ਦਿਨੋਂ-ਦਿਨ ਵਧ ਰਹੀ ਗਰਮੀ ਕਾਰਨ ਥਰਮਲ ਪਲਾਂਟਾਂ ‘ਚ ਕੋਲੇ ਦੀ ਘਾਟ ਦਾ ਮੁੱਦਾ ਭਖਦਾ ਜਾ ਰਿਹਾ ਹੈ। ਹਾਲਾਂਕਿ ਇਸ ਸਬੰਧੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਅੱਜ ਵੱਡਾ ਬਿਆਨ ਦਿੱਤਾ ਹੈ।
ਬਿਜਲੀ ਮੰਤਰੀ ਹਰਭਜਨ ਸਿੰਘ ਨੇ ਆਖਿਆ ਹੈ ਕਿ ਪੰਜਾਬ ਵਿਚ ਬਿਜਲੀ ਦਾ ਕੋਈ ਸੰਕਟ ਪੈਦਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੋਲੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਨੂੰ ਝਾਰਖੰਡ ਭੇਜਿਆ ਗਿਆ ਹੈ। ਲੋੜ ਮੁਤਾਬਕ ਕੋਲੇ ਦਾ ਪ੍ਰਬੰਧ ਕਰ ਲਿਆ ਜਾਵੇਗਾ।
ਕੇਂਦਰ ਸਰਕਾਰ ਵੱਲੋਂ ਬਿਜਲੀ ਦੇ ਪ੍ਰੀਪੇਡ ਮੀਟਰ ਲਾਉਣ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ‘ਚ ਅਜੇ ਸਮਾਰਟ ਬਿਜਲੀ ਮੀਟਰ ਲਗਾਏ ਜਾਣਗੇ। ਪ੍ਰੀਪੇਡ ਮੀਟਰ ਬਾਰੇ ਅਜੇ ਕੋਈ ਵਿਚਾਰ ਨਹੀਂ ਕੀਤਾ ਗਿਆ ਹੈ। ਦੱਸ ਦਈਏ ਕਿ ਕੇਂਦਰ ਸਰਕਾਰ ਨੇ ਸਾਰੀਆਂ ਸੂਬਾ ਸਰਕਾਰ ਨੂੰ ਪ੍ਰੀਪੇਡ ਮੀਟਰ ਲਾਉਣ ਦੇ ਹੁਕਮ ਜਾਰੀ ਕੀਤੇ ਹਨ।
ਕਈ ਸੂਬਿਆਂ ਵਿਚ ਇਸ ਦਾ ਵਿਰੋਧ ਹੋ ਰਿਹਾ ਹੈ। ਪੰਜਾਬ ਵਿਚ ਕਿਸਾਨ ਜਥੇਬੰਦੀਆਂ ਵੀ ਇਸ ਫੈਸਲੇ ਦਾ ਵਿਰੋਧ ਕਰ ਰਹੀਆਂ ਹਨ। ਪਿਛਲੇ ਦਿਨੀਂ ਬਿਜਲੀ ਮੰਤਰੀ ਨੇ ਕਿਹਾ ਸੀ ਕਿ ਇਸ ਸਬੰਧੀ ਫੈਸਲੇ ਲੋਕਾਂ ਦੀ ਰਾਏ ਮੁਤਾਬਕ ਲਿਆ ਜਾਵੇਗਾ। ਅੱਜ ਬਿਜਲੀ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਪੰਜਾਬ ‘ਚ ਅਜੇ ਸਮਾਰਟ ਬਿਜਲੀ ਮੀਟਰ ਲਗਾਏ ਜਾਣਗੇ। ਪ੍ਰੀਪੇਡ ਮੀਟਰ ਬਾਰੇ ਅਜੇ ਕੋਈ ਵਿਚਾਰ ਨਹੀਂ ਕੀਤਾ ਗਿਆ ਹੈ।