ਆਮ ਆਦਮੀ ਪਾਰਟੀ ਕਿਸਾਨਾਂ ‘ਤੇ ਹੋਏ ਅੱਤਿਆਚਾਰਾਂ ਖ਼ਿਲਾਫ਼ 31 ਅਗਸਤ ਨੂੰ ਕਰੇਗੀ ਜ਼ਿਲ੍ਹਾ ਪੱਧਰੀ ਧਰਨੇ ਪ੍ਰਦਰਸ਼ਨ : ਕੁਲਤਾਰ ਸਿੰਘ ਸੰਧਵਾਂ

0
58

ਸੰਵਿਧਾਨਕ ਹੱਕਾਂ ਦੀ ਰਾਖੀ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਲਈ ਦਿੱਤੇ ਜਾਣਗੇ ਮੰਗ ਪੱਤਰ

ਚੰਡੀਗੜ੍ਹ : ਕਰਨਾਲ ਵਿੱਚ ਸ਼ਾਂਤਮਈ ਧਰਨਾਕਾਰੀ ਕਿਸਾਨਾਂ ‘ਤੇ ਪੁਲੀਸ ਵੱਲੋਂ ਕੀਤੇ ਅੱਤਿਆਚਾਰਾਂ ਦੇ ਰੋਸ ਵਜੋਂ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ 31 ਅਗਸਤ ਦਿਨ ਮੰਗਲਵਾਰ ਨੂੰ ਹਰਿਆਣਾ ਦੀ ਖੱਟਰ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਸੂਬਾ ਭਰ ‘ਚ ਜ਼ਿਲ੍ਹਾ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਕਿਸਾਨਾਂ ਦੇ ਸਮਰਥਨ ‘ਚ ਡਿਪਟੀ ਕਮਿਸ਼ਨਰਾਂ ਰਾਹੀਂ ਭਾਰਤ ਸਰਕਾਰ ਨੂੰ ਮੰਗ ਪੱਤਰ ਭੇਜੇ ਜਾਣਗੇ। ਸੋਮਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ‘ਹਰਿਆਣਾ ਦੇ ਕਰਨਾਲ ‘ਚ ਕਿਸਾਨਾਂ ‘ਤੇ ਪੁਲੀਸ ਵੱਲੋਂ ਕੀਤੇ ਅੰਨ੍ਹੇ ਤਸ਼ੱਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਜ਼ਿੰਮੇਵਾਰ ਹਨ, ਕਿਉਂਕਿ ਨਰਿੰਦਰ ਮੋਦੀ ਅਤੇ ਖੱਟਰ ਸਰਕਾਰ ਕਿਸਾਨਾਂ ਦੀ ਆਵਾਜ਼ ਸੁਣਨ ਦੀ ਬਜਾਏ ਕਿਸਾਨਾਂ ਦੀ ਆਵਾਜ਼ ਨੂੰ ਤਾਲਿਬਾਨ ਤਸ਼ੱਦਦ ਨਾਲ ਦਬਾਉਣਾ ਚਾਹੁੰਦੀ ਹੈ।’ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੁਕਮਾਂ ‘ਤੇ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ‘ਤੇ ਕੀਤੇ ਲਾਠੀਚਾਰਜ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ ਹੈ ਅਤੇ 10 ਤੋਂ ਜ਼ਿਆਦਾ ਕਿਸਾਨ ਗੰਭੀਰ ਜ਼ਖ਼ਮੀ ਹੋਏ ਹਨ।

