ਕੈਪਟਨ ਸਰਕਾਰ ਵੱਲੋਂ ਪੈਟਰੋਲ ਤੇ ਡੀਜਲ ‘ਤੇ ਲਾਏ ਟੈਕਸਾਂ ਦਾ ਬੋਝ ਪੰਜਾਬ ਦੇ ਲੋਕਾਂ ‘ਤੇ ਪੈ ਰਿਹਾ ਭਾਰੀ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ ਦੀ ਸਖਤ ਨਿੰਦਾ ਕੀਤੀ ਹੈ ਅਤੇ ਕਿਹਾ ਕਿ ਤੇਲ ਕੀਮਤਾਂ ਵਿੱਚ ਹੋ ਰਹੇ ਵਾਧੇ ਨਾਲ ਪਹਿਲਾਂ ਹੀ ਕੋਰੋਨਾ ਮਹਾਮਾਰੀ ਨਾਲ ਪੀੜਤ ਲੋਕਾਂ ‘ਤੇ ਹੋਰ ਭਾਰੀ ਆਰਥਿਕ ਬੋਝ ਪਵੇਗਾ। ਸੁੱਕਰਵਾਰ ਨੂੰ ਇੱਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਤੇਲ ਕੀਮਤਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਆਮ ਲੋਕਾਂ ਪ੍ਰਤੀ ਮੋਦੀ ਸਰਕਾਰ ਦੀ ਉਦਾਸੀਨਤਾ ਨੂੰ ਦਰਸਾਉਂਦਾ ਹੈ। ਮੋਦੀ ਸਰਕਾਰ ਦਾ ਇਹ ਵਿਵਹਾਰ ਲੋਕ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਕਾਰਨ ਆਮ ਵਰਤੋਂ ਦੀਆਂ ਚੀਜਾਂ ਦੇ ਮੁੱਲ ਵੀ ਬਹੁਤ ਵੱਧ ਗਏ ਹਨ, ਜਿਸ ਕਰਕੇ ਗਰੀਬ ਵਰਗ ਸਮੇਤ ਮੱਧ ਵਰਗ ਦੇ ਪਰਿਵਾਰਾਂ ‘ਤੇ ਮਾੜਾ ਅਸਰ ਪੈ ਰਿਹਾ ਹੈ।

ਚੀਮਾ ਨੇ ਕਿਹਾ ਕਿ ਜਦੋਂ ਦੇਸ ਦੇ ਲੋਕ ਕੋਰੋਨਾ ਮਹਾਮਾਰੀ ਨਾਲ ਬੇਰੁਜਗਾਰ ਹੋ ਰਹੇ ਹਨ ਅਤੇ ਭਾਰੀ ਆਰਥਿਕ ਸੰਕਟ ਵਿੱਚ ਫਸ ਗਏ ਹਨ, ਉਦੋਂ ਹੀ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜਲ ਦੇ ਮੁੱਲ ਵਿੱਚ 30 ਰੁਪਏ ਪ੍ਰਤੀ ਲੀਟਰ ਵਾਧਾ ਕਰ ਦਿੱਤਾ ਹੈ। ਇਸ ਕਾਰਨ ਪੈਟਰੋਲ ਦੀ ਕੀਮਤ ਹੁਣ 100 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ ਅਤੇ ਡੀਜਲ ਦੀ ਕੀਮਤ 100 ਰੁਪਏ ਤੱਕ ਪਹੁੰਚਣ ਵਾਲੀ ਹੈ। ਉਨ੍ਹਾਂ ਕਿਹਾ ਕਿ ਤੇਲ ਕੀਮਤਾਂ ਵਿੱਚ ਹੋਏ ਭਾਰੀ ਵਾਧੇ ਕਾਰਨ ਆਮ ਲੋਕਾਂ ਦੇ ਨਾਲ ਨਾਲ ਕਿਸਾਨਾਂ ‘ਤੇ ਬਹੁਤ ਮਾੜਾ ਪ੍ਰਭਾਵ ਪੈ ਰਿਹਾ ਹੈ। ਖੇਤੀ ਲਾਗਤਾਂ ਵਧਣ ਕਾਰਨ ਅਨਾਜ, ਦਾਲਾਂ, ਸਬਜੀਆਂ ਅਤੇ ਖਾਣ ਵਾਲੇ ਤੇਲ ਮਹਿੰਗੇ ਹੋ ਗਏ ਹਨ। ਤੇਲ ਕੀਮਤਾਂ ਵਿੱਚ ਹੋ ਰਹੇ ਵਾਧੇ ਤੋਂ ਪਤਾ ਲੱਗਦਾ ਕਿ ਲੋਕਾਂ ਦੀ ਭਲਾ ਕਰਨਾ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਏਜੰਡੇ ਵਿੱਚ ਹੀ ਨਹੀਂ ਹੈ।

ਤੇਲ ਕੀਮਤਾਂ ਦੇ ਮੁੱਦੇ ‘ਤੇ ਪੰਜਾਬ ਵਿੱਚਲੀ ਕਾਂਗਰਸ ਸਰਕਾਰ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪੈਟਰੋਲ ਤੇ ਡੀਜਲ ‘ਤੇ ਭਾਰੀ ਟੈਕਸ ਲਾਗੂ ਕੀਤੇ ਹੋਏ ਹਨ। ਇਹ ਟੈਕਸ ਹੋਰਨਾਂ ਰਾਜਾਂ ਨਾਲੋਂ ਬਹੁਤ ਜਅਿਾਦਾ ਹਨ, ਜਿਸ ਕਾਰਨ ਪੰਜਾਬ ‘ਚ ਪੈਟਰੋਲ ਗੁਆਂਢੀ ਰਾਜਾਂ ਨਾਲੋਂ ਮਹਿੰਗਾ ਵੇਚਿਆ ਜਾ ਰਿਹਾ ਹੈ। ਚੀਮਾ ਨੇ ਦੋਸ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਆਕਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਾਹ ‘ਤੇ ਹੀ ਚੱਲ ਰਹੇ ਹਨ, ਕਿਉਂਕਿ ਕੈਪਟਨ ਨੂੰ ਵੀ ਪੰਜਾਬ ਦੇ ਲੋਕਾਂ ਦੀ ਸਮੱਸਿਆਵਾਂ ਦੀ ਕੋਈ ਚਿੰਤਾਂ ਨਹੀਂ ਹੈ। ਕੈਪਟਨ ਸਰਕਾਰ ਵੀ ਕੇਂਦਰ ਸਰਕਾਰ ਦੀ ਤਰ੍ਹਾਂ ਲੋਕਾਂ ਨੂੰ ਲੁੱਟਣ ਅਤੇ ਕੁੱਟਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸਾਂ ਹੀ ਲੋਕਾਂ ਦੇ ਮੁੱਦਿਆਂ ‘ਤੇ ਆਵਾਜ ਬੁਲੰਦ ਕਰਦੀ ਰਹੀ ਹੈ ਅਤੇ ਹੁਣ ਵੀ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਸੰਘਰਸ ਕਰ ਰਹੀ ਹੈ। ਇਸ ਲਈ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਪੈਟਰੋਲ ਅਤੇ ਡੀਜਲ ‘ਤੇ ਲਾਗੂ ਭਾਰੀ ਟੈਕਸਾਂ ਨੂੰ ਹਟਾਇਆ ਜਾਵੇ ਤਾਂ ਜੋ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਮਿਲ ਸਕੇ।