ਭਾਰਤੀ ਸਿੱਖ ਸ਼ਰਧਾਲੂਆਂ ਦਾ ਜੱਥਾ ਜੂਨ ਮਹੀਨੇ ‘ਚ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਜਾ ਰਿਹਾ ਹੈ। ਇਸ ਜੱਥਾ ਦੇ ਰਵਾਨਾ ਹੋਣ ਤੋਂ ਪਹਿਲਾਂ ਹੀ ਭਾਰਤ ਦੇ ਗ੍ਰਹਿ ਮੰਤਰਾਲੇ ਨੇ ਸਾਰੇ ਰਾਜਾਂ ਅਤੇ ਖਾਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇੱਕ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਜਿਸ ‘ਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਪ੍ਰਾਹੁਣਚਾਰੀ ਤੋਂ ਦੂਰੀ ਬਣਾ ਕੇ ਰੱਖਣ ਅਤੇ ਪਾਕਿਸਤਾਨੀ ਨਾਗਰਿਕਤਾ ਵੱਲੋਂ ਨਿੱਜੀ ਸਹੂਲਤਾਂ ਦੀ ਪੇਸ਼ਕਸ਼ ਸਵੀਕਾਰ ਨਾ ਕਰਨ।
ਕੇਂਦਰ ਸਰਕਾਰ ਨੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਤੇ ਸ਼੍ਰੋਮਣੀ ਕਮੇਟੀ ਨੂੰ ਇਸ ਸੰਬੰਧ ਵਿਚ ਲਿਖਤੀ ਐਡਵਾਈਜ਼ਰੀ ਜਾਰੀ ਕੀਤੀ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਐਡਵਾਈਜ਼ਰੀ ਮੁਤਾਬਕ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਪਾਕਿਸਤਾਨੀ ਨਾਗਰਿਕਾਂ ਵੱਲੋਂ ਦਿੱਤੇ ਨਿੱਜੀ ਸੱਦੇ ਨੂੰ ਠੁਕਰਾ ਦੇਣ ਲਈ ਕਿਹਾ ਗਿਆ ਹੈ। ਪਾਕਿਸਤਾਨ ਵਿੱਚ ਕੋਈ ਵੀ ਸ਼ਰਧਾਲੂ ਕਿਸੇ ਦਾ ਮਹਿਮਾਨ ਨਾ ਬਣੇ ਅਤੇ ਮਹਿਮਾਨਨਿਵਾਜ਼ੀ ਨਾ ਕਰੇ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਪੱਤਰ ਐਡਵਾਈਜ਼ਰੀ ਵਜੋਂ ਭੇਜਿਆ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸੰਗਤਾਂ ਨੂੰ ਇਹ ਹਦਾਇਤ ਸਪੱਸ਼ਟ ਕਰ ਦਿੱਤੀ ਗਈ ਹੈ।ਇਸ ਨਿਰਦੇਸ਼ ਦੇ ਨਾਲ, ਗ੍ਰਹਿ ਮੰਤਰਾਲੇ ਨੇ ਸ਼ਰਧਾਲੂਆਂ ਨੂੰ ਆਪਣੀ ਯਾਤਰਾ ਦੌਰਾਨ ਪਾਕਿਸਤਾਨੀ ਖੁਫੀਆ ਏਜੰਸੀਆਂ ਦੇ ਅਧਿਕਾਰੀਆਂ ਅਤੇ ਏਜੰਟਾਂ ਨਾਲ ਗੱਲਬਾਤ ਕਰਨ ਤੋਂ ਵੀ ਮਨਾਹੀ ਕੀਤੀ ਹੈ।