ਪੰਜਾਬ ਵਿੱਚ ਭਿਆਨਕ ਗਰਮੀ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਨੇ ਅੱਜ ਹੀਟਵੇਵ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਰਾਤ ਨੂੰ ਵੀ ਗਰਮੀ ਜ਼ਿਆਦਾ ਰਹੇਗੀ। ਮੌਸਮ ਵਿਭਾਗ ਨੇ ਪਹਿਲੀ ਵਾਰ ਰੈੱਡ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ, ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਦਸਣਯੋਗ ਹੈ ਕਿ ਇਹ ਤਾਪਮਾਨ ਸੂਬੇ ਦੇ ਆਮ ਤਾਪਮਾਨ ਨਾਲੋਂ 5.4 ਡਿਗਰੀ ਵੱਧ ਹੈ। ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 45.8 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ, ਲੋਕਾਂ ਨੂੰ 14 ਜੂਨ ਤੱਕ ਇਸ ਤਰ੍ਹਾਂ ਦੇ ਮੌਸਮ ਦਾ ਸਾਹਮਣਾ ਕਰਨਾ ਪਵੇਗਾ। ਚੰਡੀਗੜ੍ਹ ਵਿੱਚ 41.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਅਨੁਸਾਰ ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਹੀਟਵੇਵ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਯਾਨੀ ਇੱਥੇ ਕਈ ਥਾਵਾਂ ‘ਤੇ ਤੇਜ਼ ਹੀਟਵੇਵ ਦੀ ਸੰਭਾਵਨਾ ਹੈ ਅਤੇ ਕੁਝ ਥਾਵਾਂ ‘ਤੇ ਗਰਮ ਰਾਤਾਂ ਹੋਣ ਦੀ ਸੰਭਾਵਨਾ ਹੈ। ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਮੋਗਾ, ਸੰਗਰੂਰ, ਰੂਪਨਗਰ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਹੀਟਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਦੱਸ ਦਈਏ ਕਿ ਅਗਲੇ ਦੋ ਦਿਨਾਂ ਤੱਕ ਰਾਜ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਅਤੇ ਉਸ ਤੋਂ ਬਾਅਦ ਦੂਰ-ਦੁਰਾਡੇ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। 14 ਤੋਂ 17 ਜੂਨ ਤੱਕ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਗਤੀ ਤੱਕ) ਦੀ ਸੰਭਾਵਨਾ ਹੈ। ਰਾਤ ਨੂੰ ਮੌਸਮ ਗਰਮ ਰਹੇਗਾ।