇ ਕਮਰਾ ਨੰਬਰ 6 ਦੀ ਤਲਾਸ਼ੀ ਦੌਰਾਨ ਜੇਲ੍ਹ ਅਧਿਕਾਰੀਆਂ ਨੂੰ 1340 ਨਸ਼ੀਲੀਆਂ ਗੋਲੀਆਂ ਲਵਾਰਿਸ ਹਾਲਤ ਵਿਚ ਬਰਾਮਦ ਹੋਈਆਂ।
ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਜੇਲ੍ਹ ਦੇ ਸਹਾਇਕ ਸੁਪਰਡੈਂਟ ਬਲਵੀਰ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਸਾਹਿਬ ਪੁਲਿਸ ਵੱਲੋਂ ਨਾ ਮਾਲੂਮ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਜੇਲ੍ਹਾਂ ‘ਚੋਂ ਲਗਾਤਾਰ ਮੋਬਾਈਲ ਫੋਨ ਅਤੇ ਨਸ਼ਾ ਮਿਲ ਰਿਹਾ ਹੈ। ਜਿਸ ਕਾਰਨ ਪੁਲਿਸ ਪ੍ਰਸ਼ਾਸਨ ਦੇ ਪ੍ਰਬੰਧ ਸਵਾਲਾਂ ਦੇ ਘੇਰੇ ’ਚ ਆਉਂਦੇ ਰਹਿੰਦੇ ਹਨ। ਹਾਲਾਂਕਿ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਕਰਨ ਬਾਰੇ ਕਿਹਾ ਜਾਂਦਾ ਹੈ ਪਰ ਇਹ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ।