ਪੰਜਾਬ ਪੁਲਿਸ ਵਲੋਂ ਅਪਰਾਧੀਆਂ ਖਿਲਾਫ ਵੱਡਾ ਐਕਸ਼ਨ ਲਿਆ ਜਾ ਰਿਹਾ ਹੈ। ਪੰਜਾਬ ਪੁਲਿਸ ਨੇ ਸਾਈਬਰ ਅਪਰਾਧਾਂ ਪ੍ਰਤੀ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਉਹ ਸਾਈਬਰ ਅਪਰਾਧੀਆਂ ਦੀਆਂ ਸਾਜ਼ਿਸ਼ਾਂ ਤੋਂ ਸਾਵਧਾਨ ਰਹਿਣ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਗੌਰਵ ਯਾਦਵ ਨੇ ਇਸ ਸਬੰਧ ’ਚ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਹੈ ਕਿ ਅਜਿਹੇ ਸਾਈਬਰ ਅਪਰਾਧੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਪੁਲਿਸ ਅਧਿਕਾਰੀਆਂ ਨੂੰ ਭੇਜੀਆਂ ਹਦਾਇਤਾਂ ’ਚ ਡੀ. ਜੀ. ਪੀ. ਨੇ ਕਿਹਾ ਕਿ ਜੇ ਕੋਈ ਵਿਅਕਤੀ ਆਨਲਾਈਨ ਅਪਰਾਧਾਂ ਦਾ ਸ਼ਿਕਾਰ ਹੋ ਜਾਂਦਾ ਹੈ ਤਾਂ ਉਸ ਦੀ ਤੁਰੰਤ ਮਦਦ ਕੀਤੀ ਜਾਵੇ।
ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਫੌਰੀ ਮਦਦ ਲਈ 1930 ’ਤੇ ਕਾਲ ਕਰ ਸਕਦੇ ਹਨ, ਜਿਸ ਨਾਲ ਉਨ੍ਹਾਂ ਨੂੰ ਪੁਲਿਸ ਵੱਲੋਂ ਤੁਰੰਤ ਮਦਦ ਮਿਲੇਗੀ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਲਈ ਪੁਲਸ ਨੇ ਵੀ ਆਪਣੇ ਸਾਈਬਰ ਸੈੱਲ ਨੂੰ ਚੌਕਸ ਕਰ ਦਿੱਤਾ ਹੈ।
ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਸਾਈਬਰ ਅਪਰਾਧਾਂ ਦਾ ਸ਼ਿਕਾਰ ਹੋਣ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਈਬਰ ਅਪਰਾਧੀਆਂ ਵੱਲੋਂ ਮਾਸੂਮ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਜਾਂਦਾ ਹੈ। ਡੀ. ਜੀ. ਪੀ. ਨੇ ਕਿਹਾ ਕਿ ਸਾਈਬਰ ਅਪਰਾਧੀਆਂ ਵੱਲੋਂ ਲੋਕਾਂ ਨੂੰ ਫੋਨ ਕਾਲ ਕਰਕੇ ਉਨ੍ਹਾਂ ਤੋਂ ਗੁਪਤ ਜਾਣਕਾਰੀ ਹਾਸਲ ਕਰਕੇ ਆਪਣੀ ਠੱਗੀ ਦਾ ਸ਼ਿਕਾਰ ਬਣਾਇਆ ਜਾਂਦਾ ਹੈ।
ਪੁਲਿਸ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਤੁਰੰਤ ਸਾਈਬਰ ਅਪਰਾਧੀਆਂ ਨੂੰ ਲੈ ਕੇ ਵੀ ਆਪਣੇ-ਆਪਣੇ ਅਧਿਕਾਰ ਖੇਤਰਾਂ ’ਚ ਸੈੱਲਾਂ ਨੂੰ ਸੁਚੇਤ ਕਰ ਦੇਣ ਅਤੇ ਸਾਈਬਰ ਨਾਲ ਸਬੰਧਤ ਮਿਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ। ਡੀ. ਜੀ. ਪੀ. ਵੱਲੋਂ ਅਧਿਕਾਰੀਆਂ ਨੂੰ ਇਹ ਹਦਾਇਤਾਂ ਵੀ ਭੇਜੀਆਂ ਗਈਆਂ ਹਨ ਕਿ ਸਾਈਬਰ ਅਪਰਾਧਾਂ ਦਾ ਨਿਪਟਾਰਾ ਕਰਨ ਤੋਂ ਬਾਅਦ ਉਨ੍ਹਾਂ ਦੀ ਜਾਣਕਾਰੀ ਨਾਲ ਦੇ ਨਾਲ ਡੀ. ਜੀ. ਪੀ. ਦਫਤਰ ਨੂੰ ਵੀ ਭੇਜੀ ਜਾਵੇ।
ਪੰਜਾਬ ਪੁਲਿਸ ਨੂੰ ਹੁਣ ਜਿੱਥੇ ਇਕ ਪਾਸੇ ਸਾਧਾਰਨ ਅਪਰਾਧਾਂ, ਅੱਤਵਾਦੀਆਂ ਅਤੇ ਗੈਂਗਸਟਰਾਂ ਨਾਲ ਨਜਿੱਠਣਾ ਪੈ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਪੁਲਸ ਅਧਿਕਾਰੀਆਂ ਨੂੰ ਸਾਈਬਰ ਅਪਰਾਧੀਆਂ ਤੋਂ ਮਿਲ ਰਹੀਆਂ ਚੁਣੌਤੀਆਂ ਦਾ ਵੀ ਸਾਹਮਣਾ ਕਰਨਾ ਪਵੇਗਾ।
ਡੀ. ਜੀ. ਪੀ. ਇਨ੍ਹਾਂ ਸਾਰੇ ਮਾਮਲਿਆਂ ਨੂੰ ਲੈ ਕੇ ਬਹੁਤ ਗੰਭੀਰ ਹਨ। ਹੁਣ ਸਾਰੇ ਪੁਲਿਸ ਕਮਿਸ਼ਨਰ ਅਤੇ ਐੱਸ. ਐੱਸ. ਪੀਜ਼ ਵੀ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਆਪਣੇ-ਆਪਣੇ ਪੱਧਰ ’ਤੇ ਮਹੀਨਾਵਾਰੀ ਮੀਟਿੰਗਾਂ ’ਚ ਕੇਸਾਂ ਦੀ ਮੁੜ ਸਮੀਖਿਆ ਕਰਿਆ ਕਰਨਗੇ।