ਗਰਭਵਤੀ ਮਹਿਲਾਵਾਂ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ
ਪੰਜਾਬ ਦੀ ਮਾਨ ਸਰਕਾਰ ਵੱਲੋਂ ਗਰਭਵਤੀ ਔਰਤਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਲਗਭਗ 70,000 ਲਾਭਪਾਤਰੀਆਂ ਨੂੰ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ।
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਦੀ ਸਥਿਤੀ ਵਿੱਚ ਸੁਧਾਰ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਤਰੂ ਵੰਦਨਾ ਯੋਜਨਾ ਤਹਿਤ ਚਾਲੂ ਵਿੱਤੀ ਸਾਲ ਦੇ ਅਕਤੂਬਰ 2024 ਵਿੱਚ ਪਹਿਲੇ ਬੱਚੇ ਦੇ ਜਨਮ ਅਤੇ ਦੂਜੇ ਬੱਚੇ (ਲੜਕੀ) ਦੇ ਜਨਮ ‘ਤੇ ਕੁੱਲ 65,478 ਔਰਤਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ‘ਤੇ 22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਭੇਜੀ ਗਈ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ 19 ਸਾਲ ਦੀ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ ‘ਤੇ 5,000 ਰੁਪਏ (3,000 + 2,000 ਰੁਪਏ ਦੀਆਂ ਦੋ ਕਿਸ਼ਤਾਂ ਵਿੱਚ) ਅਤੇ ਦੂਜੇ ਬੱਚੇ ਦੇ ਜਨਮ ‘ਤੇ 6,000 ਰੁਪਏ (ਜੇ ਲੜਕੀ ਹੈ) ਪ੍ਰਦਾਨ ਕਰਦੀ ਹੈ। ਇਹ ਰਕਮ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦੇ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਸੁਧਾਰਨ ਲਈ ਖਾਸ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੀ ਜਾਂਦੀ ਹੈ। ਇਸ ਸਕੀਮ ਦਾ ਮੁੱਖ ਉਦੇਸ਼ ਜਣੇਪੇ ਤੋਂ ਪਹਿਲਾਂ ਅਤੇ ਬਾਅਦ ਵਿੱਚ ਔਰਤਾਂ ਨੂੰ ਅੰਸ਼ਕ ਮੁਆਵਜ਼ਾ ਦੇ ਕੇ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਕਰਨਾ ਹੈ।
ਹਰੇਕ ਲਾਭਪਾਤਰੀ ਕੋਲ ਆਧਾਰ ਕਾਰਡ ਹੋਣਾ ਲਾਜ਼ਮੀ
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਉਦੇਸ਼ ਰਾਜ ਵਿੱਚ ਜਨਮ ਸਮੇਂ ਲੜਕੀਆਂ ਦੇ ਘੱਟ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵਿੱਤੀ ਸਹਾਇਤਾ ਲਈ ਰਾਜ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦਾ ਭੁਗਤਾਨ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਜਾਂ ਡਾਕਖਾਨੇ ਦੇ ਖਾਤਿਆਂ ਵਿੱਚ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਲਾਭ ਲੈਣ ਲਈ ਹਰੇਕ ਲਾਭਪਾਤਰੀ ਕੋਲ ਆਧਾਰ ਕਾਰਡ ਹੋਣਾ ਲਾਜ਼ਮੀ ਹੈ, ਜਿਸ ਨੂੰ ਬੈਂਕ ਖਾਤੇ ਨਾਲ ਲਿੰਕ ਕੀਤਾ ਜਾਣਾ ਚਾਹੀਦਾ ਹੈ।
ਮੰਤਰੀ ਡਾ: ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਰਾਜ ਦੇ ਯੋਗ ਲਾਭਪਾਤਰੀਆਂ ਦੇ ਫਾਰਮ ਭਰਨ ਤਾਂ ਜੋ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ | ਉਨ੍ਹਾਂ ਇਹ ਵੀ ਕਿਹਾ ਕਿ ਵਧੇਰੇ ਜਾਣਕਾਰੀ ਲਈ ਲਾਭਪਾਤਰੀ ਆਪਣੇ ਜ਼ਿਲ੍ਹੇ ਦੇ ਆਂਗਣਵਾੜੀ ਕੇਂਦਰ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦੇ ਦਫ਼ਤਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।