ਕੋਰੋਨਾ ਕਾਰਨ ਅਨੇਕਾਂ ਹੀ ਲੋਕਾਂ ਨੇ ਆਪਣੀ ਜਾਨ ਗੁਆ ਲਈ ਹੈ।ਬਹੁਤ ਸਾਰੇ ਲੋਕ ਅਜਿਹੇ ਵੀ ਸਨ,ਜਿਨ੍ਹਾਂ ਨੂੰ ਇਸ ਬਿਮਾਰੀ ਦਾ ਮੁਕਾਬਲਾ ਕਰਨ ਲਈ ਸਹੀ ਇਲਾਜ ਵੀ ਨਾ ਮਿਲ ਸਕਿਆ।ਇਸਦੇ ਨਾਲ ਹੀ ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਵੀ ਹੋ ਰਹੀ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ 7 ਜੂਨ ਨੂੰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਰਿਹਾਇਸ਼ ‘ਤੇ ਦੋ ਘੰਟੇ ਦਾ ਧਰਨਾ ਲਾਉਣਗੇ ਅਤੇ ਉਨ੍ਹਾਂ ਤੋਂ ਅਸਤੀਫ਼ੇ ਦੀ ਮੰਗ ਕਰਨਗੇ ਅਤੇ ਕੋਵਿਡ ਟੀਕੇ ਦੀ ਗੈਰ-ਕਾਨੂੰਨੀ ਵਿਕਰੀ ਦੀ ਸੀਬੀਆਈ ਜਾਂਚ ਦੀ ਮੰਗ ਕਰਨਗੇ। ਇਸ ਧਰਨੇ ਵਿਚ ਸਾਰੇ ਵਿਧਾਇਕ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਸ਼ਾਮਲ ਹੋਣਗੇ।

ਸੁਖਬੀਰ ਬਾਦਲ ਨੇ ਮੰਗ ਕੀਤੀ ਕਿ ਕਾਂਗਰਸ ਸਰਕਾਰ ਕੋਰੋਨਾ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਵੇਚ ਕੇ ਮੁਨਾਫ਼ਾ ਲੈ ਰਹੀ ਹੈ ।ਇਸ ਨਾਲ ਗਰੀਬ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।ਇਸ ਲਈ ਇਸਦੀ ਜਾਂਚ ਹੋਣੀ ਚਾਹੀਦੀ ਹੈ।ਅਕਾਲੀ ਆਗੂ ਨੇ ਕਿਹਾ ਕਿ ਇਸ ਘਪਲੇ ਨੇ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੂੰ ਵੀ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਮੰਗ ਕੀਤੀ ਸੀ ਕਿ ਸਭ ਨੂੰ ਕੋਰੋਨਾ ਵੈਕਸੀਨ ਮੁਫਤ ਲਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੁਣ ਰਾਹੁਲ ਗਾਂਧੀ ਲੋਕਾਂ ਨੂੰ ਦੱਸਣ ਕਿ ਕੀ ਉਹ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਨੂੰ 1560 ਰੁਪਏ ਪ੍ਰਤੀ ਵੈਕਸੀਨ ਡੋਜ਼ ਦੇਣ ਦੇ ਪੰਜਾਬ ਸਰਕਾਰ ਦੇ ਫੈਸਲੇ ਦੀ ਹਮਾਇਤ ਕਰਦੇ ਹਨ?

ਉਨ੍ਹਾਂ ਮੰਗ ਕੀਤੀ ਕਿ ਕਾਂਗਰਸ ਸਰਕਾਰ ਆਮ ਆਦਮੀ ਦੇ ਖਿਲਾਫ ਇਹ ਵਿਤਕਰਾ ਤੁਰੰਤ ਬੰਦ ਕਰੇ। ਉਨ੍ਹਾਂ ਕਿਹਾ ਕਿ ਜੇਕਰ ਵੈਕਸੀਨ ਵੰਡ ਦਾ ਇਹ ਨਿਗਮੀਕਰਨ ਬੰਦ ਨਾ ਕੀਤਾ ਤਾਂ ਫਿਰ ਅਕਾਲੀ ਦਲ ਇਨਸਾਫ ਲੈਣ ਵਾਸਤੇ ਅਦਾਲਤ ਦਾ ਬੂਹਾ ਖੜਕਾਏਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੂਬੇ ਵਿਚ ਇਕ ਵਾਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਸ ਸਾਰੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀ ਜਿਨ੍ਹਾਂ ਨੇ ਗਰੀਬ ਤੇ ਦਬੇ ਕੁਚਲੇ ਲੋਕਾਂ ਦੀ ਜਾਨ ਖ਼ਤਰੇ ਵਿਚ ਪਾਈ, ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣਗੀਆਂ।

ਇਸ ਸਾਰੇ ਘਪਲੇ ਨੂੰ ਬੇਨਕਾਬ ਕਰ ਕਰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਵਿਚ ਵੈਕਸੀਨ ਨਹੀਂ ਮਿਲ ਰਹੀ ਪਰ ਇਹ ਆਮ ਆਦਮੀ ਨੂੰ ਮੁਫਤ ਦੇਣ ਦੀ ਥਾਂ ’ਤੇ ਪ੍ਰਾਈਵੇਟ ਹਸਪਤਾਲਾਂ ਨੂੰ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੋਵੈਕਸੀਨ ਦੀ ਡੋਜ਼ ਜੋ 400 ਰੁਪਏ ਵਿਚ ਪੈਂਦੀ ਹੈ, ਉਹ ਪ੍ਰਾਈਵੇਟ ਹਸਪਤਾਲਾਂ ਵੱਲੋਂ 1060 ਰੁਪਏ ਵਿਚ ਵੇਚੀ ਜਾ ਰਹੀ ਹੈ।

 

LEAVE A REPLY

Please enter your comment!
Please enter your name here