ਸ਼ਹੀਦ ਹੋਏ ਕਿਸਾਨ ਸੁਸ਼ੀਲ ਕਾਜਲ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਸੰਧਵਾਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦੀਆਂ ਪਾਉਣ ਵਾਲੇ ਕਿਸਾਨਾਂ-ਮਜ਼ਦੂਰਾਂ ਦਾ ਬਲੀਦਾਨ ਅਜਾਈਂ ਨਹੀਂ ਜਾਵੇਗਾ। ਇਨ੍ਹਾਂ ਸਮੂਹ ਸ਼ਹੀਦਾਂ ਦਾ ਨਾਂਅ ਸੁਨਹਿਰੇ ਅੱਖਰਾਂ ‘ਚ ਲਿਖਿਆ ਜਾਵੇਗਾ। ਨਰਿੰਦਰ ਮੋਦੀ ਅਤੇ ਖੱਟਰ ਸਰਕਾਰ ਦੀ ਅਲੋਚਨਾ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ”ਭਾਰਤ ਲੋਕਤੰਤਰ ਦੇਸ਼ ਹੈ, ਜੋ ਕਿ ਸੰਵਿਧਾਨ ਅਨੁਸਾਰ ਚੱਲਦਾ ਹੈ। ਦੇਸ਼ ਦੇ ਕਿਸਾਨ ਆਪਣੀਆਂ ਹੱਕੀਂ ਮੰਗਾਂ ਲਈ ਭਾਰਤੀ ਸੰਵਿਧਾਨ ਰਾਹੀਂ ਮਿਲੇ ਰੋਸ ਪ੍ਰਦਰਸ਼ਨ ਦੇ ਹੱਕ ਦੀ ਵਰਤੋਂ ਕਰਕੇ ਸੰਘਰਸ਼ ਕਰ ਰਹੇ ਹਨ, ਪਰ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਕਿਸਾਨਾਂ ਦੇ ਸੰਵਿਧਾਨਕ ਹੱਕਾਂ ‘ਤੇ ਵੀ ਡਾਕੇ ਮਾਰ ਰਹੀਆਂ ਹਨ। ਭਾਜਪਾ ਸਰਕਾਰਾਂ ਨਾਗਰਿਕਾਂ ਤੋਂ ਸੰਵਿਧਾਨ ਹੱਕ ਖੋਹ ਕੇ ਲੋਕਤੰਤਰ ਦੀ ਹੱਤਿਆ ਕਰ ਰਹੀਆਂ ਹਨ।”

ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਹੋਂਦ ਤੋਂ ਹੀ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਖੜੀ ਹੈ। ਇਸ ਲਈ ‘ਆਪ’ ਵੱਲੋਂ 31 ਅਗਸਤ ਨੂੰ ਪੰਜਾਬ ਭਰ ‘ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ ਅੱਗੇ ਨਰਿੰਦਰ ਮੋਦੀ ਅਤੇ ਮਨੋਹਰ ਲਾਲ ਖੱਟਰ ਸਰਕਾਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੰਗ ਪੱਤਰਾਂ ਰਾਹੀਂ ਭਾਰਤੀ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਕਰਨਾਲ ਵਿੱਚ ਕਿਸਾਨਾਂ ‘ਤੇ ਲਾਠੀਚਾਰਜ ਕਰਨ ਦੇ ਹੁਕਮ ਦੇਣ ਵਾਲੇ ਐਸ.ਡੀ.ਐਮ ਅਤੇ ਪੁਲੀਸ ਅਧਿਕਾਰੀਆਂ ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕਰਕੇ ਉਨ੍ਹਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ ਤਾਂ ਕਿ ਭਵਿੱਖ ਵਿੱਚ ਕੋਈ ਵੀ ਅਧਿਕਾਰੀ- ਕਰਮਚਾਰੀ ਆਪਣੇ ਸਿਆਸੀ ਆਕਾ ਨੂੰ ਖ਼ੁਸ਼ ਕਰਨ ਲਈ ਆਮ ਨਾਗਰਿਕਾਂ ‘ਤੇ ਜ਼ੁਲਮ ਢਾਹੁਣ ਤੋਂ ਪਹਿਲਾਂ ਦਸ ਬਾਰ ਸੋਚੇ। ‘ਆਪ’ ਆਗੂ ਨੇ ਮੰਗ ਕੀਤੀ ਕਿ ਇਸ ਅੱਤਿਆਚਾਰ ਲਈ ਸਮੁੱਚੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਰਕਾਰ ਸਮੇਤ ਭਾਜਪਾ ਅੰਨਦਾਤਾ ਕੋਲੋਂ ਜਨਤਕ ਤੌਰ ‘ਤੇ ਮੁਆਫ਼ੀ ਮੰਗੇ।

LEAVE A REPLY

Please enter your comment!
Please enter your name here