ਕੇਂਦਰ ਸਰਕਾਰ ਦੇ ਹੁਕਮ ਨੂੰ ਮੰਨੇਗੀ ਪੰਜਾਬ ਸਰਕਾਰ, ਤੈਅ ਸਮੇਂ ‘ਚ ਲੱਗਣਗੇ ਪ੍ਰੀਪੇਡ ਮੀਟਰ, ਮੁਫ਼ਤ ਬਿਜਲੀ ਦਾ ਵਾਅਦਾ ਵੀ ਹੋਵੇਗਾ ਪੂਰਾ

0
64

ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ 3 ਮਹੀਨੇ ਅੰਦਰ ਪ੍ਰੀਪੇਡ ਬਿਜਲੀ ਮੀਟਰ ਲਗਾਉਣ ਲਈ ਕਿਹਾ ਹੈ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਹੁਕਮਾਂ ਅਨੁਸਾਰ ਪੰਜਾਬ ਵਿੱਚ ਅਗਲੇ ਤਿੰਨ ਮਹੀਨਿਆਂ ਦੌਰਾਨ 85000 ਪ੍ਰੀਪੇਡ ਬਿਜਲੀ ਮੀਟਰ ਲਗਾਏ ਜਾਣਗੇ ਪਰ ਇਸ ਦੌਰਾਨ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਕੀਤੇ ਵਾਅਦਿਆਂ ਅਨੁਸਾਰ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਫ਼ਤ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਪ੍ਰੀਪੇਡ ਮੀਟਰ ਲਾਉਣ ਤੋਂ ਬਾਅਦ ਪ੍ਰੀਪੇਡ ਬਿਜਲੀ ਮੀਟਰਾਂ ਦੀ ਲਾਗਤ ਪੰਜਾਬ ਸਰਕਾਰ ਸਹਿਣ ਕਰੇਗੀ। ਇਸ ਦੌਰਾਨ ਪੰਜਾਬ ਦੇ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਹਰਭਜਨ ਸਿੰਘ ਈਟੀਓ ਦਾ ਕਹਿਣਾ ਹੈ ਕਿ ਗਰਮੀਆਂ ਦਾ ਮੌਸਮ ਪਹਿਲਾਂ ਆਉਣ ਕਾਰਨ ਬਿਜਲੀ ਦੀ ਵੱਧ ਖਪਤ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦੂਜੇ ਰਾਜਾਂ ਤੋਂ ਬਿਜਲੀ ਖਰੀਦੇਗਾ ਪਰ ਪੰਜਾਬ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਬਿਜਲੀ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਘਾਟ ਨੂੰ ਪੂਰਾ ਕਰਨ ਲਈ ਸਰਕਾਰ ਨੇ ਤਿਆਰੀਆਂ ਕਰ ਲਈਆਂ ਹਨ।

ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਕੇਂਦਰ ਸਰਕਾਰ ਨੇ ਝਟਕਾ ਦਿੱਤਾ ਹੈ। ਕੇਂਦਰ ਨੇ ਆਮ ਆਦਮੀ ਪਾਰਟੀ ਨੂੰ 3 ਮਹੀਨੇ ਦੇ ਅੰਦਰ 85 ਹਜ਼ਾਰ ਸਮਾਰਟ ਪ੍ਰੀ-ਪੇਡ ਮੀਟਰ ਲਾਉਣ ਲਈ ਕਿਹਾ ਹੈ। ਜੇ ਮੀਟਰ ਨਾ ਲਾਏ ਗਏ ਤਾਂ ਕੇਂਦਰ ਨੇ ਬਿਜਲੀ ਸੁਧਾਰ ਫੰਡ ਰੋਕਣ ਦੀ ਚਿਤਾਵਨੀ ਦਿੱਤੀ ਹੈ।

ਪੰਜਾਬ ਸਰਕਾਰ ਨੇ ਕੇਂਦਰ ਨੂੰ 10 ਮਾਰਚ ਨੂੰ ਚਿੱਠੀ ਲਿਖੀ ਸੀ, ਜਿਸ ਦੇ ਜਵਾਬ ਵਿੱਚ ਮੋਦੀ ਸਰਕਾਰ ਨੇ ਇਹ ਚਿਤਾਵਨੀ ਦਿੱਤੀ ਹੈ। ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਪ੍ਰੀ-ਪੇਡ ਬਿਜਲੀ ਮੀਟਰ ਲਾਏ ਜਾ ਰਹੇ ਹਨ। ਇਸ ਦਾ 15 ਫੀਸਦੀ ਖਰਚਾ ਕੇਂਦਰ ਸਰਕਾਰ ਚੁੱਕ ਰਹੀ ਹੈ। ਕੇਂਦਰ ਸਰਕਾਰ ਨੇ 2023 ਤੱਕ 25 ਕਰੋੜ ਮੀਟਰ ਲਾਉਣ ਦਾ ਟਾਰਗੇਟ ਰਖਿਆ ਹੈ।

LEAVE A REPLY

Please enter your comment!
Please enter your name here