ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ CM ਮਾਨ ਨੇ ਸਮੂਹ ਸੰਗਤ ਨੂੰ ਦਿੱਤੀ ਵਧਾਈ
ਪੰਜਾਬ ਦੇ CM ਭਗਵੰਤ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ‘ਤੇ ਦੇਸ਼-ਵਿਦੇਸ਼ ‘ਚ ਵੱਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਗੁਰਪੁਰਬ ਦੀ ਪੂਰਵ ਸੰਧਿਆ ‘ਤੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਇੱਕ ਮਹਾਨ ਅਧਿਆਤਮਿਕ ਦੂਤ ਸਨ ਜਿਨ੍ਹਾਂ ਨੇ ਪ੍ਰਮਾਤਮਾ ਦੀ ਭਗਤੀ ਅਤੇ ਸ਼ਰਧਾ ਦੇ ਫਲਸਫੇ ਅਤੇ ਪ੍ਰਸਾਰ ਰਾਹੀਂ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਦਿਖਾਇਆ।
ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਭਰਮ-ਭੁਲੇਖੇ ਤੋਂ ਮੁਕਤ ਜਾਤ-ਰਹਿਤ ਸਮਾਜ ਦੀ ਕਲਪਨਾ ਕੀਤੀ, ਜਿਸ ਨੇ ਦੁਖੀ ਮਨੁੱਖਤਾ ਦੀ ਭਲਾਈ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਉਦੇਸ਼ਾਂ ਅਤੇ ਟੀਚਿਆਂ ਵੱਲ ਪ੍ਰੇਰਿਤ ਕਰਦਿਆਂ ਜਾਤੀਵਾਦ, ਦੁਸ਼ਮਣੀ, ਝੂਠ, ਦਿਖਾਵਾ ਅਤੇ ਪਾਖੰਡ ਤੋਂ ਮੁਕਤ ਹੋਣ ਦਾ ਸੱਦਾ ਦਿੱਤਾ।
ਇਹ ਵੀ ਪੜ੍ਹੋ : ਚੰਡੀਗੜ੍ਹ ਨੂੰ ਲੈ ਕੇ ਪੰਜਾਬ-ਹਰਿਆਣਾ ਵਿਚਾਲੇ ਟਕਰਾਅ, ਦੋਵਾਂ ਸੂਬਿਆਂ ਦੇ BJP ਆਗੂ ਵੀ ਆਹਮੋ-ਸਾਹਮਣੇ
ਨਿਮਰਤਾ ਦੇ ਮਾਰਗ ‘ਤੇ ਚੱਲਣ ਦੀ ਅਪੀਲ
ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਸੇਵਾ ਅਤੇ ਨਿਮਰਤਾ ਦੇ ਮਾਰਗ ‘ਤੇ ਚੱਲਣ ਅਤੇ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਅਨੁਸਾਰ ਸ਼ਾਂਤਮਈ, ਖੁਸ਼ਹਾਲ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਯਤਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਗੁਰੂ ਪਰਵ ਦੇ ਪਵਿੱਤਰ ਦਿਹਾੜੇ ਨੂੰ ਜਾਤ-ਪਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਸ਼ਰਧਾ ਅਤੇ ਤਨਦੇਹੀ ਨਾਲ ਮਨਾਉਣ ਦੀ ਅਪੀਲ ਕੀਤੀ।