ਪਟਿਆਲਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।ਇਸਦੀ ਜਾਣਕਾਰੀ ਖੁਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਵਲੋਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਰਾਜਪੁਰਾ ਹਾਈਵੇਅ ਤੋਂ ਪੰਜ ਅਪਰਾਧੀਆਂ ਨੂੰ ਕਾਬੂ ਕੀਤਾ ਗਿਆ ਹੈ।
ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਨਵੀਂ ਦਿੱਲੀ ਵਿੱਚ ਧਾਰਾ 307, 395, 392, 382, 379 ਆਈਪੀਸੀ ਅਤੇ ਅਸਲਾ ਐਕਟ ਤਹਿਤ 20 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਮੁਲਜ਼ਮਾਂ ਕੋਲੋਂ ਇੱਕ ਵਾਹਨ, 3 ਪਿਸਤੌਲ ਅਤੇ 20 ਕਾਰਤੂਸ ਬਰਾਮਦ ਕੀਤੇ ਗਏ ਹਨ।
ਉਨ੍ਹਾਂ ਨੇ ਦੱਸਿਆ ਕਿ ਇਹ ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੀ ਫਿਰਾਕ ‘ਚ ਸਨ।ਇਸ ਗਿਰੋਹ ਦੀ ਯੋਜਨਾ ਲੁਧਿਆਣਾ ਅਤੇ ਜਲੰਧਰ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਸੀ। ਮੁਲਜ਼ਮਾਂ ਖ਼ਿਲਾਫ਼ ਰਾਜਪੁਰਾ ਵਿੱਚ ਧਾਰਾ 382, 399, 473 ਆਈਪੀਸੀ ਅਤੇ 25(6) ਆਰਮਜ਼ ਐਕਟ ਸੋਧ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਗਠਿਤ ਅਪਰਾਧ ਗਠਜੋੜ ਨੂੰ ਨੱਥ ਪਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ









