ਚੰਡੀਗੜ੍ਹ : ਮੁੱਖ ਸਕੱਤਰ ਵਿਨੀ ਮਹਾਜਨ ਅਤੇ ਡੀਜੀਪੀ ਦਿਨਕਰ ਗੁਪਤਾ ਅੱਜ ਪੰਜਾਬ ਦੇ ਨਵੇਂ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦੇਣ ਉਨ੍ਹਾਂ ਦੇ ਘਰ ਪੁੱਜੇ। ਇਸ ਦੌਰਾਨ ਡੀਜੀਪੀ ਦਿਨਕਰ ਗੁਪਤਾ ਨੇ ਫੁੱਲਾਂ ਦਾ ਗੁਲਦਸਤਾ ਭੇਂਟ ਕਰ ਨਵੇਂ ਮੁੱਖਮੰਤਰੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਦੱਸ ਦਈਏ ਕਿ ਕਾਂਗਰਸ ਹਾਈਕਮਾਨ ਨੇ ਇਕ ਵੱਡਾ ਉਲਟਫੇਰ ਕਰਦੇ ਹੋਏ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ।
ਸੋਮਵਾਰ ਨੂੰ ਸਵੇਰੇ 11 ਵਜੇ ਚੰਨੀ ਪੰਜਾਬ ਦੇ 16ਵੇਂ ਮੁੱਖ ਮੰਤਰੀ ਦੇ ਤੌਰ ’ਤੇ ਸਹੁੰ ਚੁੱਕਣਗੇ। ਪੰਜਾਬ ਰਾਜਭਵਨ ਵਿਚ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਨੂੰ ਆਪਣਾ ਦਾਅਵਾ ਪੇਸ਼ ਕੀਤਾ ਹੈ। ਰਾਜਪਾਲ ਵਲੋਂ ਸਵੇਰੇ 11 ਵਜੇ ਸਹੁੰ ਚੁਕਵਾਈ ਜਾਵੇਗੀ। ਇਸ ਤੋਂ ਪਹਿਲਾਂ ਚੰਨੀ ਨੇ ਕਿਹਾ ਕਿ ਸ਼ਨੀਵਾਰ ਨੂੰ ਪੰਜਾਬ ਕਾਂਗਰਸ ਭਵਨ ਵਿਚ ਸ਼ਾਮ 5 ਵਜੇ ਵਿਧਾਇਕ ਦਲ ਦੀ ਬੈਠਕ ਹੋਈ ਸੀ। ਇਸ ਬੈਠਕ ਵਿਚ ਵਿਧਾਇਕਾਂ ਨੇ ਸਰਵਸੰਮਤੀ ਨਾਲ ਪ੍ਰਸਤਾਵ ਪਾਸ ਕੀਤੇ ਸਨ। ਇਸ ਦੀ ਅਗਲੀ ਕੜੀ ਵਿਚ ਹੁਣ ਰਾਜਪਾਲ ਨੂੰ ਦਾਅਵਾ ਪੇਸ਼ ਕੀਤਾ ਗਿਆ ਹੈ।