ਚੰਡੀਗੜ੍ਹ, 7 ਅਗਸਤ 2026 : ਪੰਜਾਬ ਦੇ ਸਿੱਖਿਆ ਮੰਤਰੀ (Education Minister) ਹਰਜੋਤ ਸਿੰਘ ਬੈਂਸ ਨੇ ਆਖਿਆ ਹੈ ਕਿ ਸਕੂਲੀ ਸਿੱਖਿਆ ਵਿਚੋਂ ਪੰਜਾਬ ਦੇਸ਼ ਭਰ ਵਿਚੋਂ ਮੋਹਰੀ ਬਣ ਕੇ ਉਭਰਿਆ ਹੈ ।
ਪੰਜਾਬ ਨੇ ਕੇਰਲ ਨੂੰ ਪਛਾੜ ਕੀਤਾ ਹੈ ਚੋਟੀ ਦਾ ਸਥਾਨ ਪ੍ਰਾਪਤ
ਪੰਜਾਬ ਸੂਬੇ ਵਿੱਚ ਸਿੱਖਿਆ ਇਤਿਹਾਸਕ ਤਬਦੀਲੀ ਦਾ ਦਾਅਵਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਕਿਹਾ ਕਿ ਪੰਜਾਬ ਨੇ ਕੇਰਲ ਨੂੰ ਪਛਾੜ ਕੇ ‘ਨੀਤੀ ਆਯੋਗ ਸਕੂਲ ਐਜੂਕੇਸ਼ਨ ਕਵਾਲਿਟੀ ਇੰਡੈਕਸ 2026’ ਵਿੱਚ ਚੋਟੀ ਦਾ ਸਥਾਨ ਹਾਸਲ ਕੀਤਾ ਹੈ । ਉਨ੍ਹਾਂ ਕਿਹਾ ਕਿ ਜਿੱਥੇ ਸਾਲ-2022 ਵਿੱਚ 8 ਹਜ਼ਾਰ ਸਕੂਲਾਂ ਵਿਚ ਚਾਰ ਦੀਵਾਰੀ ਨਹੀਂ ਸਨ ਅਤੇ ਤਕਰੀਬਨ 4 ਲੱਖ ਵਿਦਿਆਰਥੀ ਤੱਪੜਾਂ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ, ਉੱਥੇ ਹੀ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ ਅਤੇ ਪੰਜਾਬ ਪਹਿਲੀ ਤੋਂ 12ਵੀਂ ਜਮਾਤ ਤੱਕ ‘ਆਰਟੀਫਿਸ਼ੀਅਲ ਇੰਟੈਲੀਜੈਂਸ’ ਨੂੰ ਮੁੱਖ ਵਿਸ਼ੇ ਵਜੋਂ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ । ਇਹ ਉਹ ਬਦਲਾਅ ਹੈ ਜਿਸਦਾ ਆਪ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ।
ਸਿੱਖਿਆ ਮੰਤਰੀ ਨੇ ਕਰਵਾਇਆ ਅਹੁਦਾ ਸੰਭਾਲਣ ਵੇਲੇ ਸਕੂਲਾਂ ਦੀ ਹਾਲਤ ਬਾਰੇ ਜਾਣੂ
ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਲਿਆਂਦੇ ਗਏ ਸਿੱਖਿਆ ਸਬੰਧੀ ਮਤੇ ‘ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜੁਲਾਈ 2022 ਵਿੱਚ ਅਹੁਦਾ ਸੰਭਾਲਣ ਸਮੇਂ ਦੀ ਸਕੂਲਾਂ ਦੀ ਮਾੜੀ ਹਾਲਤ ਨੂੰ ਚੇਤੇ ਕਰਵਾਇਆ । ਬੁਨਿਆਦੀ ਢਾਂਚੇ ਦੇ ਸ਼ੁਰੂਆਤੀ ਸਰਵੇਖਣ ਦੇ ਨਤੀਜਿਆਂ ਬਾਰੇ ਦੱਸਦਿਆਂ ਹਰਜੋਤ ਬੈਂਸ ਨੇ ਦੱਸਿਆ ਕਿ 8,000 ਤੋਂ ਵੱਧ ਸਕੂਲਾਂ ਵਿੱਚ ਚਾਰਦਿਵਾਰੀ ਨਹੀਂ ਸੀ, 3,200 ਵਿੱਚ ਵਰਤੋਂ ਯੋਗ ਬਾਥਰੂਮ ਨਹੀਂ ਸਨ ਅਤੇ ਲਗਭਗ 4 ਲੱਖ ਬੱਚੇ ਜ਼ਮੀਨ ‘ਤੇ ਬੈਠਣ ਲਈ ਮਜ਼ਬੂਰ ਸਨ । ਪਾਠ-ਪੁਸਤਕਾਂ ਅਕਤੂਬਰ-ਨਵੰਬਰ ਵਿੱਚ ਸਕੂਲਾਂ ਵਿੱਚ ਪਹੁੰਚਦੀਆਂ ਸਨ, ਜਿਸ ਨਾਲ ਅਕਾਦਮਿਕ ਸੈਸ਼ਨ ਦੇ ਕਈ ਮਹੀਨੇ ਖਰਾਬ ਹੋ ਜਾਂਦੇ ਸਨ ।
ਪੰਜਾਬ ਦੇ ਹਰੇਕ ਜਿਲੇ ਦੇ 2 ਹਜ਼ਾਰ ਤੋਂ ਵਧ ਸਰਕਾਰੀ ਸਕੂਲਾਂ ਦਾ ਕੀਤਾ ਹੈ ਦੌਰਾ
ਕਿਸੇ ਵੀ ਸਰਕਾਰੀ ਅਧਿਆਪਕ ਤੋਂ ਇਸ ਦੀ ਪੁਸ਼ਟੀ ਕਰਨ ਦੀ ਚੁਣੌਤੀ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਹੁਣ ਓਹੀ ਪਾਠ-ਪੁਸਤਕਾਂ 15 ਫਰਵਰੀ ਤੱਕ ਜਿ਼ਲ੍ਹਾ ਹੈੱਡਕੁਆਰਟਰਾਂ ਤੱਕ ਪਹੁੰਚ ਜਾਂਦੀਆਂ ਹਨ ਅਤੇ 31 ਮਾਰਚ ਤੱਕ ਵੰਡ ਦਿੱਤੀਆਂ ਜਾਂਦੀਆਂ ਹਨ । ਆਪਣੇ ਸ਼ਾਸਨ ਮਾਡਲ ਬਾਰੇ ਦੱਸਦਿਆਂ ਸ. ਬੈਂਸ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਹਰ ਜਿ਼ਲ੍ਹੇ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿੱਜੀ ਤੌਰ ‘ਤੇ ਦੌਰਾ ਕੀਤਾ ਹੈ, ਜਿਸ ਵਿੱਚ ਸਰਹੱਦੀ ਸਕੂਲ, ਜ਼ੀਰੋ-ਲਾਈਨ ਨਾਲ ਲੱਗਦੇ ਪਿੰਡ ਅਤੇ ਦੂਰ-ਦੁਰਾਡੇ ਦੇ ਖੇਤਰ ਸ਼ਾਮਲ ਹਨ ।
2022 ਵਿਚ ਦੌਰਾ ਕਰਨ ਵੇਲੇ ਕਈ ਵਿਦਿਆਰਥੀ ਸਧਾਰਨ ਵਾਕ ਵੀ ਨਹੀਂ ਲਿਖ ਸਕਦੇ ਸਨ
ਸ. ਹਰਜੋਤ ਬੈਂਸ ਨੇ ਕਿਹਾ ਕਿ ਜਦੋਂ ਮੈਂ ਸਤੰਬਰ-ਅਕਤੂਬਰ 2022 ਵਿੱਚ ਸਕੂਲਾਂ ਦਾ ਦੌਰਾ ਕੀਤਾ, ਤਾਂ ਮੈਂ 8ਵੀਂ ਜਮਾਤ ਦੇ ਅਜਿਹੇ ਵਿਦਿਆਰਥੀ ਵੀ ਦੇਖੇ ਜੋ ਸਾਧਾਰਨ ਵਾਕ ਵੀ ਨਹੀਂ ਲਿਖ ਸਕਦੇ ਸਨ । ਕੁੱਝ ਵਿਦਿਆਰਥੀ ਸਾਧਾਰਨ ਜੋੜ ਅਤੇ ਘਟਾਓ ਨਹੀਂ ਕਰ ਸਕਦੇ ਸਨ । ਅਸੀਂ ਇਹਨਾਂ ਵਿਦਿਆਰਥੀਆਂ ਦੀ ਪਛਾਣ ਕੀਤੀ ਅਤੇ ਇਹਨਾਂ ਨੂੰ ਤੀਜੀ ਜਮਾਤ ਦੇ ਸਿਲੇਬਸ ਦੇ ਪੱਧਰ ਤੋਂ ਪੜ੍ਹਾਇਆ । ਅੱਜ ਉਹ ਵਧੀਆ ਸੁਧਾਰ ਕਰ ਰਹੇ ਹਨ । ਉਨ੍ਹਾਂ ਅੱਗੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਹੁਣ ਸਾਲਾਨਾ ਲਗਭਗ 12 ਲੱਖ ਵਿਦਿਆਰਥੀਆਂ ਅਤੇ 70,000 ਤੋਂ ਵੱਧ ਅਧਿਆਪਕਾਂ ਨੂੰ ਕਵਰ ਕੀਤਾ ਜਾਂਦਾ ਹੈ ।
ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਵਿਦਿਆਰਥੀਆਂ ਲਈ ਉਮੀਦ ਦੀ ਨਵੀਂ ਕਿਰਨ ਜਗਾਈ ਹੈ
ਸਰਕਾਰੀ ਸਕੂਲਾਂ (Government schools) ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਵਿੱਚ ਹੋਏ ਸੁਧਾਰ ਬਾਰੇ ਸ. ਹਰਜੋਤ ਬੈਂਸ ਨੇ ਸਦਨ ਨੂੰ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਤੋਂ ਨੀਟ-ਯੂ. ਜੀ. ਪ੍ਰੀਖਿਆ ਪਾਸ ਕਰਨ ਵਾਲਿਆਂ ਦੀ ਗਿਣਤੀ ਸਾਲ 2021 ਵਿੱਚ ਮਹਿਜ਼ 80 ਤੋਂ ਵਧ ਕੇ ਸਾਲ 2026 ਵਿੱਚ 882 ਹੋ ਗਈ ਹੈ । ਉਨ੍ਹਾਂ ਕਿਹਾ ਕਿ ਇਹ ਨਤੀਜੇ ‘ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ’ (ਪੇਸ) ਪਹਿਲਕਦਮੀ ਦਾ ਸਪੱਸ਼ਟ ਨਤੀਜਾ ਹਨ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ (Punjab Government) ਦੀ ਸਿੱਖਿਆ ਕ੍ਰਾਂਤੀ ਨੇ ਵਿਦਿਆਰਥੀਆਂ ਲਈ ਉਮੀਦ ਦੀ ਨਵੀਂ ਕਿਰਨ ਜਗਾਈ ਹੈ । ਸਿੱਖਿਆ ਮੰਤਰੀ ਬੈਂਸ ਨੇ ਅੱਗੇ ਕਿਹਾ ਕਿ ਮਜੀਠਾ ਵਿੱਚ ਸਰਕਾਰੀ ਸਕੂਲਾਂ ਦੇ ਛੇ ਵਿਦਿਆਰਥੀਆਂ ਅਤੇ ਦੀਨਾਨਗਰ ਵਿੱਚ 17 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ । ਇਹ ਕੋਈ ਪ੍ਰਾਈਵੇਟ ਕੋਚਿੰਗ ਦੇ ਅੰਕੜੇ ਨਹੀਂ, ਸਗੋਂ ਸਾਡੇ ਸਰਕਾਰੀ ਸਕੂਲਾਂ ਦੀਆਂ ਅਹਿਮ ਪ੍ਰਾਪਤੀਆਂ ਹਨ ।
ਹਰਨੂਰਪ੍ਰੀਤ ਕੌਰ ਵਲੋਂ ਪ੍ਰਾਪਤ ਰੈਂਕ ਦਰਸਾਉਂਦਾ ਹੈ ਸਰਕਾਰੀ ਸਕੂਲਾਂ ਦੀ ਕਾਬਲੀਅਤ ਨੂੰ
