ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਭ੍ਰਿਸ਼ਟ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਸੂਚੀਆਂ ਦਿੱਲੀ ਦਰਬਾਰ ਵਿੱਚ ਰਾਹੁਲ ਗਾਂਧੀ ਨੂੰ ਸੌਂਪਣ ਦੀ ਥਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਸਾਬਤ ਹੋਏ ਹਨ । ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਛੱਡ ਦੇਣਾ ਚਾਹੀਦਾ ਹੈ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਹਰ ਥਾਂ ਸਹੁੰ ਖਾ ਕੇ ਕਹਿੰਦੇ ਸਨ ਕਿ ਉਹ ਮੁੱਖ ਮੰਤਰੀ ਬਣ ਕੇ ਪੰਜਾਬ ਵਿੱਚੋਂ ਹਰ ਤਰ੍ਹਾਂ ਦਾ ਮਾਫ਼ੀਆ ਰਾਜ ਖਤਮ ਕਰਨਗੇ।
ਸ੍ਰੀ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਕਾਂਗਰਸ ਦੀ ਸਰਕਾਰ ਵਿੱਚ ਕੈਪਟਨ ਨੇ ਮਾਫ਼ੀਆ ਰਾਜ ਤਾਂ ਕੀ ਖਤਮ ਕਰਨਾ ਸੀ, ਸਗੋਂ ਕਾਂਗਰਸੀਆਂ ਨੇ ਅਕਾਲੀਆਂ ਵੱਲੋਂ ਸਥਾਪਿਤ ਕੀਤੇ ਮਾਫੀਆ ਰਾਜ ਵਿੱਚ ਹਿੱਸਾ ਪਾ ਲਿਆ ਹੈ। ਅੱਜ ਰੇਤ, ਬਜਰੀ, ਸ਼ਰਾਬ, ਟਰਾਂਸਪੋਰਟ, ਕੇਬਲ ਮਾਫੀਆ ਆਦਿ ਦੇ ਨਾਲ ਨਾਲ ਵੈਕਸੀਨ ਅਤੇ ਨੌਕਰੀ ਮਾਫੀਆ ਵੀ ਕੈਪਟਨ ਦੇ ਮੰਤਰੀਆਂ ਅਤੇ ਵਿਧਾਇਕਾਂ ਨੇ ਸਥਾਪਤ ਕਰ ਲਿਆ। ਇਸ ਮਾਫੀਆ ਰਾਜ ਰਾਹੀਂ ਪੰਜਾਬ ਦੇ ਲੋਕਾਂ ਨੂੰ ਲੁੱਟਿਆ ਅਤੇ ਕੁੱਟਿਆ ਜਾ ਰਿਹਾ ਹੈ। ਇਸ ਪ੍ਰਕਾਰ ਪੰਜਾਬ ਸਰਕਾਰ ਦੀਆਂ ਇਨ੍ਹਾਂ ਨੀਤੀਆਂ ਕਾਰਨ ਪੰਜਾਬ ਹਰ ਖੇਤਰ ‘ਚ ਪਿੱਛੇ ਰਹਿ ਗਿਆ ਹੈ।