ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜੱਥਾ ਇਸ ਵਾਰ ਪਾਕਿਸਤਾਨ ਨਹੀਂ ਜਾ ਸਕੇਗਾ।ਪਾਕਿਸਤਾਨ ਸਰਕਾਰ ਵੱਲੋਂ ਇਸ ਵਾਰ ਇਸ ਯਾਤਰਾ ਦੀ ਮਨਜ਼ੂਰੀ ਨਹੀਂ ਦਿੱਤੀ ਗਈ।
ਦਰਅਸਲ ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਕਾਰਨ ਜੱਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨਾਲ ਟੈਲੀਫੋਨ ’ਤੇ ਗੱਲਬਾਤ ਹੋਈ ਹੈ, ਜਿਸ ਅਨੁਸਾਰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਕਾਰਨ ਮਨਜ਼ੂਰੀ ਨਹੀਂ ਦਿੱਤੀ ਗਈ ਹੈ।
ਇਸ ਸੰਬੰਧੀ ਉਨ੍ਹਾਂ ਦੱਸਿਆ ਕਿ ਇਹ ਜਥਾ 21 ਜੂਨ ਨੂੰ ਪਾਕਿਸਤਾਨ ਜਾਣਾ ਸੀ, ਜਿਸ ਨੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਉਪਰੰਤ 30 ਜੂਨ ਨੂੰ ਵਾਪਿਸ ਭਾਰਤ ਪਰਤਣਾ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਪਾਸ ਜਮ੍ਹਾਂ ਕਰਵਾਏ ਸਨ, ਉਹ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਤੋਂ ਵਾਪਿਸ ਲੈ ਸਕਦੇ ਹਨ।