ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੰਜਾਬ ਦਾ ਦੌਰਾ ਕਰਨਗੇ। ਇਸ ਵਾਰ ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਦੇ ਸਮੁੱਚੇ ਸੁਰੱਖਿਆ ਪ੍ਰਬੰਧਾਂ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਕੇਂਦਰੀ ਖ਼ੁਫ਼ੀਆ ਏਜੰਸੀਆਂ ਅਤੇ ਸੂਬਾਈ ਖ਼ੁਫ਼ੀਆ ਵਿੰਗ ਵੱਲੋਂ ਚੱਪੇ ਚੱਪੇ ’ਤੇ ਨਿਗ੍ਹਾ ਰੱਖੀ ਜਾ ਰਹੀ ਹੈ। ਸਮਾਗਮਾਂ ਦੇ ਚਾਰ ਚੁਫੇਰੇ ਵਾਲੇ ਹਵਾਈ ਖੇਤਰ ਨੂੰ ‘ਨੋ ਫਲਾਈ ਜ਼ੋਨ’ ਐਲਾਨਿਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਮੁੱਲਾਂਪੁਰ (ਨਵਾਂ ਚੰਡੀਗੜ੍ਹ) ਵਿਖੇ 300 ਬਿਸਤਰਿਆਂ ਵਾਲੇ ਹੋਮੀ ਭਾਬਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ।

ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਵੇਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਫਿਰੋਜ਼ਪੁਰ ਰੈਲੀ ਲਈ ਪੰਜਾਬ ਆਏ ਸਨ, ਪਰ ਸੁਰੱਖਿਆ ’ਚ ਕਥਿਤ ਖਾਮੀ ਕਰ ਕੇ ਉਦੋਂ ਉਨ੍ਹਾਂ ਨੂੰ ਵਾਪਸ ਮੁੜਨਾ ਪਿਆ ਸੀ। ਮੋਦੀ ਉਦੋਂ ਕਾਫ਼ੀ ਖ਼ਫ਼ਾ ਹੋ ਕੇ ਵਾਪਸ ਪਰਤੇ ਸਨ। ਉਸ ਮੌਕੇ ਪੰਜਾਬ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਸੀ। ਉਂਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਖ਼ਰੀ ਦਫ਼ਾ 14 ਫਰਵਰੀ ਨੂੰ ਜਲੰਧਰ ਆਏ ਸਨ। ਭਲਕੇ ਪ੍ਰਧਾਨ ਮੰਤਰੀ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਸਟੇਜ ਸਾਂਝੀ ਕਰਨਗੇ।ਮੁੱਖ ਮੰਤਰੀ ਭਗਵੰਤ ਮਾਨ ਫ਼ਿਰੋਜ਼ਪੁਰ ਫੇਰੀ ਤੋਂ ਸਬਕ ਲੈਂਦਿਆਂ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਅਜਿਹਾ ਕੋਈ ਮੌਕਾ ਨਹੀਂ ਦੇਣਾ ਚਾਹੁੰਦੇ ਹਨ।

