One Nation One Election Bill ਨੂੰ ਮੋਦੀ ਕੈਬਨਿਟ ਤੋਂ ਮਿਲੀ ਮਨਜ਼ੂਰੀ, ਇਸ ਸੈਸ਼ਨ ‘ਚ ਪੇਸ਼ ਹੋਵੇਗਾ ਬਿੱਲ
One Nation One Election Bill ਨੂੰ ਲੈ ਕੇ ਵੱਡੀ ਖਬਰ ਆਈ ਹੈ ਜਿੱਥੇ ਕਿ ਅੱਜ ਯਾਨੀ ਵੀਰਵਾਰ ਨੂੰ ਕੇਂਦਰੀ ਮੰਤਰੀ ਮੰਡਲ ਨੇ ‘ਵਨ ਨੇਸ਼ਨ, ਵਨ ਇਲੈਕਸ਼ਨ’ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੂਤਰਾਂ ਦੇ ਮੁਤਾਬਕ ਸਰਕਾਰ ਸੰਸਦ ਦੇ ਮੌਜੂਦਾ ਸਰਦ ਰੁੱਤ ਸੈਸ਼ਨ ‘ਚ ਇਸ ਸਬੰਧ ‘ਚ ਇੱਕ ਵਿਆਪਕ ਬਿੱਲ ਲਿਆ ਸਕਦੀ ਹੈ। ਵਨ ਨੇਸ਼ਨ ਵਨ ਇਲੈਕਸ਼ਨ ‘ਤੇ ਇਹ ਤਾਜ਼ਾ ਘਟਨਾਕ੍ਰਮ ਅਜਿਹੇ ਸਮੇਂ ‘ਚ ਹੋਇਆ ਹੈ ਜਦੋਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਬੁੱਧਵਾਰ ਨੂੰ ‘ਵਨ ਨੇਸ਼ਨ, ਵਨ ਇਲੈਕਸ਼ਨ’ ਦਾ ਜ਼ੋਰਦਾਰ ਸਮਰਥਨ ਕੀਤਾ ਅਤੇ ਕਿਹਾ ਕਿ ਲਗਾਤਾਰ ਚੋਣਾਂ ਦੇਸ਼ ਦੀ ਤਰੱਕੀ ‘ਚ ਰੁਕਾਵਟ ਬਣ ਰਹੀਆਂ ਹਨ।
ਸਰਕਾਰ ਬਿੱਲ ਨੂੰ ਜਲਦ ਹੀ ਸੰਸਦ ‘ਚ ਕਰੇਗੀ ਪੇਸ਼
ਸੂਤਰਾਂ ਮੁਤਾਬਕ ਸਰਕਾਰ ਇਸ ਬਿੱਲ ਨੂੰ ਜਲਦ ਹੀ ਸੰਸਦ ‘ਚ ਪੇਸ਼ ਕਰੇਗੀ। ਉਸ ਤੋਂ ਬਾਅਦ ਇਸ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਸੂਤਰਾਂ ਦੀ ਮੰਨੀਏ ਤਾਂ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਨੂੰ ਵਿਆਪਕ ਬਿੱਲ ਦੇ ਰੂਪ ‘ਚ ਪੇਸ਼ ਕੀਤਾ ਜਾਵੇਗਾ। ਇਸ ਦੇ ਲਈ ਸਾਰੀਆਂ ਪਾਰਟੀਆਂ ਦੀ ਰਾਏ ਵੀ ਜ਼ਰੂਰੀ ਹੋਵੇਗੀ, ਕਿਉਂਕਿ ਇਸ ਨਾਲ ਵੱਡਾ ਬਦਲਾਅ ਹੋਵੇਗਾ। ਇਸ ਲਈ ਇਸ ਨੂੰ ਪਹਿਲਾਂ ਸੰਸਦ ਦੀ ਸਾਂਝੀ ਸੰਸਦੀ ਕਮੇਟੀ ਕੋਲ ਭੇਜਿਆ ਜਾ ਸਕਦਾ ਹੈ। ਇਸ ਤੋਂ ਬਾਅਦ ਇਸ ਨੂੰ ਵਿਧਾਨ ਸਭਾਵਾਂ ਤੋਂ ਪਾਸ ਕਰਵਾਉਣਾ ਹੋਵੇਗਾ। ਸੰਵਿਧਾਨਕ ਸੋਧ ਬਿੱਲ ਆਵੇਗਾ। ਘੱਟੋ-ਘੱਟ 50 ਫੀਸਦੀ ਸੂਬਿਆਂ ਤੋਂ ਸਮਰਥਨ ਦੀ ਲੋੜ ਹੋਵੇਗੀ। ਧਾਰਾ 327 ਵਿੱਚ ਸੋਧ ਕੀਤੀ ਜਾਵੇਗੀ ਅਤੇ ਇਸ ਵਿੱਚ ‘ਇੱਕ ਦੇਸ਼ ਇੱਕ ਚੋਣ’ ਸ਼ਬਦ ਸ਼ਾਮਲ ਕੀਤੇ ਜਾਣਗੇ।
ਇਹ ਵੀ ਪੜ੍ਹੋ : ਸਰਕਾਰ ਨੇ ਇਸ ਦਿਨ ਛੁੱਟੀ ਦਾ ਕਰ ਦਿੱਤਾ ਐਲਾਨ, ਨੋਟੀਫਿਕੇਸ਼ਨ ਜਾਰੀ
ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ‘ਚ ਬਣਾਈ ਗਈ ਸੀ ਕਮੇਟੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਹਿਲੇ ਕਾਰਜਕਾਲ ਦੌਰਾਨ ਵਨ ਨੇਸ਼ਨ ਵਨ ਇਲੈਕਸ਼ਨ ਨੂੰ ਲੈ ਕੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ‘ਚ ਕਮੇਟੀ ਬਣਾਈ ਗਈ ਸੀ। ਕਮੇਟੀ ਨੇ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਮਾਰਚ ਵਿੱਚ ਸਰਕਾਰ ਨੂੰ ਆਪਣੀਆਂ ਸਿਫ਼ਾਰਸ਼ਾਂ ਸੌਂਪੀਆਂ ਸਨ। ਕੇਂਦਰ ਸਰਕਾਰ ਨੇ ਕੁਝ ਸਮਾਂ ਪਹਿਲਾਂ ਇਨ੍ਹਾਂ ਸਿਫ਼ਾਰਸ਼ਾਂ ਨੂੰ ਪ੍ਰਵਾਨ ਕਰ ਲਿਆ ਸੀ। ਕਮੇਟੀ ਨੇ ਆਪਣੀ ਰਿਪੋਰਟ ਵਿੱਚ ਸਿਰਫ਼ ਦੋ ਪੜਾਵਾਂ ਵਿੱਚ ਚੋਣਾਂ ਕਰਵਾਉਣ ਦੀ ਸਿਫ਼ਾਰਸ਼ ਕੀਤੀ ਹੈ। ਸਿਫਾਰਿਸ਼ ਮੁਤਾਬਕ ਪਹਿਲੇ ਪੜਾਅ ‘ਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ, ਜਦਕਿ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਦੂਜੇ ਪੜਾਅ ‘ਚ ਹੋਣੀਆਂ ਚਾਹੀਦੀਆਂ ਹਨ।