ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿਧਾਨ ਸਭਾ ਨੇ ਰਾਜਨੀਤਿਕ ਸ਼ਖਸੀਅਤਾਂ, ਸਮਾਜ ਸੇਵਕ ਅਤੇ ਅਗਾਂਹਵਧੂ ਕਿਸਾਨ ਸਮੇਤ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਦਾ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਦੇਹਾਂਤ ਹੋ ਗਿਆ ਸੀ।

16ਵੀਂ ਵਿਧਾਨ ਸਭਾ ਦੇ ਤੀਜੇ ਸੈਸ਼ਨ ਦੇ ਪਹਿਲੇ ਦਿਨ ਸਦਨ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਸਾਬਕਾ ਮੰਤਰੀ ਨਿਰਮਲ ਸਿੰਘ ਕਾਹਲੋਂ, ਤਰਨ ਤਾਰਨ ਦੇ ਸਾਬਕਾ ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ, ਅਗਾਂਹਵਧੂ ਕਿਸਾਨ ਪਦਮਸ੍ਰੀ ਜਗਜੀਤ ਸਿੰਘ ਹਾਰਾ ਅਤੇ ਉੱਘੇ ਸਮਾਜ ਸੇਵਕ ਕ੍ਰਿਸ਼ਨ ਦੇਵ ਖੋਸਲਾ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਗਿਆ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤਖ਼ਤ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਅਤੇ ਸਾਬਕਾ ਪੀ.ਸੀ.ਐਸ. ਅਧਿਕਾਰੀ ਤੇ ਦਰਿਆਈ ਪਾਣੀਆਂ ਦੇ ਮਾਹਿਰ ਪ੍ਰੀਤਮ ਸਿੰਘ ਕੁਮੇਦਨ, ਵਿਧਾਇਕ ਲਾਭ ਸਿੰਘ ਉੱਗੋਕੇ ਦੇ ਪਿਤਾ ਦਰਸ਼ਨ ਸਿੰਘ ਅਤੇ ਉੱਘੀ ਸ਼ਖ਼ਸੀਅਤ ਪਾਲ ਸਿੰਘ ਪੁਰੇਵਾਲ, ਜਿਨ੍ਹਾਂ ਦਾ ਹਾਲ ਹੀ ਵਿੱਚ ਦੇਹਾਂਤ ਹੋ ਗਿਆ ਸੀ, ਦੇ ਨਾਮ ਵੀ ਸ਼ਰਧਾਂਜਲੀ ਦੇਣ ਲਈ ਪ੍ਰਸਤਾਵਿਤ ਕੀਤੇ। ਸ਼ਰਧਾਂਜਲੀ ਦੇਣ ਤੋਂ ਬਾਅਦ ਵਿਛੜੀਆਂ ਸ਼ਖ਼ਸੀਅਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨ ਲਈ ਸਦਨ ਵਿੱਚ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ।

ਸ਼ਰਧਾਂਜਲੀ ਸਮਾਗਮ ਦੌਰਾਨ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ।

ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਦੀ ਕਾਰਵਾਈ ਤਿੰਨ ਵਾਰ ਮੁਲਤਵੀ ਹੋਈ। ਵਿਰੋਧੀ ਧਿਰ ਦੇ ਮੈਂਬਰ ਵੈੱਲ ‘ਚ ਪਹੁੰਚ ਗਏ ਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਿਸ ਤੋਂ ਬਾਅਦ ਕਾਂਗਰਸ ਦੇ ਸਾਰੇ ਵਿਧਾਇਕ‍ਾਂ ਨੂੰ ਅੱਜ ਦੇ ਦਿਨ ਲਈ ਨੇਮ ਕੀਤਾ ਗਿਆ। ਸਪੀਕਰ ਨੇ ਮਾਰਸ਼ਲਾਂ ਨੂੰ ਕਾਂਗਰਸੀ ਵਿਧਾਇਕ‍ਾਂ ਨੂੰ ਬਾਹਰ ਕੱਢਣ ਦਾ ਹੁਕਮ ਦਿੱਤਾ। ਇਸਤੋਂ ਬਾਅਦ ਵਿਧਾਨ ਸਭਾ ਦਾ ਸੈਸ਼ਨ 29 ਸਤੰਬਰ ਦੁਪਹਿਰ ਦੋ ਵਜੇ ਤਕ ਮੁਲਤਵੀ ਕਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here