ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਆਪਣੇ ਅੰਦਰੂਨੀ ਮਤਭੇਦ ਛੱਡ ਕੇ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੀ ਹੈ। ਇਸੇ ਯਤਨ ਵਿੱਚ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੁਧਿਆਣੇ ਆ ਰਹੇ ਹਨ। ਉਨ੍ਹਾਂ ਦੇ ਨਾਲ ਸੂਬਾ ਇੰਚਾਰਜ ਹਰੀਸ਼ ਚੌਧਰੀ ਤੇ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਵੀ ਹੋਣਗੇ।
ਇਸ ਦੌਰਾਨ ਮੁੱਖ ਮੰਤਰੀ ਚੰਨੀ ਪਾਰਟੀ ਵਰਕਰਾਂ ਨੂੰ ਚੋਣਾਂ ਲਈ ਉਤਸ਼ਾਹਤ ਕਰਨਗੇ। ਉਹ ਉਨ੍ਹਾਂ ਨੂੰ ਚੋਣਾਂ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਗੇ। ਇਸ ਦੇ ਨਾਲ ਹੀ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤਕ ਪਹੁੰਚਾਉਣ ਨੂੰ ਲੈ ਕੇ ਗੱਲ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਚੰਨੀ ਵਰਕਰਾਂ ਦੇ ਨਾਲ ਸਿੱਧੀ ਗੱਲਬਾਤ ਕਰਨਗੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।
ਇਸ ਦੌਰ ਦੀ ਕਾਮਯਾਬੀ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਪੂਰੀ ਤਾਕਤ ਲਗਾ ਦਿੱਤੀ ਹੈ। ਮੁੱਖ ਮੰਤਰੀ ਚੰਨੀ ਦਾ ਅੱਜ ਲੁਧਿਆਣਾ ਦੇ ਗਿੱਲ ਰੋਡ ਸਥਿਤ ਦਾਣਾ ਮੰਡੀ ਵਿਚ ਵਰਕਰਾਂ ਨੂੰ ਮਿਲਣ ਦਾ ਪ੍ਰੋਗਰਾਮ ਹੈ। ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਚੰਨੀ, ਹਰੀਸ਼ ਚੌਧਰੀ ਤੇ ਸਿੱਧੂ ਤੋਂ ਇਲਾਵਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਕਈ ਵਿਧਾਇਕ ਹਾਜ਼ਰ ਹੋਣਗੇ।









