ਚੰਡੀਗੜ੍ਹ : ਭਾਰਤ ਦੇ ਮਹਾਨ ਦੌੜਾਕ ਮਿਲਖਾ ਸਿੰਘ ਨੂੰ ਬੀਤੇ ਦਿਨ ਸਥਿਰ ਹਾਲਤ ‘ਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਦੱਸ ਦਈਏ ਕਿ ਉਹ ਮੋਹਾਲੀ ਦੇ ਫੇਜ਼-8 ‘ਚ ਸਥਿਤ ਫੋਰਟਿਸ ਹਸਪਤਾਲ ਵਿਖੇ ਇਲਾਜ਼ ਕਰਵਾ ਰਹੇ ਸਨ। ਹਸਪਤਾਲ ਦੇ ਬੁਲਾਰੇ ਅਨੁਸਾਰ ਮਿਲਖਾ ਸਿੰਘ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਹਿਣ ‘ਤੇ ਛੁੱਟੀ ਦਿੱਤੀ ਗਈ ਹੈ। ਉਨ੍ਹਾਂ ਦੀ ਹਾਲਤ ਸਥਿਰ ਹੈ।
ਜਦੋਂ ਕਿ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਨੂੰ ਬੀਤੇ ਦਿਨੀਂ ਫੋਰਟਿਸ ਹਸਪਤਾਲ ਵਿਖੇ ਆਈ. ਸੀ. ਯੂ. ‘ਚ ਸ਼ਿਫਟ ਕੀਤਾ ਗਿਆ ਸੀ ਕਿਉਂਕਿ ਉਨ੍ਹਾਂ ਨੂੰ ਆਕਸੀਜਨ ਦੀ ਲੋੜ ਸੀ। ਹੁਣ ਉਨ੍ਹਾਂ ਦੀ ਪਤਨੀ ਦੀ ਹਾਲਤ ਵੀ ਸਥਿਰ ਹੈ ਅਤੇ ਹਸਪਤਾਲ ਦੀ ਟੀਮ ਵੱਲੋਂ ਉਨ੍ਹਾਂ ਦੀ ਸਿਹਤ ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮਿਲਖਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਇਲਾਜ ਲਈ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।