ਭਾਜਪਾ ਆਗੂ ਤਜਿੰਦਰ ਬੱਗਾ ਦੇ ਅਗਵਾ ਮਾਮਲੇ ‘ਚ ਫਸੀ ਪੰਜਾਬ ਪੁਲਿਸ ਦਿੱਲੀ ਹਾਈਕੋਰਟ ਪਹੁੰਚ ਗਈ ਹੈ। ਪੰਜਾਬ ਪੁਲਿਸ ਨੇ ਇਸ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ। ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ ਐਸਪੀ ਮਨਪ੍ਰੀਤ ਸਿੰਘ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਉਨ੍ਹਾਂ ਕਿਹਾ ਕਿ ਕਿੰਡਨੈਪਿੰਗ ਦਾ ਮਾਮਲਾ ਗਲਤ ਹੈ। ਉਹ ਮਾਮਲਾ ਦਰਜ ਹੋਣ ਤੋਂ ਬਾਅਦ ਹੀ ਬੱਗਾ ਨੂੰ ਕਾਨੂੰਨੀ ਤੌਰ ‘ਤੇ ਗ੍ਰਿਫਤਾਰ ਕਰਨ ਲਈ ਗਏ ਸਨ। ਜਿਸ ਬਾਰੇ ਦਿੱਲੀ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਦਿੱਲੀ ਹਾਈਕੋਰਟ ਨੇ ਇਸ ਮਾਮਲੇ ਵਿੱਚ ਦਿੱਲੀ ਪੁਲਿਸ, ਦਿੱਲੀ ਸਰਕਾਰ ਅਤੇ ਤਜਿੰਦਰ ਬੱਗਾ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਇਸ ਮਾਮਲੇ ‘ਚ 4 ਹਫ਼ਤਿਆਂ ‘ਚ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਪਟੀਸ਼ਨ ਦੀ ਅਗਲੀ ਸੁਣਵਾਈ 26 ਜੁਲਾਈ ਨੂੰ ਹੋਵੇਗੀ।
ਪੰਜਾਬ ਪੁਲਿਸ ਵੱਲੋਂ ਤਜਿੰਦਰ ਬੱਗਾ ਖਿਲਾਫ ਮੋਹਾਲੀ ਦੇ ਸਾਈਬਰ ਕ੍ਰਾਈਮ ਥਾਣੇ ‘ਚ ਕੇਜਰੀਵਾਲ ਨੂੰ ਧਮਕੀਆਂ ਦੇਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ‘ਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਸੋਸ਼ਲ ਮੀਡੀਆ ‘ਤੇ ਧਮਕੀ ਦਿੱਤੀ ਹੈ। ਜਿਸ ਤੋਂ ਬਾਅਦ ਬੱਗਾ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ ਪੁਲਿਸ ਦੀ ਟੀਮ 6 ਮਈ ਨੂੰ ਦਿੱਲੀ ਪਹੁੰਚੀ ਸੀ।
ਪੰਜਾਬ ਪੁਲਿਸ ਬੱਗਾ ਨੂੰ ਗ੍ਰਿਫਤਾਰ ਕਰਕੇ ਪੰਜਾਬ ਲਿਆ ਰਹੀ ਸੀ। ਇਸ ਤੋਂ ਪਹਿਲਾਂ ਉਸ ਦੇ ਪਰਿਵਾਰ ਵਾਲਿਆਂ ਨੇ ਦਿੱਲੀ ਵਿੱਚ ਬੱਗਾ ਨੂੰ ਅਗਵਾ ਕਰਨ ਦਾ ਕੇਸ ਦਰਜ ਕਰਵਾ ਦਿੱਤਾ ਸੀ।