ਸੰਯੁਕਤ ਸੰਘਰਸ਼ ਪਾਰਟੀ ਨੇ ਮੁੱਖ ਚੋਣ ਦਫ਼ਤਰ ਮੋਹਾਲੀ ਤੋਂ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ। ਇਸ ਮੌਕੇ ਪਾਰਟੀ ਦੇ ਨੇਤਾ ਗੁਰਨਾਮ ਸਿੰਘ ਚੜੂਨੀ ਨੇ ਆਪਣੇ ਚੋਣ ਮੈਨੀਫੈਸਟੋ ‘ਚ ਕਾਨੂੰਨ ਵਿਵਸਥਾ, ਨਸ਼ਾ, ਬੇਅਦਬੀ, ਨਕਲੀ ਸ਼ਰਾਬ ‘ਤੇ ਸਖ਼ਤ ਕਾਨੂੰਨ ਬਣਾਉਣ ਦੀ ਗੱਲ ਕਹੀ। ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ‘ਤੇ ਕਿਸਾਨ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਬੈਂਕਾਂ ਤੋਂ ਕਰਜ਼ਾ ਲੈਣ ਵਾਲੇ ਕਿਸਾਨਾਂ ਦੀ ਜ਼ਮੀਨ ਦੀ ਨਿਲਾਮੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੈਦਾਵਾਰ ਤੋਂ ਲੈ ਕੇ ਖ਼ਪਤਕਾਰ ਤੱਕ ਦਾ ਸਾਰਾ ਕਾਰੋਬਾਰ ਕਿਸਾਨਾਂ ਦੇ ਹੱਥਾਂ ‘ਚ ਹੋਵੇਗਾ। ਚੜੂਨੀ ਨੇ ਕਿਹਾ ਕਿ ਸਰਕਾਰ ਮਾਈਨਿੰਗ, ਰੇਤਾ-ਬੱਜਰੀ ਨੂੰ ਆਪਣੇ ਹੱਥਾਂ ‘ਚ ਲਵੇਗੀ ਅਤੇ ਮਾਈਨਿੰਗ ਮਾਫ਼ੀਆ ਖ਼ਤਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬਜ਼ੁਰਗ, ਵਿਧਵਾ, ਬੇਸਹਾਰਾ ਲੋਕਾਂ ਦੀ ਮਹੀਨੇਵਾਰ ਪੈਨਸ਼ਨ ‘ਚ ਵਾਧਾ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਪੰਜਾਬ ‘ਚ ਬੇਅਦਬੀ ਦੇ ਵਧਦੇ ਮਾਮਲਿਆਂ ‘ਤੇ ਸਖ਼ਤ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਆਧੁਨਿਕ ਹਥਿਆਰਾਂ ਨਾਲ ਲੈਸ ਕੀਤਾ ਜਾਵੇਗਾ। ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਸੂਬੇ ‘ਚ ਨਸ਼ੇ ਨੂੰ ਖ਼ਤਮ ਕੀਤਾ ਜਾਵੇਗਾ ਅਤੇ ਨਸ਼ਾ ਰੋਕਣ ਲਈ ਜ਼ਿਲ੍ਹਾ ਪੁਲਿਸ ਅਫ਼ਸਰ ਦੀ ਜ਼ਿੰਮੇਵਾਰੀ ਹੋਵੇਗੀ। ਇਸ ਤੋਂ ਇਲਾਵਾ ਨਕਲੀ ਸ਼ਰਾਬ ਵੇਚਣ ਵਾਲਿਆਂ ਨੂੰ ਵੀ ਸਖ਼ਤ ਸਜ਼ਾ ਦਿੱਤੀ ਜਾਵੇਗੀ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਪਰਵਾਸੀ ਭਾਰਤੀਆਂ ਦੀ ਜਾਇਦਾਦ ਲਈ ਕਾਨੂੰਨ ਬਣਾਇਆ ਜਾਵੇਗਾ, ਤਾਂ ਜੋ ਕੋਈ ਕਬਜ਼ਾ ਨਾ ਕਰ ਸਕੇ। ਖੇਤੀਬਾੜੀ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਜਾਵੇਗੀ। ਰਾਜ ਪੱਧਰੀ ਮੁਕਾਬਲਿਆਂ ਲਈ ਵਿਸ਼ੇਸ਼ ਬਜਟ, ਪੰਜਾਬੀ ਭਾਸ਼ਾ ਨੂੰ ਸਰਕਾਰੀ ਭਾਸ਼ਾ, ਗਰੈਜੂਏਸ਼ਨ ਤੱਕ ਮੁਫ਼ਤ ਸਿੱਖਿਆ, ਵਾਤਾਵਰਣ ਦੀ ਸੁਰੱਖਿਆ, ਸੜਕੀ ਆਵਾਜਾਈ ਵਿੱਚ ਬਿਹਤਰ ਆਵਾਜਾਈ ਦੀ ਸਹੂਲਤ, ਟੈਕਸੀਆਂ ਅਤੇ ਟਰੱਕਾਂ ਨੂੰ ਇੰਸਪੈਕਟਰੀ ਰਾਜ ਤੋਂ ਆਜ਼ਾਦੀ ਦਿੱਤੀ ਜਾਵੇਗੀ।