ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

0
36

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਤੋਂ ਜਾਣੂ ਕਰਵਾਇਆ।

ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਉਹ ਜਰਨੈਲ ਸਿੰਘ ਸਨ, ਜਿਨ੍ਹਾਂ ਨੇ ਸਿੱਖ ਰਾਜ ਦੀ ਸਥਾਪਨਾ ਕੀਤੀ ਅਤੇ ਪਹਿਲੇ ਬਾਦਸ਼ਾਹ ਹੋਣ ਦਾ ਮਾਣ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਲ ਉਨ੍ਹਾਂ ਦੇ 3 ਸਾਲ ਦੇ ਪੁੱਤਰ ਸਮੇਤ 700 ਸਾਥੀ ਸਿੰਘਾਂ ਨੂੰ ਸ਼ਹੀਦ ਕੀਤਾ ਗਿਆ। ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਕੌਮ ਦੇ ਇਸ ਮਹਾਨ ਜਰਨੈਲ ਦੇ ਜੀਵਨ ਤੋਂ ਸੇਧ ਪ੍ਰਾਪਤ ਕਰਦਿਆਂ ਕੌਮ ਦੀ ਚੜ੍ਹਦੀ ਕਲਾ ਲਈ ਤਤਪਰ ਰਹਿਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਕੁਲਦੀਪ ਸਿੰਘ ਤੇੜਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸਤਨਾਮ ਸਿੰਘ ਮਾਂਗਾ ਸਰਾਏ, ਸ. ਬਘੇਲ ਸਿੰਘ, ਸ. ਨਿਸ਼ਾਨ ਸਿੰਘ, ਸ. ਜਗਤਾਰ ਸਿੰਘ, ਸ. ਜਸਪਾਲ ਸਿੰਘ ਢੱਡੇ, ਸ. ਨਿਸ਼ਾਨ ਸਿੰਘ, ਸ. ਗੁਰਜੀਤ ਸਿੰਘ ਤਰਨ ਤਾਰਨ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here