ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 100% ਕੋਵਿਡ ਟੀਕਾਕਰਨ ਕਰਨ ਵਾਲੇ ਪਿੰਡਾਂ ਲਈ 10 ਲੱਖ ਦੀ ਵਿਸ਼ੇਸ਼ ਗ੍ਰਾਂਟ

0
47

ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਪਿੰਡਾਂ ਵਿੱਚ ਟੀਕਾਕਰਨ ਨੂੰ ਉਤਸ਼ਾਹਿਤ ਕਰਨ ਲਈ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਦੇ ‘ਕਰੋਨਾ ਮੁਕਤ ਪਿੰਡ ਅਭਿਆਨ’ ਤਹਿਤ 100 ਫ਼ੀਸਦੀ ਟੀਕਾਕਰਨ ਦਾ ਟੀਚਾ ਪੂਰਾ ਕਰਨ ਵਾਲੇ ਹਰੇਕ ਪਿੰਡ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇਗੀ ਤਾਂ ਜੋ ਕੋਰੋਨਾ ਨਾਲ ਸੂਬੇ ਵਿੱਚ ਵਿਗੜ ਰਹੇ ਹਾਲਤਾਂ ‘ਤੇ ਕਾਬੂ ਪਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਸਰਪੰਚਾਂ ਅਤੇ ਪੰਚਾਂ ਵੱਲੋਂ ਲੋਕਾਂ ਨੂੰ ਹਲਕੇ ਲੱਛਣ ਨਜ਼ਰ ਆਉਣ ਉੱਤੇ ਵੀ ਆਪਣੀ ਕੋਵਿਡ- 19 ਸਬੰਧੀ ਜਾਂਚ ਅਤੇ ਟੀਕਾਕਰਨ ਕਰਵਾਉਣ ਹਿੱਤ ਪ੍ਰੇਰਿਤ ਕੀਤਾ ਜਾਵੇ। ਮੁੱਖ ਮੰਤਰੀ 4000 ਲਾਈਵ ਲੋਕੇਸ਼ਨਾਂ ’ਤੇ ਵੱਖੋ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ 2000 ਮੁਖੀਆਂ/ਮੈਂਬਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸਰਪੰਚਾਂ ਨੂੰ ਕੋਵਿਡ- 19 ਦੇ ਐਮਰਜੈਂਸੀ ਇਲਾਜ ਲਈ ਪੰਚਾਇਤ ਫੰਡਾਂ ਵਿੱਚੋਂ ਪ੍ਰਤੀ ਦਿਨ 5000 ਰੁਪਏ ਦੀ ਹੱਦ ਤੱਕ ਖ਼ਰਚਾ ਕਰਨ ਦੀ ਮਨਜ਼ੂਰੀ ਦਿੱਤੀ ਹੈ ਅਤੇ ਇਹ ਹੱਦ 50,000 ਰੁਪਏ ਤੱਕ ਮਿੱਥੀ ਗਈ ਹੈ। ਮੁੱਖ ਮੰਤਰੀ ਨੇ ਸਰਪੰਚਾਂ ਅਤੇ ਪੰਚਾਂ ਨੂੰ ਆਪੋ-ਆਪਣੇ ਪਿੰਡਾਂ ਵਿੱਚ ਕਰੋਨਾ ਗ੍ਰਸਤ ਵਿਅਕਤੀਆਂ ਦਾ ਦਾਖ਼ਲਾ ਰੋਕਣ ਲਈ ਠੀਕਰੀ ਪਹਿਰੇ ਸ਼ੁਰੂ ਕਰਨ ਲਈ ਕਿਹਾ।ਅਜਿਹਾ ਕਰਨ ਨਾਲ ਪਿੰਡਾਂ ਵਿੱਚ ਹੋਰ ਕੋਰੋਨਾ ਮਰੀਜ਼ ਦਾਖ਼ਲ ਨਹੀਂ ਹੋ ਸਕਣਗੇ।ਇਸ ਤਰ੍ਹਾਂ ਹਰੇਕ ਪਿੰਡ ਕੋਵਿਡ ਟੀਕਾਕਰਨ ਰਾਹੀਂ ਆਪਣੇ ਆਪ ਨੂੰ ਇਸ ਭਿਆਨਕ ਬਿਮਾਰੀ ਤੋਂ ਮੁਕਤ ਕਰਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 18 ਸਾਲ ਤੋਂ ਵੱਧ ਉਮਰ ਦੇ ਵਰਗ ਦੇ ਟੀਕਾਕਰਨ ਲਈ ਟੀਕਿਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਹਾਂਮਾਰੀ ਵਿਰੁੱਧ ਰਲ ਕੇ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਰੋਜ਼ਾਨਾ ਕੇਸਾਂ ਦੀ ਗਿਣਤੀ 17 ਮਈ ਨੂੰ 9000 ਤੋਂ ਘਟ ਕੇ 6947 ਹੋ ਗਈ ਸੀ ਪਰ ਹਾਲਾਤ ਅਜੇ ਵੀ ਨਾਜ਼ੁਕ ਹਨ ਅਤੇ ਕਈ ਲੋਕ ਅਜੇ ਵੀ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ ਕਿਉਂਕਿ ਉਹ ਇਲਾਜ ਕਰਵਾਉਣ ਵਿੱਚ ਕਾਫ਼ੀ ਦੇਰੀ ਕਰ ਦਿੰਦੇ ਹਨ। ਉਨ੍ਹਾਂ ਕਿਹਾ,‘ਜੇਕਰ ਇਨ੍ਹਾਂ ਲੋਕਾਂ ਨੇ ਮੁੱਢਲੇ ਪੜਾਅ ’ਤੇ ਹੀ ਡਾਕਟਰੀ ਸਹਾਇਤਾ ਲਈ ਹੁੰਦੀ ਤਾਂ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਸਨ।’

