ਬਠਿੰਡਾ, 24 ਜੂਨ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਨੇ ਸਰਪੰਚਾਂ ਅਤੇ ਪੰਚਾਂ ਨਾਲ ਗੱਲ ਕਰਦਿਆਂ ਸਪੱਸ਼ਟ ਆਖਿਆ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵ-ਪੱਖੀ ਵਿਕਾਸ ਲਈ ਵਚਨਬੱਧ ਹੈ ।
ਹੋਰ ਕੀ ਕੀ ਆਖਿਆ ਮੁੱਖ ਮੰਤਰੀ ਮਾਨ ਨੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਬੀਤੇ ਦਿਨ ਸਰਪੰਚਾਂ ਨੂੰ ਪੇਂਡੂ ਪੰਜਾਬ ਦੀ ਕਾਇਆ ਕਲਪ ਦੀ ਅਗਵਾਈ ਕਰਨ ਦਾ ਸੱਦਾ ਦਿੰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵਿਕਸਤ ਸੂਬਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ, ਸੂਬੇ ਦੇ ਪਿੰਡ ਦੇਸ਼ ਦੇ ਸਭ ਤੋਂ ਵਿਕਸਤ ਸੂਬਾ ਬਣ ਕੇ ਉਭਰਨ । ਮੁੱਖ ਮੰਤਰੀ ਨੇ ਰਾਮਪੁਰਾ ਫੂਲ ਅਤੇ ਤਲਵੰਡੀ ਸਾਬੋ ਦੇ ਸਰਪੰਚਾਂ ਅਤੇ ਪੰਚਾਂ ਨਾਲ ਗੱਲ ਕਰਦਿਆਂ ਦੁਹਰਾਇਆ ਕਿ ਪੰਜਾਬ ਸਰਕਾਰ (Punjab Government) ਪਿੰਡਾਂ ਦੇ ਸਰਵ-ਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਮਕਸਦ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਫੰਡਾਂ ਦੀ ਵਰਤੋਂ ਇਸ ਤਰੀਕੇ ਨਾਲ ਕਰਨ ਜਿਸ ਨਾਲ ਸਮਾਜ ਦੇ ਹਰ ਵਰਗ ਨੂੰ ਲਾਭ ਹੋਵੇ. ਇਸਦੇ ਨਾਲ ਹੀ ਸਿੱਖਿਆ, ਪੇਂਡੂ ਬੁਨਿਆਦੀ ਢਾਂਚੇ ਅਤੇ ਟਿਕਾਊ ਵਿਕਾਸ ਨੂੰ ਤਰਜੀਹ ਦਿੱਤੀ ਜਾਵੇ ।
ਮਾਨ ਨੇ ਕੀਤੀਆਂ ਟਵੀਟਰ ‘ਤੇ ਸਰਪੰਚ ਮਿਲਾਨੀ ਦੀਆਂ ਝਲਕੀਆਂ ਸਾਂਝੀਆਂ
ਮੁੱਖ ਮੰਤਰੀ ਨੇ ਪਿੰਡਾਂ ਦੇ ਵਿਕਾਸ ਅਤੇ ਸਿੰਚਾਈ ਨਾਲ ਸਬੰਧਤ ਮੁੱਦਿਆਂ ਦੀ ਵੀ ਸਮੀਖਿਆ ਕੀਤੀ ਅਤੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਅਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਤੇਜ਼ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵਿੱਟਰ ‘ਤੇ ਸਰਪੰਚ ਮਿਲਾਨੀ ਦੀਆਂ ਝਲਕੀਆਂ ਸਾਂਝੀਆਂ ਕਰਦਿਆਂ ਕਿਹਾ ਕਿ ਰਾਮਪੁਰਾ ਫੂਲ ਅਤੇ ਤਲਵੰਡੀ ਸਾਬੋ ਦੇ ਸਰਪੰਚਾਂ ਅਤੇ ਪੰਚਾਂ ਨਾਲ ਮੁਲਾਕਾਤ ਦੌਰਾਨ, ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਰਚਾ ਕੀਤੀ । ਸਾਰਿਆਂ ਨੇ ਸਿਰਫ਼ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਪ੍ਰਦਾਨ ਕਰਨ ਅਤੇ ਸਿੱਖਿਆ ਦੇ ਮਿਆਰ ਨੂੰ ਬਿਹਤਰ ਬਣਾਉਣ ਦੇ ਸਰਕਾਰ ਦੇ ਯਤਨਾਂ ਦਾ ਸਵਾਗਤ ਕੀਤਾ। ਪੇਂਡੂ ਵਿਕਾਸ ਅਤੇ ਕਿਸਾਨਾਂ ਲਈ ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ‘ਤੇ ਵੀ ਚਰਚਾ ਕੀਤੀ ਗਈ। ਪੰਜਾਬ ਦੇ ਵਿਕਾਸ ਅਤੇ ਤਰੱਕੀ ਦਾ ਇਹ ਸਫ਼ਰ ਜਾਰੀ ਰਹੇਗਾ ।
ਸੂੁਬੇ ਵਿਚ ਸਭ ਤੋਂ ਔਖੀ ਚੋਣ ਸਰਪੰਚ ਦੀ ਹੁੰਦੀ ਹੈ : ਭਗਵੰਤ ਮਾਨ
ਸਰਪੰਚ ਮਿਲਾਨੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ‘ਚ ਸਭ ਤੋਂ ਔਖੀ ਚੋਣ ਸਰਪੰਚ ਦੀ ਹੁੰਦੀ ਹੈ ਕਿਉਂਕਿ ਉਹ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜਦੇ ਹਨ । ਉਨ੍ਹਾਂ ਕਿਹਾ ਕਿ ਸਰਪੰਚ ਪਿੰਡ ਦਾ ਮੁਖੀ ਹੁੰਦਾ ਹੈ ਅਤੇ ਇੱਕ ਚੰਗਾ ਸਰਪੰਚ ਪਿੰਡ ਦਾ ਚੇਹਰਾ ਬਦਲ ਸਕਦਾ ਹੈ ਅਤੇ ਲੋਕਾਂ ਲਈ ਖੁਸ਼ਹਾਲੀ ਨੂੰ ਯਕੀਨੀ ਬਣਾ ਸਕਦਾ ਹੈ । ਦਰਅਸਲ, ਸਰਪੰਚ ਉਹ ਨੀਂਹ ਹਨ ਜਿਸ ‘ਤੇ ਲੋਕਤੰਤਰ ਦੇ ਥੰਮ੍ਹ ਖੜ੍ਹੇ ਹੁੰਦੇ ਹਨ, ਜੋ ਉਨ੍ਹਾਂ ਨੂੰ ਸਮਾਜ ਦਾ ਸਭ ਤੋਂ ਮਹੱਤਵਪੂਰਨ ਹਿੱਸਾ ਬਣਾਉਂਦੇ ਹਨ ।









