ਪੰਜਾਬ ਦੇ CM ਵੱਲੋਂ ਕਿਸਾਨਾਂ ਨੂੰ ਪਟਿਆਲਾ ਵਿੱਚ ਧਾਰਨਾ ਨਾ ਲਾਉਣ ਦੀ ਕੀਤੀ ਗਈ ਅਪੀਲ

0
39

ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਮਹਾਂਮਾਰੀ ਦੌਰਾਨ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪਟਿਆਲਾ ਵਿੱਚ 28, 29 ਅਤੇ 30 ਮਈ ਨੂੰ ਦਿੱਤਾ ਜਾਣ ਵਾਲਾ ਧਰਨਾ ਨਾ ਲਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਧਰਨਾ ਵੱਡੀ ਪੱਧਰ ’ਤੇ ਕਰੋਨਾ ਫੈਲਣ ਦਾ ਕਾਰਨ ਬਣ ਸਕਦਾ ਹੈ ਜਿਸ ਨਾਲ ਸੂਬਾ ਸਰਕਾਰ ਵੱਲੋਂ ਕੋਰੋਨਾਵਾਇਸ ਦੀ ਰੋਕਥਾਮ ਲਈ ਹੁਣ ਤੱਕ ਕੀਤੀਆਂ ਸਾਰੀਆਂ ਕੋਸ਼ਿਸ਼ਾਂ ’ਤੇ ਪਾਣੀ ਪੈ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਲੋਕਾਂ ਦੀ ਜ਼ਿੰਦਗੀ ਦਾਅ ’ਤੇ ਲੱਗੀ ਹੋਈ ਹੈ ਤਾਂ ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੂਬੇ ਵਿੱਚ ਕਿਸੇ ਕਿਸਮ ਦੀਆਂ ਰੈਲੀਆਂ ਜਾਂ ਧਰਨੇ ਲਾਉਣ ਦੀ ਇਜ਼ਾਜਤ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਹਾਲਤ ਦਿੱਲੀ, ਮਹਾਰਾਸ਼ਟਰ ਅਤੇ ਯੂਪੀ ਵਰਗੇ ਸੂਬਿਆਂ ਤੋਂ ਕਿਤੇ ਚੰਗੀ ਹੈ। ਉਨ੍ਹਾਂ ਕਿਹਾ ਕਿ ਯੂਪੀ ’ਚ ਗੰਗਾ ਨਦੀ ਵਿੱਚ ਤੈਰਦੀਆਂ ਲਾਸ਼ਾਂ ਨੇ ਭਾਜਪਾ ਦੀ ਸੱਤਾ ਵਾਲੇ ਸੂਬੇ ਦੀ ਮਹਾਂਮਾਰੀ ਨਾਲ ਨਜਿੱਠਣ ਵਿਚ ਮਾੜੇ ਪ੍ਰਬੰਧਾਂ ਦਾ ਪਰਦਾਫਾਸ਼ ਕਰ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਕਾਨੂੰਨਾਂ ਦੇ ਵਿਰੋਧ ’ਚ ਵਿਧਾਨ ਸਭਾ ’ਚ ਸੋਧ ਕਾਨੂੰਨ ਪਾਸ ਕੀਤੇ ਸਨ। ਉਨ੍ਹਾਂ ਕਿਹਾ,“ਹੁਣ ਸਮਾਂ ਆ ਗਿਆ ਹੈ ਕਿ ਕਿਸਾਨ ਬਦਲੇ ’ਚ ਮਹਾਂਮਾਰੀ ਵਿਰੁੱਧ ਜੰਗ ’ਚ ਸੂਬਾ ਸਰਕਾਰ ਨਾਲ ਸਹਿਯੋਗ ਕਰਨ।” ਉਨ੍ਹਾਂ ਕਿਹਾ ਕਿ ਜਿਵੇਂ ਕਿਸਾਨਾਂ ਦੇ ਹਿੱਤ ਪੰਜਾਬ ਨਾਲ ਜੁੜੇ ਹੋਏ ਹਨ, ਉਸੇ ਤਰ੍ਹਾਂ ਪੰਜਾਬ ਦੇ ਹਿੱਤ ਵੀ ਕੋਰੋਨਾ ਖ਼ਿਲਾਫ਼ ਜੰਗ ਵਿੱਚ ਉਨ੍ਹਾਂ ਦੀ ਸਰਕਾਰ ਨੂੰ ਕਿਸਾਨਾਂ ਦੇ ਸਹਿਯੋਗ ਕਰਨ ’ਤੇ ਨਿਰਭਰ ਹਨ।

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਕੋਰੋਨਾ ਮਹਾਂਮਾਰੀ ਨਾਲ ਡਟ ਕੇ ਨਜਿੱਠਣ ਵਾਲਿਆਂ ਸੂਬਿਆਂ ’ਚ ਵਿੱਚ ਪੰਜਾਬ ਦੀ ਵੀ ਬਿਹਤਰ ਕਾਰਗੁਜ਼ਾਰੀ ਰਹੀ ਹੈ। ਉਨ੍ਹਾਂ ਕਿਹਾ ਕਿ ਆਕਸਜੀਨ ਦੀ ਘਾਟ ਦੇ ਬਾਵਜੂਦ ਹਸਪਤਾਲਾਂ ਵਿਚ ਆਕਸੀਜਨ ਦੀ ਵੱਡੀ ਪੱਧਰ ’ਤੇ ਕੋਈ ਕਮੀ ਨਹੀਂ ਆਉਣ ਦਿੱਤੀ ਗਈ। ਕੋਰੋਨਾ ਦੇ ਕੇਸ ਵਧਣ ਕਰਕੇ ਦਵਾਈਆਂ, ਬੈੱਡ ਆਦਿ ਨੂੰ ਉਸੇ ਗਤੀ ਵਿੱਚ ਵਧਾਇਆ ਜਾਂਦਾ ਰਿਹਾ ਹੈ। ਜਦੋਂਕਿ ਦਿੱਲੀ, ਮਹਾਂਰਾਸ਼ਟਰ ਅਤੇ ਉੱਤਰ ਪ੍ਰਦੇਸ਼ ’ਚ ਹਾਲਾਤ ਅਜੇ ਵੀ ਬਹੁਤ ਮਾੜੇ ਹਨ।

LEAVE A REPLY

Please enter your comment!
Please enter your name here