ਦਿੱਲੀ ਦੇ CM ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਧਨਾਨਸੂ ਵਿੱਚ ਰੈਲੀ ਕਰਨਗੇ। ਦੋਵੇਂ CM ਜਨਤਕ ਸੇਵਾਵਾਂ ਦੀ ਡੋਰਸਟੇਪ ਡਿਲੀਵਰੀ ਦੀ ਸ਼ੁਰੂਆਤ ਕਰਨਗੇ। ਇਸ ਸਕੀਮ ਤਹਿਤ ਸਿਰਫ਼ ਇੱਕ ਫ਼ੋਨ ਕਾਲ ਨਾਲ 43 ਤਰ੍ਹਾਂ ਦੀਆਂ ਸੇਵਾਵਾਂ ਘਰ ਬੈਠੇ ਹੀ ਮਿਲਣਗੀਆਂ। CM ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਲੁਧਿਆਣਾ ਤੋਂ ਸਰਕਾਰ ਤੁਹਾਡੇ ਦੁਆਰ ਸਕੀਮ ਦੀ ਸ਼ੁਰੂਆਤ ਕਰਨਗੇ।
ਆਮ ਆਦਮੀ ਪਾਰਟੀ (ਆਪ) ਵੱਲੋਂ ਰੈਲੀ ਦੀਆਂ ਤਿਆਰੀਆਂ ਪਿਛਲੇ ਦਿਨੀਂ ਮੁਕੰਮਲ ਕਰ ਲਈਆਂ ਗਈਆਂ ਸਨ। ਇਸ ਦੇ ਨਾਲ ਹੀ ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਜਾਮ ਤੋਂ ਬਚਾਉਣ ਲਈ ਰੂਟ ਪਲਾਨ ਵੀ ਜਾਰੀ ਕੀਤਾ ਹੈ। ਨਗਰ ਨਿਗਮ ਅਤੇ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਰਿਪੋਰਟ ਤਿਆਰ ਕੀਤੀ ਗਈ ਹੈ।
ਉਮੀਦ ਹੈ ਕਿ ਅੱਜ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸ਼ਹਿਰ ਦੇ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ ਕਰ ਸਕਦੇ ਹਨ। ਦੋਵਾਂ ਮੁੱਖ ਮੰਤਰੀਆਂ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਅਧਿਕਾਰੀ ਦੇਰ ਰਾਤ ਤੱਕ ਰੈਲੀ ਵਾਲੀ ਥਾਂ ਦਾ ਮੁਆਇਨਾ ਕਰਦੇ ਰਹੇ।ਇਸ ਰੈਲੀ ਦੀ ਸੁਰੱਖਿਆ ਲਈ 300 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਪੁਲਿਸ ਨੇ ਰੂਟ ਪਲਾਨ ਵੀ ਜਾਰੀ ਕੀਤਾ ਹੈ ਤਾਂ ਜੋ ਰੈਲੀ ਦੌਰਾਨ ਲੋਕਾਂ ਨੂੰ ਆਵਾਜਾਈ ਸਬੰਧੀ ਕੋਈ ਦਿੱਕਤ ਨਾ ਆਵੇ। ਰੈਲੀ ਕਾਰਨ ਮੁੱਖ ਤੌਰ ’ਤੇ 4 ਸੜਕਾਂ ਪ੍ਰਭਾਵਿਤ ਹੋਣਗੀਆਂ। ਜਿਸ ਵਿੱਚ ਸਮਰਾਲਾ ਚੌਂਕ ਤੋਂ ਕੋਹਾੜਾ ਰੋਡ, ਸਾਹਨੇਵਾਲ ਤੋਂ ਕੋਹਾੜਾ ਰੋਡ, ਨੀਲੋਂ ਤੋਂ ਕੋਹਾੜਾ/ਧਨਾਨਸੂ ਰੋਡ ਅਤੇ ਦੱਖਣੀ ਬਾਈਪਾਸ ਰੋਡ ਸ਼ਾਮਲ ਹਨ।