ਉਨ੍ਹਾਂ ਨੇ ਇੱਕ ਸਾਧਾਰਨ ਪਰਿਵਾਰ ਨਾਲ ਸਬੰਧਤ ਲੜਕੀ ਹਰਨੂਰਪ੍ਰੀਤ ਕੌਰ ਦਾ ਖਾਸ ਜ਼ਿਕਰ ਕੀਤਾ ਜਿਸ ਨੇ ਆਪਣੀ ਸ਼੍ਰੇਣੀ ਵਿੱਚ ਆਲ ਇੰਡੀਆ ਰੈਂਕ 3140 ਹਾਸਲ ਕੀਤਾ, ਜੋ ਅੱਜ ਦੇ ਸਰਕਾਰੀ ਸਕੂਲਾਂ ਦੀ ਕਾਬਲੀਅਤ ਨੂੰ ਦਰਸਾਉਂਦਾ ਹੈ । ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਪਲਟਵਾਰ ਕੀਤਾ ਕਿ ਜੇਕਰ ਤੁਸੀਂ ਚਾਹੁੰਦੇ ਹੋ ਤਾਂ ਮੈਨੂੰ ਨਿੱਜੀ ਤੌਰ ‘ਤੇ ਨਿਸ਼ਾਨਾ ਬਣਾਓ । ਸਰਕਾਰੀ ਸਕੂਲਾਂ ਨੂੰ ਨਿਸ਼ਾਨਾ ਕਿਉਂ ਬਣਾ ਰਹੇ ਹੋ? ਕੁਝ ਨਕਾਰਾਤਮਕ ਸੋਚ ਵਾਲੇ ਲੋਕਾਂ ਦੁਆਰਾ ਘੜੇ ਗਏ ਝੂਠੇ ਪ੍ਰਚਾਰ ਨੇ ਲੋਕਾਂ ਨੂੰ ਪਹਿਲਾਂ ਹੀ ਸਰਕਾਰੀ ਸਕੂਲਾਂ ਤੋਂ ਦੂਰ ਕਰ ਦਿੱਤਾ ਹੈ । ਸਰਕਾਰੀ ਸਕੂਲਾਂ ਵਿੱਚ ਘਟ ਰਹੀ ਦਾਖਲਾ ਦਰ ਸਬੰਧੀ ਸਵਾਲਾਂ ਦੇ ਜਵਾਬ ਦਿੰਦਿਆਂ ਸ. ਬੈਂਸ ਨੇ ਕਿਹਾ ਕਿ ਇਹ ਰੁਝਾਨ ਸਿਰਫ਼ ਪੰਜਾਬ ਤੱਕ ਹੀ ਸੀਮਤ ਨਹੀਂ ਸੀ, ਸਗੋਂ ਕੋਵਿਡ ਤੋਂ ਬਾਅਦ ਦੇਸ਼ ਭਰ ਵਿੱਚ ਦੇਖਣ ਨੂੰ ਮਿਲਿਆ ਹੈ ।
ਹਰਜੋਤ ਬੈਂਸ ਨੇ ਦਿੱਤਾ ਆਲ ਇੰਡੀਆ ਅੰਕੜਿਆਂ ਦਾ ਹਵਾਲਾ
ਉਨ੍ਹਾਂ ਅੱਗੇ ਕਿਹਾ ਕਿ ਆਲ ਇੰਡੀਆ ਅੰਕੜਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਦੀ ਗਿਣਤੀ 1.76 ਕਰੋੜ ਤੱਕ ਘਟੀ ਹੈ । ਕੋਵਿਡ ਦੌਰਾਨ, ਸਰਕਾਰੀ ਸਕੂਲਾਂ ਵਿੱਚ ਦਾਖਲਾ ਅਸਲ ਵਿੱਚ ਵਧਿਆ ਸੀ । ਪਰ ਉਸ ਤੋਂ ਬਾਅਦ, ਹਰ ਜਗ੍ਹਾ ਇਹ ਗਿਣਤੀ ਘਟੀ ਹੈ । ਉਦਾਹਰਣਾਂ ਦਿੰਦਿਆਂ ਸ. ਬੈਂਸ ਨੇ ਕਿਹਾ ਕਿ ਬਿਹਾਰ ਵਿੱਚ 2.49 ਕਰੋੜ ਵਿਦਿਆਰਥੀ ਸਨ, ਜੋ ਪਹਿਲਾਂ ਘਟ ਕੇ 2.13 ਕਰੋੜ ਰਹਿ ਗਏ ਅਤੇ ਇਸ ਸਾਲ ਇਹ ਹੋਰ ਘਟ ਕੇ 1.95 ਕਰੋੜ ਰਹਿਣ ਦਾ ਅਨੁਮਾਨ ਹੈ। ਇਸੇ ਤਰ੍ਹਾਂ ਉੱਤਰ ਪ੍ਰਦੇਸ਼ ਵਿੱਚ, ਇਹ ਗਿਣਤੀ ਪਹਿਲਾਂ 4.44 ਕਰੋੜ ਤੋਂ ਘਟ ਕੇ 4.16 ਕਰੋੜ ਹੋ ਗਈ ਹੈ, ਜੋ ਇਸ ਸਾਲ 4.1 ਕਰੋੜ ਰਹਿਣ ਦਾ ਅਨੁਮਾਨ ਹੈ । ਇਸ ਤੋਂ ਇਲਾਵਾ ਮਹਾਰਾਸ਼ਟਰ ਵਿੱਚ ਇਹ ਗਿਣਤੀ 2.32 ਕਰੋੜ ਤੋਂ ਘਟ ਕੇ 2.13 ਕਰੋੜ ਰਹਿ ਗਈ ।









