ਚੰਡੀਗੜ੍ਹ : ਪੰਜਾਬ ਕਾਂਗਰਸ ’ਚ ਚੱਲ ਰਹੇ ਵਿਵਾਦ ਸਬੰਧੀ ਕਾਂਗਰਸ ਹਾਈਕਮਾਨ ਨੇ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਦਿੱਲੀ ਤਲਬ ਕੀਤਾ ਹੈ। 20 ਜੂਨ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੈਪਟਨ ਅਤੇ ਸਿੱਧੂ ਸਹਿਤ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ’ਚ ਮੱਲਿਕਾਰਜੁਨ ਕਮੇਟੀ ਦੀਆਂ ਸਿਫਾਰਿਸ਼ਾਂ ਅਤੇ ਸੁਝਾਵਾਂ ’ਤੇ ਸੀਨੀਅਰ ਆਗੂਆਂ ਨਾਲ ਮੰਥਨ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਕੈਪਟਨ ਅਤੇ ਸਿੱਧੂ ਵਿਚਕਾਰ ਚੱਲ ਰਹੇ ਸ਼ੀਤਯੁੱਧ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਵੀ ਮੱਲਿਕਾਰਜੁਨ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਸੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਬੁਲਾਈ ਗਈ ਇਹ ਬੈਠਕ ਰਾਹੁਲ ਗਾਂਧੀ ਦੀ ਬੈਠਕ ਦਾ ਅਗਲਾ ਪੜਾਅ ਹੈ। ਰਾਹੁਲ ਗਾਂਧੀ ਨੇ ਕਮੇਟੀ ਦੇ ਮੈਂਬਰਾਂ ਨਾਲ ਗੱਲਬਾਤ ਕਰ ਕੇ ਕਾਂਗਰਸ ਪ੍ਰਧਾਨ ਨੂੰ ਪੂਰੇ ਮਾਮਲੇ ਤੋਂ ਜਾਣੂੰ ਕਰਵਾ ਦਿੱਤਾ ਹੈ ਅਤੇ ਹੁਣ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਇਸ ’ਤੇ ਫ਼ੈਸਲਾ ਸੁਣਾਉਣਾ ਹੈ।