ਭਾਜਪਾ ਦੇ ਵਫ਼ਦ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਪਠਾਨਕੋਟ ਸੀਟ ਤੋਂ ਜਿੱਤ ਲਈ ਵਧਾਈ ਦਿੱਤੀ ਹੈ ਤੇ ਪੰਜਾਬ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ ਜੋ ਕੇਂਦਰ ਸਰਕਾਰ ਕੋਲ ਉਠਾਏ ਜਾਣੇ ਹਨ।
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ ਦਾ ਇੱਕ ਵਫ਼ਦ ਸ਼ਨੀਵਾਰ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਸਿਸਵਾਂ ਫਾਰਮ ਹਾਊਸ ਵਿਖੇ ਮਿਲਿਆ ।
ਇਸ ਵਫ਼ਦ ‘ਚ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ‘ਚ ਸੁਭਾਸ਼ ਸ਼ਰਮਾ, ਫਤਿਹ ਜੰਗ ਬਾਜਵਾ, ਜੀਵਨ ਗੁਪਤਾ ਸ਼ਾਮਲ ਸਨ। ਉਨ੍ਹਾਂ ਨੇ ਟਵੀਟ ਕੀਤਾ ਕਿ ਉਨ੍ਹਾਂ ਨੇ ਪੰਜਾਬ ਲਈ ਭਵਿੱਖ ਦੀ ਰਣਨੀਤੀ ਅਤੇ ਸੂਬੇ ਨਾਲ ਸਬੰਧਤ ਹੋਰ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ।
ਇਸ ਮੌਕੇ ਅਸ਼ਵਨੀ ਸ਼ਰਮਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਵੱਲੋਂ ਭਾਜਪਾ ਨੂੰ ਦਿੱਤੇ ਫਤਵੇ ਨੂੰ ਸਵੀਕਾਰ ਕਰਦਿਆਂ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੂੰ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਲੋਕਤੰਤਰ ਅਤੇ ਰਾਜਨੀਤੀ ਵਿੱਚ ਕੁਝ ਵੀ ਹੋ ਸਕਦਾ ਹੈ ਅਤੇ ਇਹੀ ਇਸਦੀ ਖ਼ੂਬਸੂਰਤੀ ਹੈ।