ਸੰਸਦ ਦੇ ਬਜਟ ਸੈਸ਼ਨ ਲਈ ਕਾਂਗਰਸ ਨੇ ਰਣਨੀਤੀ ਕੀਤੀ ਤਿਆਰ

0
95

ਕਾਂਗਰਸ ਦੇ ਸੀਨੀਅਰ ਨੇਤਾਵਾਂ ਨੇ ਸੋਮਵਾਰ ਨੂੰ ਸ਼ੁਰੂ ਹੋ ਰਹੇ ਸੰਸਦ ਦੇ ਬਜਟ ਸੈਸ਼ਨ ਲਈ ਅੱਜ ਪਾਰਟੀ ਦੀ ਰਣਨੀਤੀ ’ਤੇ ਚਰਚਾ ਕੀਤੀ ਅਤੇ ਬਰਾਬਰ ਵਿਚਾਰਧਾਰਾ ਵਾਲੀਆਂ ਪਾਰਟੀਆਂ ਨਾਲ ਮਿਲ ਕੇ ਜਨਹਿੱਤ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਚੁੱਕਣ ਦਾ ਫ਼ੈਸਲਾ ਕੀਤਾ। ਕਾਂਗਰਸ ਸੰਸਦੀ ਰਣਨੀਤੀ ਸਮੂਹ ਦੀ ਬੈਠਕ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ ’ਤੇ ਹੋਈ।

ਰਾਜ ਸਭਾ ’ਚ ਨੇਤਾ ਮਲਿਕਾਰਜੁਨ ਖੜਗੇ ਨੇ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਅਸੀਂ ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਬਜਟ ਸੈਸ਼ਨ ’ਚ ਚੁੱਕੇ ਜਾਣ ਵਾਲੇ ਮੁੱਦਿਆਂ ’ਤੇ ਚਰਚਾ ਕੀਤੀ। ਅਸੀਂ ਸੈਸ਼ਨ ਦੌਰਾਨ ਜਨਹਿੱਤ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਚੁੱਕਣ ਲਈ ਬਰਾਬਰ ਵਿਚਾਰਧਾਰਾ ਵਾਲੀਆਂ ਪਾਰਟੀਆਂ ਨਾਲ ਤਾਲਮੇਲ ਬਣਾ ਕੇ ਕੰਮ ਕਰਾਂਗੇ।

ਖੜਗੇ ਨੇ ਅੱਗੇ ਕਿਹਾ ਕਿ ਯੂਕ੍ਰੇਨ ਤੋਂ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਅਤ ਨਿਕਾਸੀ, ਮਹਿੰਗਾਈ, ਬੇਰੁਜ਼ਗਾਰੀ, ਕਿਸਾਨਾਂ ਨੂੰ ਘੱਟ ਤੋਂ ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦਾ ਮੁੱਦਾ ਆਦਿ ਮੱਦੇ ਸ਼ਾਮਲ ਹਨ, ਜਿਨ੍ਹਾਂ ਨੂੰ ਇਸ ਸੈਸ਼ਨ ’ਚ ਚੁੱਕਿਆ ਜਾਵੇਗਾ। ਇਸ ਬੈਠਕ ’ਚ ਆਨੰਦ ਸ਼ਰਮਾ, ਜੈਰਾਮ ਰਮੇਸ਼, ਕੇ. ਸੁਰੇਸ਼, ਮਣੀਕਮ ਟੈਗੋਰ ਅਤੇ ਮਨੀਸ਼ ਤਿਵਾੜੀ ਆਦਿ ਨੇਤਾ ਸ਼ਾਮਲ ਹੋਏ। ਸੰਸਦ ਦੇ ਹਰੇਕ ਸੈਸ਼ਨ ਤੋਂ ਪਹਿਲਾਂ ਕਾਂਗਰਸ ਸੰਸਦੀ ਰਣਨੀਤੀ ਸਮੂਹ ਦੀ ਬੈਠਕ ਹੁੰਦੀ ਹੈ। ਬਜਟ ਸੈਸ਼ਨ ਦਾ ਦੂਜਾ ਭਾਗ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ, ਜੋ ਕਿ 8 ਅਪ੍ਰੈਲ ਤੱਕ ਚੱਲੇਗਾ।

ਕਾਂਗਰਸ ਨੇ ਹਾਲ ਹੀ ‘ਚ ਪੰਜ ਰਾਜਾਂ ‘ਚ ਆਪਣੀ ਹਾਰ ਸਵੀਕਾਰ ਕੀਤੀ ਸੀ ਅਤੇ ਦੂਜੀਆਂ ਪਾਰਟੀਆਂ ਨੂੰ ਜਿੱਤ ਲਈ ਵਧਾਈ ਦਿੱਤੀ ਸੀ।  ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਹਰਾਇਆ ਹੈ। ਦੇਸ਼ ਦੇ ਸਭ ਤੋਂ ਵੱਡੇ ਸੂਬੇ ਉੱਤਰ ਪ੍ਰਦੇਸ਼ ‘ਚ ਕਾਂਗਰਸ ਨੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਜਿੰਮੇਵਾਰੀ ਦਿੱਤੀ ਸੀ ਪਰ ਇਸ ਚੋਣ ‘ਚ ਵੀ ਕਾਂਗਰਸ ਨੂੰ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

LEAVE A REPLY

Please enter your comment!
Please enter your name here