ਮੁੱਖ ਮੰਤਰੀ ਨੇ ਪਿੰਡਾਂ ਦੇ ਵਸਨੀਕਾਂ ਨੂੰ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਉੱਤੇ ਜਾਰੀ ਸਿਹਤ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਅਤੇ ਦੱਸਿਆ ਕਿ ਸਰਕਾਰ ਵੱਲੋਂ ਲੋਕਾਂ ਦੀ ਸਹਾਇਤਾ ਲਈ ‘104’ ਹੈਲਪਲਾਈਨ 24 ਘੰਟੇ ਚਾਲੂ ਹੈ ਅਤੇ ਘਰੇਲੂ ਇਕਾਂਤਵਾਸ ਵਿੱਚ ਰਹਿ ਰਹੇ ਮਰੀਜ਼ਾਂ ਨੂੰ ਸਿਹਤ ਟੀਮਾਂ ਵੱਲੋਂ ਰੋਜ਼ਾਨਾ ਫੋਨ ਕਰ ਕੇ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਵੱਲੋਂ ਭੋਜਨ ਹੈਲਪਲਾਈਨ ‘112’ ਰਾਹੀਂ ਕੋਵਿਡ- 19 ਦੇ ਮਰੀਜ਼ਾਂ ਨੂੰ 24 ਘੰਟੇ ਭੋਜਨ ਮੁਹੱਈਆ ਕਰਵਾਉਣ ਦਾ ਅਮਲ ਜਾਰੀ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਿਹਤ ਵਿਭਾਗ ਰੈਪਿਡ ਐਂਟੀਜਨ ਟੈਸਟ (ਆਰਏਟੀ) ਲਈ 12 ਲੱਖ ਕਿੱਟਾਂ ਦਾ ਆਰਡਰ ਦੇ ਚੁੱਕਾ ਹੈ ਤਾਂ ਕਿ ਸ਼ੁਰੂ ਵਿੱਚ ਹੀ ਕੋਵਿਡ- 19 ਕੇਸਾਂ ਦਾ ਪਤਾ ਲਾਇਆ ਜਾ ਸਕੇ। ਇਸ ਤੋਂ ਪਹਿਲਾਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਮਾਨਕ ਖਾਨਾ ਦੀ ਸਰਪੰਚ ਸੈਸਨਦੀਪ ਕੌਰ, ਹੁਸ਼ਿਆਰਪੁਰ ਦੇ ਪਿੰਡ ਸਾਰੰਗਵਾਲ ਦੀ ਸਰਪੰਚ ਸੁਰਜੀਤ ਕੌਰ, ਮੋਗਾ ਦੇ ਸਾਫੂਵਾਲਾ ਦੇ ਸਰਪੰਚ ਲਖਵੰਤ ਸਿੰਘ, ਪਟਿਆਲਾ ਦੇ ਪਿੰਡ ਖਨੌਰਾ ਦੀ ਸਰਪੰਚ ਗੁਰਦੀਪ ਕੌਰ ਅਤੇ ਅੰਮ੍ਰਿਤਸਰ ਦੇ ਪਿੰਡ ਮਹਿਤਾ ਦੇ ਸਰਪੰਚ ਕਸ਼ਮੀਰ ਸਿੰਘ ਨੇ ਪਿੰਡਾਂ ਵਿੱਚ ਸਿਹਤ ਸੰਭਾਲ ਦੇ ਮੌਜੂਦਾ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸੁਝਾਅ ਦਿੱਤੇ।ਇਸਦੇ ਨਾਲ ਹੀ ਪੰਜਾਬ ਦੇ ਹਰੇਕ ਪਿੰਡ ਦੇ ਸਰਪੰਚ ਨੂੰ ਆਪਣੇ ਪਿੰਡ ਵਾਸੀਆਂ ਨੂੰ ਕੋਵਿਡ-19 ਸੰਬੰਧੀ ਹਰ ਸੰਭਵ ਤਰੀਕੇ ਨਾਲ ਜਾਂਚ ਕਰਵਾਉਣ ਲਈ ਪ੍ਰੇਰਿਤ ਕਰਨ ਅਤੇ ਨਾਲ ਹੀ ਇਸ ਮਹਾਂਮਾਰੀ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਕਿਹਾ ਗਿਆ।

LEAVE A REPLY

Please enter your comment!
Please enter your name here