ਪ੍ਰਧਾਨ ਮੰਤਰੀ ਦੀ ਫੇਰੀ ਲਈ ਦਸ ਹਜ਼ਾਰ ਤੋਂ ਵੱਧ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਅਤੇ ਇਨ੍ਹਾਂ ’ਚੋਂ ਸੱਤ ਹਜ਼ਾਰ ਪੁਲੀਸ ਮੁਲਾਜ਼ਮਾਂ ਦਾ ਪਹਿਰਾ ਰਹੇਗਾ। ਸੁਰੱਖਿਆ ਦੀ ਕਮਾਨ ਤਿੰਨ ਏਡੀਜੀਪੀਜ਼, ਕਈ ਆਈਜ਼ ਅਤੇ ਡੀਆਈਜੀ ਕਰ ਰਹੇ ਹਨ। ਪ੍ਰਧਾਨ ਮੰਤਰੀ ਦੀ ਫੇਰੀ ਨੂੰ ਲੈ ਕੇ ਸੱਤਾਧਾਰੀ ਧਿਰ ਕਾਫ਼ੀ ਉਤਸ਼ਾਹ ਵਿਚ ਹੈ ਜਦੋਂ ਕਿ ਬਾਕੀ ਸਿਆਸੀ ਧਿਰਾਂ ਵਿਚ ਕੋਈ ਜਲੌਅ ਨਜ਼ਰ ਨਹੀਂ ਆਇਆ। ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਦੇ ਸਮਾਗਮਾਂ ਵਾਲੀ ਥਾਂ ਪੰਡਾਲ ਵਿੱਚ ਪੰਜ ਹਜ਼ਾਰ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਦਰਸ਼ਕਾਂ ਦੀ ਤਸਦੀਕ ਹਰ ਜ਼ਿਲ੍ਹੇ ’ਚੋਂ ਪੰਚਾਇਤਾਂ ਅਤੇ ਆਸ਼ਾ ਵਰਕਰਾਂ ਵੱਲੋਂ ਕੀਤੀ ਜਾਣੀ ਹੈ।

ਮੁੱਖ ਸਮਾਗਮ ਵਾਲੀ ਥਾਂ ਨੂੰ ਪੁਲੀਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਸਰਕਾਰ ਵੱਲੋਂ ਅਧਿਕਾਰਤ ਵਿਅਕਤੀਆਂ ਤੋਂ ਬਿਨਾਂ ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਸਮਾਗਮ ਵਾਲੀ ਥਾਂ ਤੋਂ ਅੱਠ ਕਿੱਲੋਮੀਟਰ ਦੂਰ ਤੱਕ ਪੈਂਦੀਆਂ ਸੜਕਾਂ ’ਤੇ ਪੁਲੀਸ ਪਹਿਰੇ ਲਾ ਦਿੱਤੇ ਗਏ ਹਨ ਅਤੇ ਚਾਰ ਪੜਾਵੀਂ ਬੈਰੀਕੇਡਿੰਗ ਕੀਤੀ ਗਈ ਹੈ। ਹਵਾਈ ਫ਼ੌਜ ਅਤੇ ਕੇਂਦਰੀ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਸੁਰੱਖਿਆ ਨੂੰ ਲੈ ਕੇ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸਮਾਰੋਹਾਂ ਵਿਚ ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਡਿਊਟੀ ਲਾਈ ਗਈ ਹੈ। ਦਿੱਲੀ ਤੋਂ ਅੱਜ ਪੁੱਜੇ ਵਿਸ਼ੇਸ਼ ਸੁਰੱਖਿਆ ਦਸਤੇ ਨੇ ਸੁਰੱਖਿਆ ਘੇਰੇ ਦਾ ਜਾਇਜ਼ਾ ਲਿਆ। ਭਾਜਪਾ ਦੇ ਇੱਕ ਸੀਨੀਅਰ ਆਗੂ ਨੇ ਕਿਹਾ ਕਿ ਮੁਹਾਲੀ ਨੇੜਲੇ ਸੱਤ ਜ਼ਿਲ੍ਹਿਆਂ ’ਚੋਂ ਲੋਕਾਂ ਨੂੰ ਲਿਆਉਣ ਲਈ ਕਰੀਬ 100 ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਸਮਾਗਮਾਂ ਲਈ ਨਿੱਜੀ ਤੌਰ ’ਤੇ ਸੱਦਾ ਦਿੱਤਾ ਗਿਆ ਹੈ ਜਦੋਂ ਕਿ ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਲੀਡਰਸ਼ਿਪ ਨੂੰ ਵੀਵੀਆਈਪੀ ਪਾਸ ਦਿੱਤੇ ਗਏ ਹਨ।

LEAVE A REPLY

Please enter your comment!
Please enter your name here