ਚੰਡੀਗੜ੍ਹ:ਪੰਜਾਬ ਰਾਜ ਨੇ ਅੱਜ ਕੋਵਿਡ ਸਬੰਧੀ ਟੀਕਾਕਰਨ ਵਿੱਚ 2 ਕਰੋੜ ਖੁਰਾਕਾਂ ਲਗਾਉਣ ਦਾ ਟੀਚਾ ਹਾਸਲ ਕਰ ਲਿਆ ਹੈ। ਉਕਤ ਜਾਣਕਾਰੀ ਪੰਜਾਬ ਰਾਜ ਦੇ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵੱਲੋਂ ਦਿੱਤੀ ਗਈ। ਸ੍ਰੀ ਸੋਨੀ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 1.48 ਕਰੋੜ ਲੋਕਾਂ ਨੂੰ ਕੋਵਿਡ ਸਬੰਧੀ ਟੀਕਾਕਰਨ ਦੀ ਪਹਿਲੀ ਖੁਰਾਕ ਲਗਾਈ ਗਈ ਹੈ ਜਦਕਿ 52 ਲੱਖ ਲੋਕਾਂ ਨੂੰ ਦੋਵੇਂ ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ।ਉਹਨਾਂ ਦੱਸਿਆ ਕਿ ਅੱਜ ਦੇ ਦਿਨ ਸੂਬੇ ਭਰ ਵਿੱਚ 2.16 ਲੱਖ ਲੋਕਾਂ ਦਾ ਟੀਕਾਕਰਨ ਕੀਤਾ ਗਿਆ ਹੈ। ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਦੇ ਟੀਕਾਕਰਨ ਵਿੱਚ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਹੁਸ਼ਿਆਰਪੁਰ, ਪਟਿਆਲਾ ਸਿਖਰਲੇ ਪੰਜ ਜਿਲ੍ਹੇ ਹਨ।
ਉਪ ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਕੋਵਾਸ਼ੀਲਡ ਦੀਆਂ 1.77 ਕਰੋੜ ਖੁਰਾਕਾਂ ਅਤੇ ਕੋਵੈਕਸੀਨ ਦੀਆਂ 23 ਲੱਖ ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ।ਉਹਨਾਂ ਇਹ ਵੀ ਦੱਸਿਆ ਕਿ 18-44 ਉਮਰ ਵਰਗ ਵਿੱਚ 1.07 ਕਰੋੜ ਲੋਕਾਂ ਨੂੰ ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ ਹੈ ਜਦਕਿ 45-60 ਸਾਲ ਉਮਰ ਵਰਗ ਵਿੱਚ 55 ਲੱਖ ਅਤੇ 60 ਸਾਲ ਤੋਂ ਉਪਰਲੇ ਉਮਰ ਵਰਗ ਦੇ 38 ਲੱਖ ਲੋਕਾਂ ਨੂੰ ਕੋਵਿਡ ਟੀਕਾਕਰਨ ਦੀਆਂ ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ।ਸ੍ਰੀ ਸੋਨੀ ਨੇ ਇਸ ਟੀਚੇ ਨੂੰ ਹਾਸਲ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਫ਼ੀਲਡ ਵਰਕਰਾਂ ਦੀ ਭਰਪੂਰ ਸ਼ਲਾਘਾ ਕੀਤੀ।