ਪੰਜਾਬ ਵਿਧਾਨ ਸਭਾ ਚੋਣਾਂ: ਪੰਜਾਬ ‘ਚ ਕੱਲ੍ਹ ਨੂੰ ਵੋਟਿੰਗ ਹੋਣੀ ਹੈ। ਇਸ ਤੋਂ ਪਹਿਲਾਂ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਦਰਅਸਲ ਸ਼ੁੱਕਰਵਾਰ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਦੇਰ ਸ਼ਾਮ ਤੱਕ ਮਾਨਸਾ ‘ਚ ਚਰਨਜੀਤ ਸਿੰਘ ਚੰਨੀ ਨੇ ਸਿੱਧੂ ਮੂਸੇਵਾਲਾ ਦੇ ਨਾਲ ਚੋਣ ਪ੍ਰਚਾਰ ਕੀਤਾ, ਜਿਸ ਲਈ ਉਨ੍ਹਾਂ ‘ਤੇ ਕੇਸ ਦਰਜ ਕੀਤਾ ਗਿਆ ਹੈ।
ਮਾਨਸਾ ਪੁਲਿਸ ਨੇ ਮੁੱਖ ਮੰਤਰੀ ਸਣੇ ਹਲਕਾ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਖਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਧਾਰਾ 188 ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੋਵਾਂ ਉੱਪਰ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ਕਰਨ ਦਾ ਦੋਸ਼ ਲੱਗਾ ਹੈ। ਇਸ ਗੱਲ ਦੀ ਪੁਸ਼ਟੀ ਮਾਨਸਾ ਦੇ ਐਸਡੀਐਮ ਹਰਜਿੰਦਰ ਸਿੰਘ ਜੱਸਲ ਨੇ ਕੀਤੀ ਹੈ।
ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਐੱਫ਼ ਆਈ ਆਰ ਦਰਜ ਕਰਵਾਈ ਹੈ। ਇਕ ਰਿਪੋਰਟ ਮੁਤਾਬਕ ਚੋਣ ਕਮਿਸ਼ਨ ਨੇ ਮੁੱਖ ਮੰਤਰੀ ਚੰਨੀ ਤੇ ਸਿੱਧੂ ਮੂਸੇਵਾਲਾ ਵੱਲੋਂ 18 ਫਰਵਰੀ ਨੂੰ ਸ਼ਾਮ 6 ਵਜੇ ਪ੍ਰਚਾਰ ਬੰਦ ਹੋਣ ਤੋਂ ਬਾਅਦ ਚੋਣ ਪ੍ਰਚਾਰ ਕਰਨ ਕਾਰਨ ਇਹ ਐੱਫ਼ਆਈਆਰ ਧਾਰਾ 188 ਤਹਿਤ ਦਰਜ ਕੀਤੀ ਗਈ ਹੈ। ਇਹ ਕਾਰਵਾਈ ਰਿਟਰਨਿੰਗ ਅਫ਼ਸਰ ਨੇ ਕਰਵਾਈ ਹੈ। ਇਹ ਕਾਰਵਾਈ ਆਮ ਆਦਮੀ ਪਾਰਟੀ ਦੇ ਸਥਾਨਕ ਉਮੀਦਵਾਰ ਵਿਜੇ ਸਿੰਗਲਾ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਰਿਪੋਰਟਾਂ ਹਨ ਕਿ ਮੁੱਖ ਮੰਤਰੀ ਤੇ ਸਿੱਧੂ ਮੂਸੇ ਵਾਲਾ ਸ਼ਾਮ 7 ਵਜੇ ਮਾਨਸਾ ਦੀਆਂ ਗਲੀਆਂ ਵਿਚ ਪ੍ਰਚਾਰ ਕਰ ਰਹੇ ਸਨ।