ਚੰਡੀਗੜ੍ਹ: ਪੰਜਾਬ ਕਾਂਗਰਸ ‘ਚ ਚੱਲ ਰਹੇ ਕਲੇਸ਼ ਨੂੰ ਖ਼ਤਮ ਕਰਨ ਲਈ ਹਾਈ ਕਮਾਨ ਵੱਲੋਂ ਇੱਕ ਤਿੰਨ ਮੈਂਬਰ ਕਮੇਟੀ ਗਠਿਤ ਕੀਤੀ ਗਈ ਹੈ। ਇਸ ਕਮੇਟੀ ਦੀ ਪਹਿਲੀ ਬੈਠਕ ਅੱਜ ਦਿੱਲੀ ਵਿੱਚ ਹੋਏਗੀ। ਕਮੇਟੀ ਵਿੱਚ ਪੰਜਾਬ ਇੰਚਾਰਜ ਹਰੀਸ਼ ਰਾਵਤ, ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲੀਕਾਰਜੁਨ ਖੜਗੇ ਅਤੇ ਸਾਬਕਾ ਸੰਸਦ ਮੈਂਬਰ ਜੇਪੀ ਅਗਰਵਾਲ ਸ਼ਾਮਲ ਹਨ। ਦੱਸ ਦਈਏ ਕਿ ਪੰਜਾਬ ਕਾਂਗਰਸ ‘ਚ ਪਿੱਛਲੇ ਲੰਬੇ ਸਮੇਂ ਤੋਂ ਆਪਸੀ ਗੜਬੜ ਵੱਧਦੀ ਜਾ ਰਹੀ ਹੈ। ਪਾਰਟੀ ਦੇ ਅੰਦਰ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਹੋ ਰਿਹਾ ਹੈ।

ਖ਼ਬਰਾਂ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਅਤੇ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਕਮੇਟੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਹੀ ਨੁਕਸਾਨ ਨੂੰ ਕੰਟਰੋਲ ਵਿੱਚ ਲੱਗੇ ਹੋਏ ਹਨ। ਨਾਰਾਜ਼ ਮੰਤਰੀਆਂ ਅਤੇ ਵਿਧਾਇਕਾਂ ਨੂੰ ਮਨਾਉਣ ਲਈ ਵਨ-ਟੂ-ਵਨ ਮੀਟਿੰਗ ਤਿਆਰ ਕੀਤੀ ਜਾ ਰਹੀ ਹੈ। ਕਮੇਟੀ ਦੀ ਪਹਿਲੀ ਬੈਠਕ ਸ਼ਨੀਵਾਰ ਸਵੇਰੇ ਪਾਰਟੀ ਹੈੱਡਕੁਆਰਟਰ ਵਿਖੇ ਹੋਵੇਗੀ। ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਸਾਰੇ ਆਗੂਆਂ ਨੂੰ ਜਨਤਕ ਫੋਰਮਾਂ ਵਿਚ ਆਪਸੀ ਮਤਭੇਦ ਬਾਰੇ ਗੱਲਬਾਤ ਨਾ ਕਰਨ ਲਈ ਕਿਹਾ ਗਿਆ ਹੈ।