ਨਵੀਂ ਦਿੱਲੀ: ਟਿਕਰੀ ਬਾਰਡਰ ‘ਤੋਂ ਪ੍ਰੈਂਸ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨ ਮੋਰਚੇ ਨੂੰ ਫੇਲ੍ਹ ਕਰਨ ਲਈ ਵੱਖ-ਵੱਖ ਤਰ੍ਹਾਂ ਦੇ ਢੰਗ ਅਪਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਆਗੂਆਂ ਤੋਂ ਭਰੋਸਾ ਤੋੜਨ ਲਈ ਸੋਸ਼ਲ ਮੀਡੀਆ ਵੱਲੋਂ ਪੰਜਾਬ ਦੇ ਕਿਸਾਨ ਆਗੂਆਂ ਨੂੰ 2022 ਦਾ ਮੁੱਖ ਮੰਤਰੀ ਵਜੋਂ ਪੇਸ਼ ਕਰ ਕੇ ਭਰਮ ਭੁਲੇਖੇ ਖੜ੍ਹੇ ਕੀਤੇ ਜਾ ਰਹੇ ਹਨ। ਸੂਬਾ ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਭਾਰਤੀ ਕਿਸਾਨ ਯੂਨੀਅਨ(ਏਕਤਾ ਉਗਰਾਹਾਂ) ਕਿਸੇ ਤਰ੍ਹਾਂ ਦੀਆਂ ਚੋਣਾਂ ‘ਚ ਹਿੱਸਾ ਨਹੀਂ ਲੈਂਦੀ ਅਤੇ ਨਾ ਹੀ ਕਿਸੇ ਵੋਟ ਪਾਰਟੀ ਜਾਂ ਚੋਣਾਂ ਲੜ ਰਹੇ ਕਿਸੇ ਵੀ ਵਿਅਕਤੀ ਦਾ ਸਮਰਥਨ ਕਰਦੀ ਹੈ।
ਉਨ੍ਹਾਂ ਕਿਹਾ ਕਿ ਮੋਰਚੇ ਨੂੰ ਪਹਿਲਾਂ ਵੀ ਸਰਕਾਰ ਦੁਆਰਾ ਨਕਸਲਵਾਦੀ, ਅੱਤਵਾਦੀ ਅਤੇ ਵਿਰੋਧੀਆਂ ਦੇ ਚੱਕੇ ਹੋਏ ਵਿਚੋਲਿਆ ਨੇ ਤਰ੍ਹਾਂ-ਤਰ੍ਹਾਂ ਦੇ ਠੱਪੇ ਲਾ ਕੇ ਫੇਲ੍ਹ ਕਰਨ ਦੀ ਕੋਸ਼ਿਸ਼ ਕੀਤੀ ਸੀ। ਧਰਮ ਅਤੇ ਪਾਣੀਆਂ ਦੇ ਨਾਂ ‘ਤੇ ਇੱਕ ਦੂਜੇ ਰਾਜਾਂ ਦੇ ਕਿਸਾਨਾਂ ਨੂੰ ਲੜਾਉਣ ਦੀ ਕੋਸ਼ਿਸ਼ ਵੀ ਕੀਤੀ ਗਈ। ਇਨ੍ਹਾਂ ਸਾਰੀਆਂ ਚਾਲਾਂ ਦੇ ਫੇਲ੍ਹ ਹੋਣ ਤੋਂ ਬਾਅਦ ਸਰਕਾਰ ਦੇ ਵੱਲੋਂ ਮੋਰਚੇ ਨੂੰ ਫੇਲ੍ਹ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਇਨ੍ਹਾਂ ਚਾਲਾਂ ਤੋਂ ਸੁਚੇਤ ਹੁੰਦੇ ਹੋਏ ਮੋਰਚੇ ਵਿੱਚ ਵੱਧ ਤੋਂ ਵੱਧ ਭਾਗ ਲਿਆ ਜਾਵੇ।
ਇਸ ਦੇ ਨਾਲ ਹੀ ਸੂਬਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਨੇ ਕੱਲ੍ਹ ਚੰਡੀਗੜ੍ਹ ਵਿਖੇ ਰਾਜਪਾਲ ਨੂੰ ਸ਼ਾਂਤਮਈ ਤਰੀਕੇ ਨਾਲ ਮੰਗ ਪੱਤਰ ਦੇਣ ਗਏ ਕਿਸਾਨਾਂ ‘ਤੇ ਕੀਤੇ ਪੁਲਿਸ ਕੇਸਾਂ ਦੀ ਜ਼ੋਰਦਾਰ ਨਿੰਦਿਆ ਕਰਦਿਆਂ ਕਿਹਾ ਕਿ ਇਹ ਭਾਜਪਾ ਵੱਲੋਂ ਬਦਲਾਖੋਰੀ ਦੀ ਭਾਵਨਾ ਨਾਲ ਕੀਤੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਕੇਂਦਰ ਦੇ ਦਬਾਅ ਹੇਠ ਕਿਸਾਨਾਂ ‘ਤੇ ਪਰਚੇ ਦਰਜ ਕਰਵਾਏ ਗਏ ਹਨ।