ਅਫਰੀਕਾ ਦੇ ਸਿਏਰਾ ਲਿਓਨ ‘ਚ ਇਕ ਵੱਡਾ ਹਾਦਸਾ ਹੋ ਗਿਆ ਹੈ। ਇੱਥੇ ਤੇਲ ਟੈਂਕਰ ਵਿੱਚ ਜ਼ਬਰਦਸਤ ਧਮਾਕਾ ਹੋਇਆ, ਜਿਸ ਕਾਰਨ ਘੱਟੋ-ਘੱਟ 91 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦੋਂ ਕਿ ਵੱਡੀ ਗਿਣਤੀ ‘ਚ ਲੋਕ ਜ਼ਖਮੀ ਹੋਏ ਹਨ।
ਇਹ ਘਟਨਾ ਦੇਸ਼ ਦੀ ਰਾਜਧਾਨੀ ਫਰੀਟਾਊਨ ‘ਚ ਵਾਪਰੀ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇੱਕ ਤੇਲ ਟੈਂਕਰ ਦੂਜੇ ਵਾਹਨ ਨਾਲ ਟਕਰਾ ਗਿਆ। ਇਸ ਤੋਂ ਬਾਅਦ ਇਸ ‘ਚ ਜ਼ਬਰਦਸਤ ਧਮਾਕਾ ਹੋਇਆ। ਜਿਸ ਨਾਲ ਪੂਰੇ ਇਲਾਕੇ ‘ਚ ਹੜਕੰਪ ਮੱਚ ਗਿਆ।
ਇਸ ਸੰਬੰਧੀ ਸਥਾਨਕ ਮੀਡੀਆ ਵੱਲੋਂ ਘਟਨਾ ਦੀ ਇੱਕ ਵੀਡੀਓ ਵੀ ਜਾਰੀ ਕੀਤੀ ਗਈ ਹੈ, ਜਿਸ ‘ਚ ਟੈਂਕਰ ਦੇ ਆਲੇ-ਦੁਆਲੇ ਲੋਕਾਂ ਦੀਆਂ ਲਾਸ਼ਾਂ ਖਿੱਲਰੀਆਂ ਦਿਖਾਈ ਦੇ ਰਹੀਆਂ ਹਨ।
ਮੇਅਰ ਯਵੋਨ ਅਕੀ-ਸਵਾਇਰ ਨੇ ਵੀਡੀਓ ਫੁਟੇਜ ਦੇਖਣ ਤੋਂ ਬਾਅਦ ਇਸ ਘਟਨਾ ਨੂੰ ਭਿਆਨਕ ਦੱਸਿਆ। ਉਨ੍ਹਾਂ ਇਹ ਵੀ ਕਿਹਾ ਕਿ ਇਹ ਦੱਸਣਾ ਮੁਸ਼ਕਿਲ ਹੈ ਕਿ ਕਿੰਨਾ ਨੁਕਸਾਨ ਹੋਇਆ ਹੈ।
ਹਾਲਾਂਕਿ ਅਜੇ ਤੱਕ ਅਧਿਕਾਰਤ ਤੌਰ ‘ਤੇ ਮਰਨ ਵਾਲਿਆਂ ਦੀ ਗਿਣਤੀ ਦਾ ਖੁਲਾਸਾ ਨਹੀਂ ਹੋਇਆ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਖਮੀ ਲੋਕਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ।
ਇਕ ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ ‘ਚ 91 ਲੋਕਾਂ ਦੀ ਮੌਤ ਤੇ ਕਰੀਬ 100 ਜ਼ਖਮੀ ਹੋ ਗਏ ਹਨ ਪਰ ਫਿਲਹਾਲ ਅਸੀਂ ਇਸ ਦੀ ਪੁਸ਼ਟੀ ਨਹੀਂ ਕਰ ਸਕਦੇ।