ਸ਼੍ਰੋਮਣੀ ਅਕਾਲੀ ਦਲ ਦਾ ਉੱਚ ਪੱਧਰੀ ਵਫ਼ਦ ਅੱਜ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵੱਲੋਂ ਲਖੀਮਪੁਰ ਖੀਰੀ ਪਹੁੰਚ ਕੇ ਉਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਜਾਵੇਗੀ, ਜੋ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਸਨ। ਪ੍ਰਦਰਸ਼ਨ ਦੌਰਾਨ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਵੱਲੋਂ ਉਨ੍ਹਾਂ ਨੂੰ ਗੱਡੀ ਥੱਲੇ ਕੁਚਲ ਕੇ ਮਾਰ ਦਿੱਤਾ ਗਿਆ ਸੀ। ਮੀਡੀਆ ਕਰਮੀਆਂ ਨੂੰ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਇਹ ਵਫਦ ਉੱਤਰ ਪ੍ਰਦੇਸ਼ ਸਰਕਾਰ ਦੇ ਪ੍ਰਤੀਨਿਧਾਂ ਨਾਲ ਵੀ ਮੁਲਾਕਾਤ ਵੀ ਕਰੇਗਾ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਪ੍ਰਤੀਨਿਧਾਂ ਨੂੰ ਇਸ ਅਣਮਨੁੱਖੀ ਕਾਰੇ ਲਈ ਜ਼ਿੰਮੇਵਾਰੀ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਨੂੰ ਸਜ਼ਾ ਦੇਣ ਲਈ ਆਖਣਗੇ। ਉਨ੍ਹਾਂ ਨੇ ਕਿਹਾ ਕਿ ਜੋ ਇਸ ਕਤਲੇਆਮ ਲਈ ਜ਼ਿੰਮੇਵਾਰ ਹਨ, ਉਨ੍ਹਾਂ ਨੂੰ ਤੁਰੰਤ ਸਲਾਖਾਂ ਪਿੱਛੇ ਸੁੱਟਿਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜ ਮੈਂਬਰੀ ਵਫਦ ਜੋ ਲਖੀਮਪੁਰ ਖੀਰੀ ਲਈ ਰਵਾਨਾ ਹੋ ਰਿਹਾ ਹੈ, ਉਸ ਵਿਚ ਹਰਸਿਮਰਤ ਕੌਰ ਬਾਦਲ, ਬਲਵਿੰਦਰ ਸਿੰਘ ਭੁੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ ਅਤੇ ਬਿਕਰਮ ਸਿੰਘ ਮਜੀਠੀਆ ਸ਼ਾਮਲ ਹਨ।