ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਕੌਂਸਲਰ ਜਗਰੂਪ ਸਿੰਘ ਗਿੱਲ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

0
53

ਬਠਿੰਡਾ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਕਰੀਬੀ ਸਾਬਕਾ ਪ੍ਰਧਾਨ ਕੌਂਸਲਰ ਜਗਰੂਪ ਸਿੰਘ ਗਿੱਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਚੰਡੀਗੜ੍ਹ ਵਿਖੇ ‘ਆਪ’ ਵਿਚ ਸ਼ਾਮਲ ਹੋਏ।

ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਇਕ ਸਵਾਲ ਦੇ ਜਵਾਬ ਵਿੱਚ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਜਗਰੂਪ ਸਿੰਘ ਗਿੱਲ ਨੂੰ ਬਠਿੰਡਾ ਤੋਂ ਟਿਕਟ ਦੇਣੀ ਜਾਂ ਹਲਕਾ ਇੰਚਾਰਜ ਬਣਾਉਣ ਦਾ ਫ਼ੈਸਲਾ ਪਾਰਟੀ ਵੱਲੋਂ ਮੀਟਿੰਗ ਦੌਰਾਨ ਲਿਆ ਜਾਵੇਗਾ। ਫਿਲਹਾਲ ਜਗਰੂਪ ਗਿੱਲ ਬਿਨਾਂ ਸ਼ਰਤ ਪਾਰਟੀ ‘ਚ ਸ਼ਾਮਲ ਹੋਏ ਹਨ। ਪਾਰਟੀ ‘ਚ ਸ਼ਾਮਲ ਹੋਣ ਤੋਂ ਬਾਅਦ ਜਗਰੂਪ ਗਿੱਲ ਨੇ ਕਿਹਾ ਕਿ ਉਹ ਪਾਰਟੀ ਦੀ ਕਾਮਯਾਬੀ ਲਈ ਦਿਨ-ਰਾਤ ਮਿਹਨਤ ਕਰਨਗੇ।

ਜਗਰੂਪ ਸਿੰਘ ਗਿੱਲ ਲਗਾਤਾਰ ਛੇ ਵਾਰ ਬਠਿੰਡਾ ਨਗਰ ਨਿਗਮ ਦੇ ਕੌਂਸਲਰ ਰਹੇ ਹਨ। ਉਹ ਲੰਬਾ ਸਮਾਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵੀ ਰਹੇ। ਕੁਝ ਸਮਾਂ ਪਹਿਲਾਂ ਕੈਪਟਨ ਦੀ ਕਾਂਗਰਸ ਸਰਕਾਰ ਨੇ ਜਗਰੂਪ ਗਿੱਲ ਨੂੰ ਜ਼ਿਲ੍ਹਾ ਪਲੈਨਿੰਗ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਸੀ ਪਰ ਉਨ੍ਹਾਂ ਨਗਰ ਕੌਂਸਲਰ ਦੀ ਚੋਣ ਲੜਨ ਤੋਂ ਪਹਿਲਾਂ ਜ਼ਿਲ੍ਹਾ ਪਲਾਨਿੰਗ ਬੋਰਡ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜਗਰੂਪ ਗਿੱਲ ਨੂੰ ਨਗਰ ਨਿਗਮ ਦੇ ਮੇਅਰ ਦੇ ਉਮੀਦਵਾਰ ਵਜੋਂ ਦੇਖਿਆ ਜਾ ਰਿਹਾ ਸੀ ਪਰ ਕਾਂਗਰਸ ਨੇ ਉਨ੍ਹਾਂ ਨੂੰ ਅੱਖੋਂ-ਪਰੋਖੇ ਕਰ ਦਿੱਤਾ। ਇਸ ਤੋਂ ਬਾਅਦ ਉਹ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਨਾਰਾਜ਼ ਚੱਲ ਰਹੇ ਸਨ।

LEAVE A REPLY

Please enter your comment!
Please enter your name here