ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਅਗਲੇ ਦੋ ਦਿਨਾਂ ਤੱਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਪਨਬੱਸ ਅਤੇ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਕੱਚੇ ਮੁਲਾਜ਼ਮਾਂ ਨੇ 12 ਅਤੇ 13 ਮਾਰਚ ਨੂੰ ਸਰਕਾਰੀ ਬੱਸਾਂ ਨਾ ਚਲਾਉਣ ਦਾ ਐਲਾਨ ਕੀਤਾ ਹੈ। ਲੁਧਿਆਣਾ ਵਿੱਚ ਕੱਚੇ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਕੀਤੀ ਗਈ ਅਤੇ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ।
ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਪਿਛਲੇ ਕਈ ਦਿਨਾਂ ਤੋਂ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦੇ ਰਹੇ ਹਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀ ਸੁਰੱਖਿਆ ਲਈ ਕੋਈ ਕਦਮ ਨਹੀਂ ਚੁੱਕ ਰਹੀ। ਹਰ ਵਾਰ ਹੜਤਾਲ ਤੋਂ ਬਾਅਦ ਉਨ੍ਹਾਂ ਨੂੰ ਭਰੋਸਾ ਦੇ ਕੇ ਵਾਪਸ ਭੇਜ ਦਿੱਤਾ ਜਾਂਦਾ ਹੈ। ਪਰ ਇਸ ਵਾਰ ਉਹ ਸਰਕਾਰ ਖਿਲਾਫ ਡਟੇ ਰਹਿਣਗੇ।
ਮੁਲਾਜ਼ਮਾਂ ਨੇ ਦੱਸਿਆ ਕਿ ਮੰਗਲਵਾਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਪੰਜਾਬ ਵਿੱਚ ਬੱਸਾਂ ਨਹੀਂ ਚੱਲਣਗੀਆਂ।ਅੱਜ ਪੰਜਾਬ ਭਰ ਵਿੱਚ ਮੁਲਾਜ਼ਮ ਬੱਸ ਸਟੈਂਡਾਂ ਦੇ ਬਾਹਰ ਗੇਟ ਰੈਲੀਆਂ ਕਰਨਗੇ। ਇਸ ਤੋਂ ਇਲਾਵਾ ਮੁਲਾਜ਼ਮਾਂ ਨੇ 13 ਮਾਰਚ ਦਿਨ ਬੁੱਧਵਾਰ ਨੂੰ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਵੀ ਐਲਾਨ ਕੀਤਾ ਹੈ।