ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਓਲੰਪਿਕ ਖੇਡਾਂ ’ਚ ਜਾਣ ਵਾਲੇ ਖਿਡਾਰੀਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਐਲਾਨ ਕੀਤਾ ਕਿ ਓਲੰਪਿਕ ’ਚ ਸੋਨ ਤਗਮਾ ਜਿੱਤਣ ਵਾਲੇ ਸੂਬੇ ਦੇ ਖਿਡਾਰੀ ਨੂੰ ਸਵਾ ਦੋ ਕਰੋੜ ਰੁਪਏ ਦਾ ਇਨਾਮ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਚਾਂਦੀ ਦਾ ਤਗਮਾ ਜਿੱਤਣ ਵਾਲੇ ਨੂੰ 1.5 ਕਰੋੜ ਰੁਪਏ ਅਤੇ ਕਾਂਸੀ ਦਾ ਤਗਮਾ ਜੇਤੂ ਨੂੰ 1 ਕਰੋੜ ਰੁਪਏ ਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
ਖੇਡ ਮੰਤਰੀ ਰਾਣਾ ਸੋਢੀ ਨੇ ਉਮੀਦ ਜਤਾਈ ਕਿ ਪੰਜਾਬ ਦੇ ਖਿਡਾਰੀ ਟੋਕੀਓ ਤੋਂ ਵੱਡੀ ਗਿਣਤੀ ਵਿੱਚ ਤਗਮੇ ਜਿੱਤ ਕੇ ਘਰ ਪਰਤਣਗੇ। ਅੱਜ ਇੱਥੇ ਪੰਜਾਬ ਦੇ ਖਿਡਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਦਿਆਂ ਸ਼ੂਟਿੰਗ ਦੇ ਉੱਘੇ ਖਿਡਾਰੀ ਰਹੇ ਰਾਣਾ ਸੋਢੀ ਨੇ ਟੋਕੀਓ ਜਾ ਰਹੇ ਪੰਜਾਬ ਦੇ ਖਿਡਾਰੀਆਂ ਨੂੰ ਪੰਜ-ਪੰਜ ਲੱਖ ਰੁਪਏ ਵੀ ਸੌਂਪੇ। ਇਨ੍ਹਾਂ ਖਿਡਾਰੀਆਂ ਨੂੰ ਕੁੱਲ 1 ਕਰੋੜ 30 ਲੱਖ ਰੁਪਏ ਦੀ ਸਹਾਇਤਾ ਤਕਸੀਮ ਕੀਤੀ ਗਈ ਹੈ।
ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ 26 ਅਥਲੀਟ ਓਲੰਪਿਕ ਲਈ ਕੁਆਲੀਫਾਈ ਕਰ ਚੁੱਕੇ ਹਨ। ਉਨ੍ਹਾਂ ਨਾਲ ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਸੇਵਾਮੁਕਤ) ਡਾ. ਜਗਬੀਰ ਸਿੰਘ ਚੀਮਾ, ਰਜਿਸਟਰਾਰ ਕਰਨਲ ਨਵਜੀਤ ਸਿੰਘ ਸੰਧੂ, ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਰਾਜ ਕਮਲ ਚੌਧਰੀ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਡੀ ਪੀ ਐੱਸ ਖਰਬੰਦਾ, ਪੀਆਈਐੱਸ ਡਾਇਰੈਕਟਰ ਅਮਰਦੀਪ ਸਿੰਘ ਅਤੇ ਸੰਯੁਕਤ ਸਕੱਤਰ ਕਰਤਾਰ ਸਿੰਘ ਮੌਜੂਦ ਸਨ।
ਇਸਦੇ ਨਾਲ ਹੀ ਰਾਣਾ ਸੋਢੀ ਨੇ ਮਾਨਸਾ ਦੀ ਕਰਾਟੇ ਖਿਡਾਰਨ ਹਰਦੀਪ ਕੌਰ (23) ਨੂੰ ਕਰਾਟੇ ਕੋਚ ਦੀ ਨੌਕਰੀ ਲਈ ਨਿਯੁਕਤੀ ਪੱਤਰ ਵੀ ਸੌਂਪਿਆ। ਉਹ ਆਪਣੇ ਜੱਦੀ ਪਿੰਡ ਗੁਰਨੇ ਕਲਾਂ ਵਿਖੇ ਝੋਨੇ ਦੀ ਲੁਆਈ ਲਈ ਮਜ਼ਦੂਰ ਵਜੋਂ ਕੰਮ ਕਰਨ ਲਈ ਮਜਬੂਰ ਸੀ। ਹਰਦੀਪ ਕੌਰ ਨੂੰ ਦੋ ਸਾਲ ਪਹਿਲਾਂ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਕੋਰੋਨਾ ਮਹਾਂਮਾਰੀ ਕਾਰਨ ਉਹ ਦਸਤਾਵੇਜ਼ ਜਮ੍ਹਾਂ ਨਹੀਂ ਕਰਵਾ ਸਕੀ ਸੀ। ਜਿਸ ਕਾਰਨ ਉਸ ਦੀ ਨਿਯੁਕਤੀ ਵਿੱਚ ਦੇਰੀ ਹੋ ਗਈ ਸੀ।