ਕੇਂਦਰ ਸਰਕਾਰ ਖ਼ਿਲਾਫ਼ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਸ਼ੁਰੂ ਹੋਏ ਕਿਸਾਨ ਅੰਦੋਲਨ ਨੂੰ 6 ਮਹੀਨੇ ਮੁਕੰਮਲ ਹੋਣ ’ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਮੁਲਕ ’ਚ ‘ਕਾਲਾ ਝੰਡਾ ਦਿਵਸ’ ਮਨਾਉਣ ਦੀ ਸਮੁੱਚੀ ਤਿਆਰੀ ਕੀਤੀ ਜਾ ਚੁੱਕੀ ਹੈ।ਇਸੇ ਦਿਨ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਨੂੰ ਸੱਤਾ ਵਿੱਚ ਆਏ 7 ਸਾਲ ਹੋ ਰਹੇ ਹਨ।

ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ, ਰਾਜਸਥਾਨ ਸਮੇਤ ਹੋਰ ਸਾਰੇ ਰਾਜਾਂ ਵਿੱਚ ਕਿਸਾਨਾਂ ਵੱਲੋਂ ਸੰਯੁਕਤ ਮੋਰਚੇ ਦੇ ਸੱਦੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਪਿੰਡ-ਪਿੰਡ ਮੁਜ਼ਹਾਰੇ ਕੀਤੇ ਜਾ ਰਹੇ ਹਨ।ਇਸਦੇ ਨਾਲ ਹੀ ਕੇਂਦਰ ਸਰਕਾਰ ਦੀਆਂ ਅਰਥੀਆਂ ਅਤੇ ਪੁਤਲੇ ਫੂਕੇ ਜਾਣਗੇ। ਕਿਸਾਨਾਂ ਵੱਲੋਂ ਆਪਣੇ ਘਰਾਂ ਅਤੇ ਖੇਤੀ ਸੰਦਾਂ ਸਮੇਤ ਆਵਾਜਾਈ ਲਈ ਵਰਤੇ ਜਾਂਦੇ ਨਿੱਜੀ ਵਾਹਨਾਂ ਉੱਪਰ ਵੀ ਰੋਸ ਵਜੋਂ ਕਾਲੇ ਝੰਡੇ ਲਹਿਰਾਏ ਜਾਣਗੇ।

ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਉਸ ਦਿਨ ਬੁੱਧ ਪੂਰਨਿਮਾ ਦਾ ਪਵਿੱਤਰ ਦਿਹਾੜਾ ਹੋਣ ਕਰਕੇ ਇਸ ਦਿਨ ਨੂੰ ਹੁਣ ‘ਕਾਲਾ ਝੰਡਾ ਦਿਵਸ’ ਵਜੋਂ ਮਨਾਇਆ ਜਾਵੇਗਾ। ਉਧਰ ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਨੇ 26 ਮਈ ਨੂੰ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਅੰਦੋਲਨ ਦੇ ਛੇ ਮਹੀਨੇ ਪੂਰੇ ਹੋਣ ’ਤੇ ਲੋਕਾਂ ਨੂੰ ਕਾਲਾ ਦਿਵਸ ਮਨਾਉਣ ਦੀ ਅਪੀਲ ਕੀਤੀ ਹੈ। ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਵਿਿਦਆਰਥੀਆਂ, ਮੁਲਾਜ਼ਮਾਂ, ਸਾਹਿਤਕਾਰਾਂ, ਟਰਾਂਂਸਪੋਰਟਰਾਂ, ਵਪਾਰੀਆਂ ਅਤੇ ਦੁਕਾਨਦਾਰਾਂ ਸਮੇਤ ਹਰ ਵਰਗ ਨੂੰ ਇਸ ਇਤਿਹਾਸਕ ਦਿਨ ਮੌਕੇ ਆਪਣਾ ਰੋਸ ਪ੍ਰਗਟਾਉਣ ਲਈ ਕਿਹਾ ਹੈ।

ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਲੋਕਾਂ ਨੂੰ ਕਿਹਾ ਕਿ ਉਹ ਕਾਲੀਆਂ ਪੱਗਾਂ ਅਤੇ ਕਾਲੀਆਂ ਚੁੰਨੀਆਂ ਨਾਲ ਪੱਕੇ ਧਰਨਿਆਂ ’ਚ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਚੌਕਾਂਂ ’ਚ ਵੀ ਨਾਅਰਿਆਂ ਵਾਲੇ ਫਲੈਕਸ ਲੈ ਕੇ ਪ੍ਰਦਰਸ਼ਨ ਕੀਤੇ ਜਾਣਗੇ।ਉਨ੍ਹਾਂ ਲੋਕਾਂ ਨੂੰ ਘਰਾਂ, ਦੁਕਾਨਾਂ, ਦਫ਼ਤਰਾਂ, ਟਰੈਕਟਰਾਂ, ਕਾਰਾਂ, ਜੀਪਾਂ, ਸਕੂਟਰਾਂ ਮੋਟਰ ਸਾਈਕਲਾਂ, ਬੱਸਾਂ, ਟਰੱਕਾਂ ਉਪਰ ਕਾਲੇ ਝੰਡੇ ਲਾ ਕੇ ਤਿੰਨੋਂ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ-2020 ਅਤੇ ਪਰਾਲੀ ਆਰਡੀਨੈਂਸ ਦੀ ਖ਼ਿਲਾਫ਼ਤ ਕਰਨ ਲਈ ਕਿਹਾ।

ਇਸ ਦੌਰਾਨ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ 26 ਮਈ ਨੂੰ ਪੂਰੇ ਦੇਸ਼ ਅੰਦਰ ਰੋਸ ਵਿਖਾਵੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨਾਂ ’ਚੋਂ ਹੁਣ ਤੱਕ 500 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਪਰ ਕੇਂਦਰ ਸਰਕਾਰ ਦਾ ਵਤੀਰਾ ਪਹਿਲਾਂ ਵਾਲਾ ਹੀ ਹੈ ਅਤੇ ਉਹ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ।

LEAVE A REPLY

Please enter your comment!
Please enter your name here