ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਥਾਣਾ ਮੌੜ, ਜਿਲਾ ਬਠਿੰਡਾ ਵਿਖੇ ਤਾਇਨਾਤ ਸਬ-ਇੰਸਪੈਕਟਰ (ਐਸਆਈ) ਬਲਜੀਤਪਾਲ ਸਿੰਘ ਨੂੰ 50, 000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਰਾਕੇਸ਼ ਕੁਮਾਰ ਵਾਸੀ ਪ੍ਰਤਾਪ ਨਗਰ, ਬਠਿੰਡਾ ਸ਼ਹਿਰ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਨੂੰ ਇੱਕ ਪੁਲਿਸ ਸ਼ਿਕਾਇਤ ਦੀ ਜਾਂਚ ਦੇ ਮਾਮਲੇ ਵਿੱਚ ਨਾਮਜ਼ਦ ਕਰਨ ਦੀ ਧਮਕੀ ਦੇ ਕੇ 50, 000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਪੁਲਿਸ ਮੁਲਾਜ਼ਮ ਨੇ ਸਵੇਰੇ ਉਸ ਤੋਂ 20 ਹਜ਼ਾਰ ਰੁਪਏ ਲੈ ਲਏ ਅਤੇ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਹੈ। ਰਾਕੇਸ਼ ਕੁਮਾਰ ਨੇ ਰਿਸ਼ਵਤ ਦੀ ਇਹ ਰਕਮ ਦੇਣ ਵੇਲੇ ਸਬੂਤ ਵਜੋਂ ਸਾਰੀ ਗੱਲਬਾਤ ਨੂੰ ਰਿਕਾਰਡ ਕਰ ਲਿਆ।
ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਨੂੰ ਧਮਕੀ ਦੇ ਕੇ ਕਿਹਾ ਕਿ ਉਸ ਦਾ ਤਬਾਦਲਾ ਕਿਸੇ ਹੋਰ ਥਾਣੇ ਵਿੱਚ ਹੋ ਚੁੱਕਾ ਹੈ ਪਰ ਜਾਣ ਤੋੰ ਪਹਿਲਾਂ ਉਸ ਵੱਲੋਂ ਰਿਸ਼ਵਤ ਦੀ ਰਕਮ ਨਾ ਦੇਣ ਦੀ ਸੂਰਤ ਵਿੱਚ ਸ਼ਿਕਾਇਤਕਰਤਾ ਅਤੇ ਉਸਦੇ ਰਿਸ਼ਤੇਦਾਰਾਂ ਨੂੰ ਪੁਲਿਸ ਕੇਸ ਵਿੱਚ ਨਾਮਜ਼ਦ ਕਰਕੇ ਜਾਵਾਂਗਾ।
ਬੁਲਾਰੇ ਨੇ ਅੱਗੇ ਕਿਹਾ ਕਿ ਬਿਊਰੋ ਨੇ ਦੋਸ਼ਾਂ ਦੀ ਪੜਤਾਲ ਉਪਰੰਤ ਦੋਸ਼ੀ ਨੂੰ ਫੜ੍ਹਨ ਲਈ ਜਾਲ ਵਿਛਾਇਆ। ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 30, 000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਬਿਊਰੋ ਦੀ ਟੀਮ ਨੇ ਪੁਲਿਸ ਕਰਮਚਾਰੀ ਦੇ ਕਬਜ਼ੇ ‘ਚੋਂ 50 ਹਜ਼ਾਰ ਰੁਪਏ ਬਰਾਮਦ ਕਰ ਲਏ ਜੋ ਉਸ ਨੇ ਰਿਸ਼ਵਤ ਵਜੋਂ ਦੋ ਵਾਰ ਲਏ ਸਨ। ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਵਿਜੀਲੈਂਸ ਦੇ ਥਾਣਾ ਬਠਿੰਡਾ ਵਿਖੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।