ਪੰਜਾਬ ਭਰ ਵਿੱਚ ਅੱਜ ਤੋਂ ਤਿੰਨ ਦਿਨਾਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੀਆਰਟੀਸੀ ਅਤੇ ਪਨਬੱਸ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਦੇ ਲਈ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਬੱਸਾਂ ਵਿੱਚ ਕੰਮ ਕਰਦੇ ਮੁਲਾਜ਼ਮ ਪਿਛਲੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਬਰਾਬਰ ਕੰਮ ਬਰਾਬਰ ਤਨਖਾਹ ਤੇ ਹੋਰਨਾਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ।
ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪਿਛਲੇ ਸਮੇਂ ਤੋਂ ਸਰਕਾਰ ਨਾਲ ਮੰਗਾਂ ਨੂੰ ਲੈ ਕੇ ਗੱਲਬਾਤ ਹੋਈ ਕੋਈ ਠੋਸ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਮੰਗਾਂ ਸਬੰਧੀ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਵੀ ਨਹੀਂ ਕਰਵਾਈ ਜਾ ਰਹੀ। ਆਗੂਆਂ ਨੇ ਕਿਹਾ ਕਿ ਬੱਸਾਂ ਦੇ ਮੁਲਾਜ਼ਮਾਂ ਨੂੰ ਪਿਛਲੇ ਸਮੇਂ ਦੌਰਾਨ ਆਪਣੀ ਤਨਖਾਹ ਵੀ ਲੈਣ ਵਾਸਤੇ ਹੜਤਾਲ ਕਰਨੀ ਪਈ ਉਸ ਤੋਂ ਬਾਅਦ ਤਨਖਾਹ ਮਿਲੀ। ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਉਦੋਂ ਤੱਕ ਲਗਾਤਾਰ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ। ਦੂਜੇ ਪਾਸੇ ਬੱਸਾਂ ਦੇ ਚੱਕਾ ਜਾਮ ਹੋਣ ਨਾਲ ਮੁਸਾਫ਼ਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।