ਪੰਜਾਬ ਵਿਧਾਨ ਸਭਾ ਚੋਣਾਂ ‘ਚ ਮਿਲੀ ਕਰਾਰੀ ਹਾਰ ‘ਤੇ ਅਕਾਲੀ ਦਲ ਅੱਜ ਵਿਚਾਰ ਕਰੇਗਾ। ਪਾਰਟੀ ਨੇ ਸੋਮਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ‘ਚ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ, ਜਿਸ ‘ਚ ਵਿਧਾਨ ਸਭਾ ਚੋਣਾਂ ‘ਚ ਪਾਰਟੀ ਦੇ ਸਿਰਫ ਤਿੰਨ ਸੀਟਾਂ ਜਿੱਤਣ ‘ਤੇ ਚਰਚਾ ਕੀਤੀ ਜਾਵੇਗੀ। ਅਕਾਲੀ ਦਲ ਨੇ 97 ਸੀਟਾਂ ‘ਤੇ ਚੋਣ ਲੜੀ ਸੀ ਤੇ ਜਦ ਕਿ ਬਸਪਾ ਕੋਲ 20 ਸੀਟਾਂ ਸਨ। ਇਨ੍ਹਾਂ ਪਾਰਟੀਆਂ ਨੇ ਗਠਜੋੜ ਕੀਤਾ ਹੋਇਆ ਸੀ ਪਰ ਇਸਦੇ ਬਾਵਜੂਦ ਵੀ ਪੰਜਾਬ ਵਿਧਾਨ ਸਭਾ ਚੋਣਾਂ ‘ਚ ਬੁਰੀ ਤਰ੍ਹਾਂ ਹਾਰ ਹੋਈ। ਇਸ ਮੀਟਿੰਗ ‘ਚ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਵੀ ਪਹੁੰਚ ਚੁੱਕੇ ਹਨ।
ਪੰਜਾਬ ਦੀਆਂ 117 ਸੀਟਾਂ ‘ਤੇ ਹੋਈਆਂ ਵਿਧਾਨ ਸਭਾ ਚੋਣਾਂ ‘ਚ ਬੰਗਾ, ਦਾਖਾ ਅਤੇ ਮਜੀਠਾ ਵਿਧਾਨ ਸਭਾ ਸੀਟਾਂ ਅਕਾਲੀ ਦਲ ਦੇ ਖਾਤੇ ‘ਚ ਆ ਗਈਆਂ ਹਨ। ਇਸ ਤੋਂ ਇਲਾਵਾ ਗਠਜੋੜ ਦੀ ਭਾਈਵਾਲ ਬਸਪਾ ਨੇ ਨਵਾਂਸ਼ਹਿਰ ਸੀਟ ਜਿੱਤ ਲਈ ਹੈ। ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਹਰਚਰਨ ਬੈਂਸ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸਾਰੇ ਉਮੀਦਵਾਰਾਂ ਨੂੰ ਬੁਲਾਇਆ ਗਿਆ ਹੈ।